Breaking News
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਦੁਰਲੱਭ ਹੱਥ ਲਿਖਤਾਂ ਤੇ ਸਿੱਕਿਆਂ ਦੀ ਲਗਾਈ ਪ੍ਰਦਰਸ਼ਨੀ

ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਦੁਰਲੱਭ ਹੱਥ ਲਿਖਤਾਂ ਤੇ ਸਿੱਕਿਆਂ ਦੀ ਲਗਾਈ ਪ੍ਰਦਰਸ਼ਨੀ

ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ ਜੀਵਨ ਨਾਲ ਸਬੰਧਤ ਹੱਥ ਲਿਖਤਾਂ, ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਸਬੰਧੀ ਸੁਲਤਾਨਪੁਰ ਲੋਧੀ ਵਿੱਚ ਲਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਲਾਈ ਗਈ ਪ੍ਰਦਰਸ਼ਨੀ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ 53 ਪੈਨਲ ਲਾਏ ਗਏ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਜਨਮ ਤੋਂ ਲੈ ਕੇ ਉਦਾਸੀਆਂ, ਖੇਤੀ ਕਰਨ ਤੇ ਅੰਤਿਮ ਸਮੇਂ ਨਾਲ ਸਬੰਧਿਤ ਦੁਰਲੱਭ ਚਿੱਤਰ, ਹੱਥ ਲਿਖਤ ਜਨਮ ਸਾਖੀਆਂ ਤੇ ਸੋਨੇ ਤੇ ਚਾਂਦੀ ਦੇ ਨਾਨਕਸ਼ਾਹੀ ਸਿੱਕੇ ਸ਼ਾਮਲ ਹਨ। ਮੁੱਖ ਮੰਤਰੀ ਨੇ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ ਆਪਣੇ ਪਰਿਵਾਰਾਂ ਨਾਲ ਪ੍ਰਦਰਸ਼ਨੀ ਵੇਖਣ ਤਾਂ ਜੋ ਨਵੀਂ ਪੀੜ੍ਹੀ ਗੁਰੂ ਸਾਹਿਬਾਨ ਬਾਰੇ ਵੱਧ ਤੋਂ ਵੱਧ ਜਾਣੂ ਹੋ ਸਕੇ। ਇਸ ਤੋਂ ਇਲਾਵਾ ਪੰਜਾਬ ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਲਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਦਿਹਾਤੀ ਖੇਤਰ ਵਿਚਲੇ ਹੁਨਰ ਨੂੰ ਹੁਲਾਰਾ ਦੇਣ ਤੇ ਸਵੈ ਸਹਾਇਤਾ ਗਰੁੱਪਾਂ ਰਾਹੀਂ ਲੋਕਾਂ ਨੂੰ ਸਵੈ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਬਾਗਬਾਨੀ ਵਿਭਾਗ ਵੱਲੋਂ ਲਾਈਆਂ ਗਈਆਂ ਪ੍ਰਦਰਸ਼ਨੀਆਂ ਵੇਖਣ ਮਗਰੋਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਲੋਕਾਂ ਨੂੰ ਹੱਥੀਂ ਤਿਆਰ ਵਸਤਾਂ ਪ੍ਰਦਰਸ਼ਿਤ ਕਰਨ ਦਾ ਵੱਡਾ ਪਲੈਟਫਾਰਮ ਹਨ। ਇਸ ਮੌਕੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ, ਵਿਜੈ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਨਵਤੇਜ ਸਿੰਘ ਚੀਮਾ ਤੇ ਸੁਖਪਾਲ ਸਿੰਘ ਭੁੱਲਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨਿਭਾਏ ਜਾਣ ਵਾਲੇ ਆਪਣੇ ਫਰਜ਼ਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਇਸੇ ਦਿਸ਼ਾ ਵਿੱਚ ਹੀ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 235 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਤੇ ਚੌੜਾ ਕਰਨ ਤੋਂ ਇਲਾਵਾ ਨਵੇਂ ਪੁਲਾਂ ਦਾ ਨਿਰਮਾਣ ਕੀਤਾ ਗਿਆ ਅਤੇ ਹਸਪਤਾਲਾਂ ਦੀ ਹਾਲਤ ਸੁਧਾਰੀ ਗਈ ਹੈ।
ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਦੀ ਚਰਨਛੋਹ ਪ੍ਰਾਪਤ 70 ਤੋਂ ਵੱਧ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਲਈ 100 ਕਰੋੜ ਰੁਪਏ ਦਾ ਪ੍ਰਾਜੈਕਟ ਉਲੀਕਿਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਸੈਕਸ਼ਨ ਵਿਚ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ 11 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਵੇਈਂ ਦੇ ਸੱਜੇ ਕੰਢੇ ਨੂੰ ਸਾਫ਼ ਕਰਕੇ ਲਾਈਨਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ 50-50 ਫੀਸਦੀ ਦੇ ਅਨੁਪਾਤ ਨਾਲ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਨਗਰ ਵਜੋਂ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਤੋਂ ਆਪਣਾ ਪ੍ਰਸਤਾਵ ਮਨਜ਼ੂਰ ਕਰਵਾ ਲਿਆ ਹੈ।
ਇਸੇ ਤਰ੍ਹਾਂ 175 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਚ ਸੈਂਟਰ ਫਾਰ ਇੰਟਰਫੇਥ ਸਟੱਡੀਜ਼ ਦੀ ਸਥਾਪਨਾ ਕੀਤੀ ਜਾਵੇਗੀ। 300 ਕਰੋੜ ਰੁਪਏ ਦੀ ਲਾਗਤ ਨਾਲ ‘ਪਿੰਡ ਬਾਬੇ ਨਾਨਕ ਦਾ’ ਦੀ ਸਥਾਪਨਾ ਦੀ ਵੀ ਤਜਵੀਜ਼ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …