ਸਿਰਫ਼ ਸ਼ਨਾਖ਼ਤੀ ਦਸਤਾਵੇਜ਼ ਰਾਹੀਂ ਕੀਤੇ ਜਾ ਸਕਣਗੇ ਗੁਰੂ ਘਰ ਦੇ ਦਰਸ਼ਨ : ਇਮਰਾਨ ਖਾਨ
ਦਸ ਦਿਨ ਪਹਿਲਾਂ ਰਜਿਸਟਰੇਸ਼ਨ ਕਰਵਾਉਣ ਦੀ ਨਹੀਂ ਹੋਵੇਗੀ ਜ਼ਰੂਰਤ
ਇਸਲਾਮਾਬਾਦ/ਬਿਊਰੋ ਨਿਊਜ਼ : ਸਿੱਖ ਸ਼ਰਧਾਲੂਆਂ ਨੂੰ ਵੱਡੀ ਰਾਹਤ ਦਿੰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਆਉਣ ਵਾਲਿਆਂ ਨੂੰ ਹੁਣ ਪਾਸਪੋਰਟ ਦੀ ਲੋੜ ਨਹੀਂ ਹੋਵੇਗੀ ਤੇ ਉਹ ਸਿਰਫ਼ ਵੈਧ ਸ਼ਨਾਖ਼ਤੀ ਦਸਤਾਵੇਜ਼ (ਆਈਡੀ) ਦਿਖਾ ਕੇ ਦਰਸ਼ਨਾਂ ਲਈ ਆ ਸਕਦੇ ਹਨ। ਇਸ ਤੋਂ ਇਲਾਵਾ ਦਸ ਦਿਨ ਪਹਿਲਾਂ ਰਜਿਸਟਰੇਸ਼ਨ ਦੀ ਸ਼ਰਤ ਵੀ ਪਾਕਿਸਤਾਨ ਸਰਕਾਰ ਵੱਲੋਂ ਹਟਾ ਲਈ ਗਈ ਹੈ। ਟਵੀਟ ‘ਚ ਖ਼ਾਨ ਨੇ ਐਲਾਨ ਕੀਤਾ ਕਿ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਾਲੇ ਦਿਨ, 9 ਨਵੰਬਰ ਨੂੰ ਗੁਰਦੁਆਰਾ ਸਾਹਿਬ ਪੁੱਜਣ ਵਾਲੇ ਸ਼ਰਧਾਲੂਆਂ ਤੇ ਪ੍ਰਕਾਸ਼ ਪੁਰਬ ਵਾਲੇ ਦਿਨ (12 ਨਵੰਬਰ) ਆਉਣ ਵਾਲੇ ਸ਼ਰਧਾਲੂਆਂ ਤੋਂ 20 ਡਾਲਰ ਫ਼ੀਸ ਵੀ ਨਹੀਂ ਲਈ ਜਾਵੇਗੀ। ਹਾਲਾਂਕਿ 9 ਤੇ 12 ਨਵੰਬਰ ਨੂੰ ਛੱਡ ਕੇ ਸ਼ਰਧਾਲੂਆਂ ਨੂੰ ਭਵਿੱਖ ਵਿਚ 20 ਡਾਲਰ ਫ਼ੀਸ ਦੇਣੀ ਪਵੇਗੀ। ਜਦਕਿ ਭਾਰਤ ਨੇ ਪਾਕਿ ਨੂੰ ਇਹ ਫ਼ੀਸ ਨਾ ਲੈਣ ਲਈ ਕਿਹਾ ਸੀ। ਦੱਸਣਯੋਗ ਹੈ ਕਿ ਜਿੱਥੇ ਕਸ਼ਮੀਰ ਮੁੱਦੇ ‘ਤੇ ਦੋਵਾਂ ਮੁਲਕਾਂ ਵਿਚਾਲੇ ਤਣਾਅ ਹੈ, ਉੱਥੇ ਪਿਛਲੇ ਹਫ਼ਤੇ ਕਾਫ਼ੀ ਲੰਮੀ ਗੱਲਬਾਤ ਤੋਂ ਬਾਅਦ ਕਰਤਾਰਪੁਰ ਲਾਂਘੇ ਸਬੰਧੀ ਦੋਵਾਂ ਮੁਲਕਾਂ ਨੇ ਸਮਝੌਤਾ ਸਹੀਬੱਧ ਕੀਤਾ ਸੀ। ਇਸ ਮੌਕੇ ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂਆਂ ਦੇ ਜਾਣ ਬਾਰੇ ਸਹਿਮਤੀ ਬਣੀ ਸੀ। ਇਸ ਤੋਂ ਇਲਾਵਾ ਫ਼ੈਸਲਾ ਕੀਤਾ ਗਿਆ ਸੀ ਕਿ ਖ਼ਾਸ ਮੌਕਿਆਂ ‘ਤੇ ਗਿਣਤੀ ਵਧਾਈ ਵੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ ਤੇ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਕਰਤਾਰਪੁਰ ਸਾਹਿਬ ਦੇ ਲਈ ਰਵਾਨਾ ਕਰਨਗੇ।
ਰਾਹਤ ਹਰ ਨਾਗਰਿਕ ਨੂੰ ਮਿਲੇ: ਕੈਪਟਨ ਅਮਰਿੰਦਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਸਰਕਾਰ ਦੇ ਇਸ ਐਲਾਨ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ‘ਇਹ ਰਾਹਤ ਸਿਰਫ਼ ਸਿੱਖਾਂ ਨੂੰ ਹੀ ਨਹੀਂ ਪਰ ਧਰਮ-ਨਿਰਪੱਖ ਭਾਰਤ ਦੇ ਹਰ ਨਾਗਰਿਕ ਨੂੰ ਦਿੱਤੀ ਜਾਣੀ ਚਾਹੀਦੀ ਹੈ।’ ਕੈਪਟਨ ਨੇ ਨਾਲ ਹੀ ਮੰਗ ਕੀਤੀ ਕਿ ’20 ਡਾਲਰ ਫ਼ੀਸ ਨਾ ਦੇਣ ਦੀ ਸਹੂਲਤ ਦੋ ਦਿਨ ਲਈ ਨਹੀਂ ਬਲਕਿ ਸਾਰੇ ਦਿਨਾਂ ਲਈ ਦਿੱਤੀ ਜਾਵੇ।’
ਇਮਰਾਨ ਖਾਨ ਦਾ ਫੈਸਲਾ ਪਾਕਿ ਫੌਜ ਨੇ ਪਲਟਿਆ
ਕਿਹਾ – ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਵਾਸਤੇ ਪਾਸਪੋਰਟ ਜ਼ਰੂਰੀ
ਨਵੀਂ ਦਿੱਲੀ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਨੂੰ ਪਾਸਪੋਰਟ ਤੋਂ ਛੋਟ ਦੇ ਦਿੱਤੀ ਗਈ ਸੀ, ਪਰ ਹੁਣ ਪਾਕਿ ਫੌਜ ਨੇ ਇਮਰਾਨ ਦਾ ਇਹ ਫੈਸਲਾ ਰੱਦ ਕਰ ਦਿੱਤਾ ਹੈ। ਪਾਕਿਸਤਾਨੀ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਕਿਹਾ ਕਿ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਦਾਖਲ ਹੋਣ ਲਈ ਪਾਸਪੋਰਟ ਜ਼ਰੂਰੀ ਹੋਵੇਗਾ। ਜ਼ਿਕਰਯੋਗ ਹੈ ਕਿ ਇਮਰਾਨ ਖਾਨ ਨੇ ਲੰਘੀ 1 ਨਵੰਬਰ ਨੂੰ ਕਿਹਾ ਸੀ ਕਿ ਕਰਤਾਰਪੁਰ ਆਉਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਹੋਵੇਗੀ ਅਤੇ ਇਕ ਪਹਿਚਾਣ ਪੱਤਰ ਹੀ ਨਾਲ ਲੈ ਕੇ ਆਉਣਾ ਹੋਵੇਗਾ।

