Breaking News
Home / ਪੰਜਾਬ / ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ

ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ

ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਤਿੰਨ ਦਿਨ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ। ਇਸ ਤੋਂ ਇਲਾਵਾ ਬੰਦੀ ਛੋੜ ਦਿਵਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਆਤਿਸ਼ਬਾਜ਼ੀ ਅਤੇ ਦੀਪਮਾਲਾ ਦਾ ਵੀ ਸੰਗਤ ਨੇ ਭਰਪੂਰ ਅਨੰਦ ਮਾਣਿਆ। ਬੰਦੀ ਛੋੜ ਦਿਵਸ ਸਬੰਧੀ ਸੰਗਤਾਂ ਵੱਲੋਂ ਲੱਖਾਂ ਦੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਇੱਥੇ ਸਥਿਤ ਹੋਰ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਗਈ। ਸ੍ਰੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ਦੁਆਲੇ ਸੰਗਤਾਂ ਨੇ ਰਵਾਇਤ ਅਨੁਸਾਰ ਲੱਖਾਂ ਦੀ ਗਿਣਤੀ ਵਿੱਚ ਦੇਸੀ ਘਿਓ ਦੇ ਦੀਵੇ ਵੀ ਬਾਲੇ। ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਨਿਹੰਗ ਸਿੰਘਾਂ ਨੂੰ ਇਹ ਸਨਮਾਨ ਦਿੱਤਾ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …