ਜਸਟਿਨ ਟਰੂਡੋ ਦੀ ਜਿੱਤ ‘ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਅੰਮ੍ਰਿਤਸਰ : ਅਕਾਲੀ ਦਲ (ਟਕਸਾਲੀ) ਨੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਾਉਣ ਦੀ ਮੰਗ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸੋਮਵਾਰ ਨੂੰ ਅੰਮ੍ਰਿਤਸਰ ਵਿਚ ਜਥੇਬੰਦੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ। ਇਸ ਤੋਂ ਪਹਿਲਾਂ ਬ੍ਰਹਮਪੁਰਾ ਨੇ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਨਾਲ ਆਪਣੇ ਘਰ ਵਿਚ ਮੀਟਿੰਗ ਕੀਤੀ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਬ੍ਰਹਮਪੁਰਾ ਨੇ ਦੱਸਿਆ ਕਿ ਜਥੇਬੰਦੀ ਨੂੰ ਹੇਠਲੇ ਪੱਧਰ ਤਕ ਸਰਗਰਮ ਕਰਨ ਲਈ ਵਿਚਾਰ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਨੂੰ ਜਾਣ-ਬੁੱਝ ਕੇ ਲਟਕਾਇਆ ਜਾ ਰਿਹਾ ਹੈ ਜਦੋਂਕਿ ਪੰਚਾਇਤ ਤੇ ਹੋਰ ਸੰਸਥਾਵਾਂ ਦੀਆਂ ਚੋਣਾਂ ਨਿਰਧਾਰਤ ਸਮੇਂ ਮਗਰੋਂ ਕਰਵਾ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਲੰਬਿਤ ਹੋਈਆਂ ਚੋਣਾਂ ਕਰਵਾਉਣ ਵਾਸਤੇ ਜਥੇਬੰਦੀ ਦਾ ਵਫ਼ਦ ਜਲਦੀ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਕੇਂਦਰ ਵਿਚ ਆਈਆਂ ਸਰਕਾਰਾਂ ਨੇ ਹਮੇਸ਼ਾ ਸਿੱਖਾਂ ਨਾਲ ਵਿਤਕਰਾ ਕੀਤਾ ਹੈ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲਟਕਾਉਣਾ ਵੀ ਇਸੇ ਵਿਤਕਰੇ ਦਾ ਹਿੱਸਾ ਹੈ। 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ‘ਤੇ ਇਕ ਮੰਚ ਤੋਂ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਆਦੇਸ਼ ਨੂੰ ਜਾਇਜ਼ ਕਰਾਰ ਦਿੰਦਿਆਂ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੋਵਾਂ ਨੂੰ ਆਪਣੀ ਹਉਮੈ ਨੂੰ ਤਿਆਗ ਕੇ ਇਹ ਦਿਹਾੜਾ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮੌਕੇ ਕੋਈ ਵੱਖਰਾ ਮੰਚ ਲਾਉਣ ‘ਤੇ ਰੋਕ ਨਹੀਂ ਲਾਈ ਗਈ ਪਰ ਉਨ੍ਹਾਂ ਦੀ ਜਥੇਬੰਦੀ ਕੋਈ ਵੱਖਰਾ ਮੰਚ ਨਹੀਂ ਲਾਵੇਗੀ। ਬ੍ਰਹਮਪੁਰਾ ਨੇ ਆਖਿਆ ਕਿ ਜਥੇਬੰਦੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹਰ ਜ਼ਿਲ੍ਹੇ ਵਿਚ ਅਖੰਡ ਪਾਠ ਕਰਵਾਏ ਜਾਣਗੇ ਅਤੇ ਭੋਗ ਪਾਏ ਜਾਣਗੇ। ਕੈਨੇਡਾ ਵਿਚ ਟਰੂਡੋ ਸਰਕਾਰ ਸਥਾਪਤ ਹੋਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਿੱਖ ਆਗੂਆਂ ਨੇ ਆਖਿਆ ਕਿ ਇਸ ਨਾਲ ਪੰਜਾਬੀਆਂ ਦੀ ਅਹਿਮੀਅਤ ਮੁੜ ਵਧੇਗੀ।
ਜਗਮੀਤ ਸਿੰਘ ਦੀ ਜਿੱਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਨਾਲ ਸਿੱਖ ਪਛਾਣ ਨੂੰ ਹੋਰ ਅਹਿਮੀਅਤ ਮਿਲੇਗੀ। ਇਸ ਮੌਕੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਐੱਮਪੀ ਡਾ.ਰਤਨ ਸਿੰਘ ਅਜਨਾਲਾ, ਬੀਰਦਵਿੰਦਰ ਸਿੰਘ, ਉਜਾਗਰ ਸਿੰਘ, ਰਵਿੰਦਰ ਸਿੰਘ ਬ੍ਰਹਮਪੁਰਾ, ਮਨਮੋਹਨ ਸਿੰਘ ਸਠਿਆਲਾ ਹਾਜ਼ਰ ਸਨ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …