ਸੱਤਾ ‘ਚ ਆਉਣ ‘ਤੇ ਨਸ਼ਿਆਂ ਦੇ ਸੌਦਾਗਰਾਂ ਦੀਆਂ ਜਾਇਦਾਦਾਂ ਕੁਰਕ ਕਰਨ ਲਈ ਕਾਨੂੰਨ ਬਣਾਉਣ ਦਾ ਐਲਾਨ
ਜਲੰਧਰ : ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਨਸ਼ਿਆਂ ਦੇ ਮਾਮਲੇ ਵਿਚ ਪੰਜਾਬ ਦੀ ਸੱਤਾਧਾਰੀ ਧਿਰ ਅਕਾਲੀ-ਭਾਜਪਾ ਗੱਠਜੋੜ ਨੂੰ ਘੇਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਸੌਖੇ ਕਾਰੋਬਾਰ ਦੀ ਗੱਲ ਕਰਦੇ ਹਨ ਪਰ ਪੰਜਾਬ ਵਿੱਚ ਹੁਣ ਸਿਰਫ਼ ਨਸ਼ਿਆਂ ਦਾ ਕਾਰੋਬਾਰ ਹੀ ਰਹਿ ਗਿਆ ਹੈ, ਜਿਸ ਨੂੰ ਅਕਾਲੀ ਆਗੂਆਂ ਦੀ ਸਰਪ੍ਰਸਤੀ ਹੈ। ਉਹ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪੰਜਾਬ ਕਾਂਗਰਸ ਵੱਲੋਂ ਸੂਬੇ ਵਿਚ ਵਿਗੜਦੀ ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਖ਼ਿਲਾਫ਼ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰ ਰਹੇ ਸਨ। ਰਾਹੁਲ ਗਾਂਧੀ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਜਦੋਂ ਉਨ੍ਹਾਂ ਨੇ ਪੰਜਾਬ ਵਿੱਚ ਚਿੱਟੇ ਦੀ ਗੱਲ ਕੀਤੀ ਸੀ ਤਾਂ ਸੁਖਬੀਰ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੇ ਉਨ੍ਹਾਂ ਦਾ ਮਜ਼ਾਕ ਉਡਾਇਆ ਸੀ ਪਰ ਉਹ ਅੱਜ ਵੀ ਆਪਣੀ ਇਸ ਗੱਲ ਨੂੰ ਦੁਹਰਾ ਰਹੇ ਹਨ ਕਿ ਨਸ਼ਿਆਂ ਦੀ ਸਮੱਸਿਆ ਹੁਣ ਕਿੰਨੀ ਗੰਭੀਰ ਬਣ ਗਈ ਹੈ ਜਿਸ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੱਤਾ ਵਿੱਚ ਆਉਣ ‘ਤੇ ਨਸ਼ਿਆਂ ਦੇ ਸੌਦਾਗਰਾਂ ਦੀਆਂ ਜਾਇਦਾਦਾਂ ਕੁਰਕ ਕਰਨ ਲਈ ਕਾਨੂੰਨ ਬਣਾਇਆ ਜਾਵੇਗਾ। ਉਨ੍ਹਾਂ ਪੰਜਾਬ ਪੁਲਿਸ ਦੇ ਅਫਸਰਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵਿਚ ਕੋਈ ਕਮੀ ਨਹੀਂ ਹੈ ਪਰ ਅਕਾਲੀ ਸਰਕਾਰ ਨੇ ਚੰਗਾ ਕੰਮ ਕਰਨ ਵਾਲੇ ਅਫ਼ਸਰਾਂ ਨੂੰ ਖੁੱਡੇ ਲਾਈਨ ਲਾਇਆ ਹੋਇਆ ਹੈ। ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਾਰ ਹਫ਼ਤਿਆਂ ‘ਚ ਨਸ਼ੇ ਖਤਮ ਕਰਨ ਦੇ ਕੀਤੇ ਵਾਅਦੇ ਦੀ ਤਾਈਦ ਕਰਦਿਆਂ ਕਿਹਾ ਕਿ ਸਰਕਾਰ ਬਣਨ ‘ਤੇ ਉਹ ਚੰਗੇ ਪੁਲਿਸ ਅਫਸਰਾਂ ਦੇ ਹੱਥ ਖੋਲ੍ਹ ਦੇਣਗੇ। ਇਸ ਤਰ੍ਹਾਂ ਇਕ ਮਹੀਨੇ ਵਿਚ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਖਾਤਮਾ ਕਰ ਦਿੱਤਾ ਜਾਵੇਗਾ। ਫਿਲਮ ‘ਉੜਤਾ ਪੰਜਾਬ’ ઠਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੱਚਾਈ ਮੰਨਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਹੀ ਨਸ਼ਿਆਂ ਨੂੰ ਰੋਕ ਸਕਦੀ ਹੈ। ਭੱਟਾ ਪਰਸੋਲ ਵਿਚ ਕਿਸਾਨਾਂ ਦੇ ਦਿਲ ਦਾ ਦਰਦ ਸੁਣ ਕੇ ਹੀ ਉਹ ਉਥੇ ਗਏ ਸਨ, ਉਦੋਂ ਵੀ ਵਿਰੋਧੀ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …