ਜਲੰਧਰ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਕੌਮਾਂਤਰੀ ਸਮਾਗਮ ਅਖੰਡ ਪਾਠ ਦੇ ਭੋਗ ਪੈਣ ਨਾਲ ਸੰਪੂਰਨ ਹੋ ਗਏ। ਪੰਜਾਬ ਸਰਕਾਰ ਵੱਲੋਂ ਸਮਾਗਮਾਂ ਦੀ ਸਮਾਪਤੀ 12 ਨਵੰਬਰ ਦੀ ਰਾਤ ਨੂੰ ਹੀ ਹੋ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਰੰਭ ਹੋਏ ਸਨ। ਇਨ੍ਹਾਂ ਸਮਾਗਮਾਂ ਦੀ ਸਮਾਪਤੀ ਮੌਕੇ 12 ਅਤੇ 13 ਨਵੰਬਰ ਦੀ ਦਰਮਿਆਨੀ ਰਾਤ ਗੁਰਦੁਆਰੇ ਵਿਖੇ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ। ਅਖੰਡ ਪਾਠ ਦੇ ਭੋਗ ਰਾਤ 2.30 ਵਜੇ ਪਾਏ ਗਏ। ਇਸ ਮੌਕੇ ਕੀਰਤਨ ਕੀਤਾ ਗਿਆ ਤੇ ਸਮੁੱਚੀ ਸੰਗਤ ਨੇ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕੀਤੀ। ਅਖੰਡ ਪਾਠ ਦੇ ਭੋਗ ਮਗਰੋਂ ਧਾਰਮਿਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਨੌਜਵਾਨਾਂ ਨੂੰ ਸਿੱਖ ਸਰੂਪ ਵਿਚ ਪ੍ਰਪੱਕ ਰਹਿਣ ਲਈ ਪ੍ਰੇਰਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦੇ ਸ਼ਬਦ ਕਹੇ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਧੰਨਵਾਦ ਕੀਤਾ। ਇਸ ਮੌਕੇ ਆਈਆਂ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਹੇਠ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਹੱਟ ਸਾਹਿਬ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਮਹੱਲੇ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਵਿਚ ਅਖੰਡ ਪਾਠਾਂ ਦੇ ਭੋਗ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲਿਆਂ ਨੇ ਕੀਰਤਨ ਕੀਤਾ। ਬਾਬਾ ਬਲਬੀਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ ਕੀਤਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …