Breaking News
Home / ਪੰਜਾਬ / ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਮੁਹਾਲੀ ਹਵਾਈ ਅੱਡੇ ਦਾ ਨਾਮ ਰੱਖਿਆ ਜਾਵੇ

ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਮੁਹਾਲੀ ਹਵਾਈ ਅੱਡੇ ਦਾ ਨਾਮ ਰੱਖਿਆ ਜਾਵੇ

ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ (ਚੈਰੀਟੇਬਲ ਟਰੱਸਟ ਚੰਡੀਗੜ੍ਹ) ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਗੁਰੂ ਨਾਨਕ ਦੇਵ ਦੇ ਨਾਂ ‘ਤੇ ਰੱਖਣ ਦੀ ਮੰਗ ਉੱਠ ਰਹੀ ਹੈ। ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ (ਚੈਰੀਟੇਬਲ ਟਰੱਸਟ ਚੰਡੀਗੜ੍ਹ) ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਦੇ ਕੇ ਇਸ ਹਵਾਈ ਅੱਡੇ ਦਾ ਨਾਮ ‘ਗੁਰੂ ਨਾਨਕ ਦੇਵ ਜੀ ਇੰਟਰਨੈਸ਼ਨਲ ਏਅਰਪੋਰਟ’ ਰੱਖਣ ਦੀ ਮੰਗ ਕੀਤੀ ਹੈ। ਇਸ ਸੁਸਾਇਟੀ ਵੱਲੋਂ ਚੰਡੀਗੜ੍ਹ ਵਿਚ ਪਿਛਲੇ ਪੌਣੇ ਦੋ ਸਾਲਾਂ ਤੋਂ ਬਾਬੇ ਨਾਨਕ ਦੇ ਨਾਮ ‘ਤੇ ‘ਅੱਖਾਂ ਦਾ ਲੰਗਰ’ ਲਾਇਆ ਜਾ ਰਿਹਾ ਹੈ। ਇਸ ਤਹਿਤ ਹੁਣ ਤੱਕ ਦੇਸ਼ ਭਰ ਦੇ 2.25 ਲੱਖ ਤੋਂ ਵੱਧ ਲੋਕਾਂ ਦੀਆਂ ਅੱਖਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਇਹ ਸਿਲਸਿਲਾ ਜਾਰੀ ਹੈ। ਸੰਸਥਾ ਦੇ ਜਨਰਲ ਸਕੱਤਰ ਹਰਜੀਤ ਸਿੰਘ ਸਭਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਦੇ ਕੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੌਮਾਂਤਰੀ ਹਵਾਈ ਅੱਡਾ ਮੁਹਾਲੀ ਦਾ ਨਾਮ ਉਨ੍ਹਾਂ ਦੇ ਨਾਂ ‘ਤੇ ਰੱਖਿਆ ਜਾਵੇ। ਉਨ੍ਹਾਂ ਪੱਤਰ ਵਿਚ ਕਿਹਾ ਕਿ ਭਾਰਤ ਸਰਕਾਰ ਪਹਿਲਾਂ ਹੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਮਨਾ ਕੇ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਇਸ ਮੌਕੇ ਮੋਦੀ ਜੇ ਇਸ ਹਵਾਈ ਅੱਡੇ ਦਾ ਨਾਮ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਪਰ ਰੱਖਣ ਦਾ ਐਲਾਨ ਕਰਨਗੇ ਤਾਂ ਇਸ ਨਾਲ ਗੁਰੂ ਨਾਨਕ ਨਾਮਲੇਵਾ ਸੰਗਤ ਨੂੰ ਅਥਾਹ ਖੁਸ਼ੀ ਹੋਵੇਗੀ। ਸਭਰਵਾਲ ਨੇ ਮੋਦੀ ਕੋਲੋਂ ਇਹ ਮੰਗ ਵੀ ਕੀਤੀ ਕਿ ਮੁਹਾਲੀ ਵਿਚ ਕੌਮਾਂਤਰੀ ਹਵਾਈ ਅੱਡਾ ਬਣਾਉਣ ਲਈ ਸਰਕਾਰ ਨੇ ਸੈਂਕੜੇ ਕਰੋੜ ਰੁਪਏ ਖਰਚੇ ਹਨ ਪਰ ਇੱਥੋਂ ਮੁੱਖ ਦੇਸ਼ਾਂ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਨਾ ਕਰਨ ਕਰਕੇ ਇਸ ਖਿੱਤੇ ਦੇ ਲੋਕਾਂ ਲਈ ਇਹ ਹਵਾਈ ਅੱਡਾ ਚਿੱਟਾ ਹਾਥੀ ਹੀ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਆਦਿ ਰਾਜਾਂ ਦੇ ਲੱਖਾਂ ਲੋਕ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟਰੇਲੀਆ, ਨਿਊਜ਼ੀਲੈਂਡ ਵਿਚ ਰਹਿੰਦੇ ਹਨ ਤੇ ਉਨ੍ਹਾਂ ਦਾ ਇਨ੍ਹਾਂ ਦੇਸ਼ਾਂ ਵਿਚ ਨਿਰੰਤਰ ਜਾਣਾ- ਆਉਣਾ ਲੱਗਾ ਰਹਿੰਦਾ ਹੈ।
ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਇਨ੍ਹਾਂ ਦੇਸ਼ਾਂ ਲਈ ਉਡਾਣਾਂ ਸ਼ੁਰੂ ਨਾ ਹੋਣ ਕਾਰਨ ਇਸ ਖਿੱਤੇ ਦੇ ਲੋਕਾਂ ਨੂੰ ਸੈਂਕੜੇ ਕਿਲੋਮੀਟਰ ਦੇ ਸਫ਼ਰ ਤੈਅ ਕਰ ਕੇ ਦਿੱਲੀ ਹਵਾਈ ਅੱਡੇ ‘ਤੇ ਜਾਣਾ ਪੈਂਦਾ ਹੈ। ਇਸ ਨਾਲ ਜਿੱਥੇ ਸਮੇਂ ਦੀ ਬਰਬਾਦੀ ਹੁੰਦੀ ਹੈ, ਉਥੇ ਹੀ ਵਿੱਤੀ ਤੌਰ ‘ਤੇ ਵੀ ਮੋਟਾ ਚੂਨਾ ਲੱਗਦਾ ਹੈ। ਉਨ੍ਹਾਂ ਇੱਥੋਂ ਅਹਿਮ ਦੇਸ਼ਾਂ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਇਹ ਆਮ ਚਰਚਾ ਹੈ ਕਿ ਕੁਝ ਵਿਸ਼ੇਸ਼ ਤਾਕਤਾਂ ਮੁਹਾਲੀ ਤੋਂ ਮੁੱਖ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਵਿਚ ਕਿਸੇ ਨਾ ਕਿਸੇ ਢੰਗ ਨਾਲ ਅੜਿੱਕਾ ਬਣ ਰਹੀਆਂ ਹਨ ਕਿਉਂਕਿ ਇਸ ਨਾਲ ਦਿੱਲੀ ਹਵਾਈ ਅੱਡੇ ਦੇ ਵਪਾਰ, ਟਰਾਂਸਪੋਰਟ ਅਤੇ ਹਰਿਆਣਾ ਦੇ ਹੋਟਲਾਂ ਤੇ ਢਾਬਿਆਂ ਦੇ ਧੰਦੇ ਨੂੰ ਸੱਟ ਲੱਗ ਸਕਦੀ ਹੈ। ਸ੍ਰੀ ਸਭਰਵਾਲ ਨੇ ਦੱਸਿਆ ਕਿ ਉਹ ਅਗਲੇ ਦਿਨੀਂ ਹੋਰ ਅਹਿਮ ਸੰਸਥਾਵਾਂ ਦੇ ਪ੍ਰਤੀਨਿਧਾਂ ਦਾ ਇਕੱਠ ਕਰ ਕੇ ਇਸ ਹਵਾਈ ਅੱਡੇ ਦਾ ਨਾਮ ਬਾਬੇ ਨਾਨਕ ਦੇ ਨਾਮ ‘ਤੇ ਰੱਖਣ ਦੀ ਮੁਹਿੰਮ ਚਲਾਉਣਗੇ। ਕੁਝ ਹੋਰ ਸੰਸਥਾਵਾਂ ਨੇ ਵੀ ਇਸ ਹਵਾਈ ਅੱਡੇ ਦਾ ਨਾਮ ਬਾਬੇ ਨਾਨਕ ਦੇ ਨਾਂ ‘ਤੇ ਰੱਖਣ ਲਈ ਆਵਾਜ਼ ਉਠਾਈ ਹੈ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …