ਸ਼੍ਰੋਮਣੀ ਕਮੇਟੀ ‘ਤੇ ਅਕਾਲੀਆਂ ਦੇ ਹੱਕ ‘ਚ ਭੁਗਤਣ ਦਾ ਦੋਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਗੁਪਤ ਇਰਾਦਿਆਂ ਬਾਰੇ ਚੌਕਸ ਰਹਿਣ ਦਾ ਰਾਗ ਮੁੜ ਅਲਾਪਿਆ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ ਲਾਂਘਾ ਖੋਲ੍ਹਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਵੱਲੋਂ ਅਚਾਨਕ ਇਸ ਮੰਗ ਨੂੰ ਸਵੀਕਾਰ ਕਰ ਲੈਣ ਪਿੱਛੇ ਕੋਈ ਲੁਕਿਆ ਇਰਾਦਾ ਵੀ ਹੋ ਸਕਦਾ ਹੈ। ਇਸ ਦਾ ਮਕਸਦ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਭਾਈਚਾਰੇ ਨੂੰ ਦੁਫਾੜ ਕਰਨਾ ਵੀ ਹੋ ਸਕਦਾ ਹੈ। ਮੁੱਖ ਮੰਤਰੀ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਮਾਮਲੇ ‘ਤੇ ਪਾਕਿਸਤਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਇਸ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਦੀ ਚਾਲ ਦੱਸ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ‘ਚੌਧਰ ਜਮਾਉਣ’ ਦੀਆਂ ਕੋਸ਼ਿਸ਼ਾਂ ਨਾਲ ਬਾਦਲ ਬਰਗਾੜੀ ਤੇ ਬੇਅਦਬੀ ਦੇ ਹੋਰ ਮਾਮਲਿਆਂ ਵਿਚ ਖ਼ੁਦ ਨੂੰ ਦੁੱਧ-ਧੋਤੇ ਸਾਬਿਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਬਾਦਲਾਂ ਨੂੰ ਪੂਰੀ ਤਰ੍ਹਾਂ ਨਕਾਰ ਚੁੱਕਾ ਹੈ ਪਰ ਉਨ੍ਹਾਂ ਇਸ ਤੋਂ ਕੋਈ ਸਬਕ ਨਹੀਂ ਸਿੱਖਿਆ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ‘ਤੇ ਸਿੱਖ ਭਾਈਚਾਰੇ ਵਿੱਚ ਵੰਡੀਆਂ ਪਾਉਣ ਦਾ ਦੋਸ਼ ਲਾਇਆ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਬਾਦਲਾਂ ਦੇ ਪੱਖ ‘ਚ ਹੋ ਕੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦਾ ਮਜ਼ਾਕ ਬਣਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਤੌਰ ‘ਤੇ ਅਜਿਹੇ ਸਾਰੇ ਵੱਡੇ ਸਮਾਗਮ ਹਮੇਸ਼ਾ ਸੂਬਾ ਸਰਕਾਰ ਵੱਲੋਂ ਕਰਵਾਏ ਜਾਂਦੇ ਹਨ ਪਰ ਸ਼੍ਰੋਮਣੀ ਕਮੇਟੀ ਇਸ ਵਾਰ ਅਕਾਲੀਆਂ ਦੇ ਇਸ਼ਾਰੇ ‘ਤੇ ਸਰਕਾਰ ਦੇ ਪ੍ਰੋਗਰਾਮਾਂ ਨੂੰ ਸਹਿਯੋਗ ਦੇਣ ਤੋਂ ਮੁਨਕਰ ਹੋ ਗਈ ਹੈ। ਕੈਪਟਨ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਵਜੋਂ ਪਿਛਲੇ ਕਾਰਜਕਾਲ ਦੌਰਾਨ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅਤੇ ਅਜਿਹੇ ਹੋਰ ਇਤਿਹਾਸਕ ਧਾਰਮਿਕ ਸਮਾਗਮਾਂ ਨੂੰ ਸੂਬਾ ਸਰਕਾਰ ਵੱਲੋਂ ਮਨਾਇਆ ਗਿਆ ਸੀ। ਕੈਪਟਨ ਨੇ ਕਿਹਾ ਕਿ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਲਈ ਸਰਕਾਰ ਨੇ ਸ਼੍ਰੋਮਣੀ ਕਮੇਟੀ ਕੋਲ ਹਰ ਤਰ੍ਹਾਂ ਨਾਲ ਪਹੁੰਚ ਕੀਤੀ ਪਰ ਕਮੇਟੀ ਦੇ ਸਿੱਧੇ ਤੌਰ ‘ਤੇ ਅਕਾਲੀਆਂ ਦੇ ਏਜੰਡੇ ਨੂੰ ਸਿਰੇ ਲਾਉਣ ਦੀ ਮਨਸ਼ਾ ਕਾਰਨ ਸਰਕਾਰ ਦੇ ਯਤਨਾਂ ਨੂੰ ਸਿਰੇ ਨਹੀਂ ਚੜ੍ਹਨ ਦਿੱਤਾ ਗਿਆ।
ਲਾਂਘੇ ‘ਚ ਅੜਿੱਕੇ ਪਾਉਣ ਦੀ ਕੋਸ਼ਿਸ਼ ਲਈ ਸੁਖਬੀਰ ਨੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰਤਾਰਪੁਰ ਲਾਂਘੇ ‘ਚ ਅੜਿੱਕਾ ਪਾਉਣ ਦੇ ਮੰਤਵ ਨਾਲ ਮੂਰਖਤਾ ਭਰੇ ਸਿਆਸੀ ਬਿਆਨ ਜਾਰੀ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਦੀ ਪਵਿੱਤਰਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖ਼ਤ ਨਿਖੇਧੀ ਕੀਤੀ ਹੈ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਕਰਤਾਰਪੁਰ ਲਾਂਘੇ ਦੀ ਹੋਂਦ ਬਾਰੇ ਸੁਆਲ ਖੜ੍ਹੇ ਕਰਕੇ ਕਰੋੜਾਂ ਸਿੱਖਾਂ ਦੀ ਆਸਥਾ ਨਾਲ ਖੇਡ ਰਿਹਾ ਹੈ ਅਤੇ ਵਾਰ-ਵਾਰ ਲਾਂਘੇ ਬਾਰੇ ਆਪਣੇ ਬਿਆਨ ਬਦਲ ਰਿਹਾ ਹੈ। ਪਹਿਲਾਂ ਉਸ ਨੇ ਇਸ ਦਾ ਵਿਰੋਧ ਕੀਤਾ ਸੀ। ਫਿਰ ਇਸ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਪਾਕਿਸਤਾਨ ਜਾਣ ਵਾਲੇ ਪਹਿਲੇ ਜਥੇ ਦੀ ਅਗਵਾਈ ਕਰੇਗਾ ਅਤੇ ਹੁਣ ਇਸ ਇਤਿਹਾਸਕ ਲਾਂਘੇ ਨੂੰ ਖੋਲ੍ਹੇ ਜਾਣ ਤੋਂ ਪਹਿਲਾਂ ਉਸ ਨੇ ਦੁਬਾਰਾ ਇਸ ਲਾਂਘੇ ਨੂੰ ਅਮਲ ‘ਚ ਲਿਆਂਦੇ ਜਾਣ ਬਾਰੇ ਸੁਆਲ ਉਠਾਏ ਹਨ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …