ਸ਼੍ਰੋਮਣੀ ਕਮੇਟੀ ਅਤੇ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਦੇ ਸਮਰਥਕਾਂ ਵਿਚਾਲੇ ਆਪਸੀ ਟਕਰਾਅ ਦੀ ਸੰਭਾਵਨਾ ਨੂੰ ਦੇਖਦਿਆਂ ਮੌਕੇ ‘ਤੇ ਤਾਇਨਾਤ ਪੁਲਿਸ ਨੇ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਤੇ ਉਸਦੇ ਸਮਰਥਕਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੀ ਰੋਕ ਲਿਆ। ਸ਼ਾਮ ਨੂੰ ਜਿਵੇਂ ਹੀ ਮੰਡ ਸਮੇਤ ਜਰਨੈਲ ਸਿੰਘ ਸਖੀਰਾ, ਭਾਈ ਮੋਹਕਮ ਸਿੰਘ, ਸਤਨਾਮ ਸਿੰਘ ਮਨਾਵਾਂ ਤੇ ਉਨ੍ਹਾਂ ਦੇ ਹੋਰ ਸਾਥੀ ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਕੋਲ ਪੁੱਜੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਘੇਰੇ ਵਿਚ ਲੈ ਲਿਆ। ਉਨ੍ਹਾਂ ਉਥੇ ਬੈਠ ਕੇ ਪਾਠ ਕੀਤਾ। ਇਸ ਮਗਰੋਂ ਧਿਆਨ ਸਿੰਘ ਮੰਡ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਗੁਰਬਾਣੀ ਦੇ ਪ੍ਰਕਾਸ਼ ਨੂੰ ਆਪਣੇ ਅੰਦਰ ਤੋਂ ਲੈ ਕੇ ਬਾਹਰੀ ਦੁਨੀਆ ਤੱਕ ਪ੍ਰਚਾਰ ਪ੍ਰਸਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਨੇ ਬੰਦੀ ਸਿੱਖਾਂ ਦੀ ਰਿਹਾਈ, ਨਸ਼ਿਆਂ ਦਾ ਖਾਤਮਾ ਅਤੇ ਸਿੱਖਾਂ ਦੀ ਵੱਖਰੀ ਪਛਾਣ ਲਈ ਸਿੱਖ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਪ੍ਰੇਰਿਆ।
ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਜਾਣ ਤੋਂ ਰੋਕਣ ‘ਤੇ ਇਤਰਾਜ਼ ਕਰਦਿਆਂ ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੇ ਵੇਲੇ ਵੀ ਮਸੰਦਾਂ ਨੇ ਗੁਰੂ ਜੀ ਨੂੰ ਅੰਦਰ ਜਾਣ ਤੋਂ ਰੋਕਿਆ ਸੀ। ਉਨ੍ਹਾਂ ਆਖਿਆ ਕਿ ਉਹ ਟਕਰਾਅ ਲਈ ਨਹੀਂ ਆਏ ਸਨ। ਉਨ੍ਹਾਂ ਨੂੰ ਸਰਬੱਤ ਖਾਲਸਾ ਵਲੋਂ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਆਏ ਸਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …