ਲਾਂਘਾ ਖੁੱਲ੍ਹਣ ਦੇ 12ਵੇਂ ਦਿਨ 239 ਸ਼ਰਧਾਲੂਆਂ ਨੇ ਕੀਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਏ ਗਏ ਲਾਂਘੇ ਦੀ ਸ਼ੁਰੂਆਤ ਤਾਂ ਬੜੇ ਜ਼ੋਰਾਂ ਸ਼ੋਰਾਂ ਨਾਲ ਹੋਈ ਸੀ, ਪਰ ਸ਼ਰਧਾਲੂਆਂ ਦੀ ਗਿਣਤੀ ਕੋਈ ਜ਼ਿਆਦਾ ਨਹੀਂ ਹੈ। ਇਸ ਦਾ ਕਾਰਨ ਇਹ ਹੈ ਕਿ ਸ਼ਰਧਾਲੂਆਂ ਨੂੰ ਸਹੂਲਤਾਂ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਚੱਲਦਿਆਂ ਅੱਜ ਲਾਂਘਾ ਖੁੱਲ੍ਹਣ ਦੇ 12ਵੇਂ ਦਿਨ ਸਿਰਫ 239 ਸ਼ਰਧਾਲੂਆਂ ਨੇ ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਬੱਸਾਂ ਰਾਹੀਂ ਗੁਰਦੁਆਰਾ ਸਾਹਿਬ ਤੱਕ ਲਿਜਾਇਆ ਗਿਆ, ਪਰ ਹੁਣ ਇਹ ਸਹੂਲਤ ਬਿਲਕੁਲ ਹੀ ਖਤਮ ਕਰ ਦਿੱਤੀ ਹੈ ਅਤੇ ਹੁਣ ਸੰਗਤ ਨੂੰ ਪੈਦਲ ਚਾਰ ਕਿਲੋਮੀਟਰ ਦੀ ਦੂਰੀ ਤੈਅ ਕਰਕੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਪੈ ਰਿਹਾ ਹੈ।
ਇਸਦੇ ਚੱਲਦਿਆਂ ਅੱਜ ਵੱਡੀ ਗਿਣਤੀ ਵਿਚ ਸੰਗਤ ਡੇਰਾ ਬਾਬਾ ਨਾਨਕ ਪਹੁੰਚੀ ਅਤੇ ਦਰਸ਼ਨ ਸਥਲ ‘ਤੇ ਖੜ੍ਹ ਕੇ ਦੂਰੋਂ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਸੰਗਤ ਨੇ ਅਰਦਾਸ ਕੀਤੀ ਕਿ ਪਾਸਪੋਰਟ, 20 ਡਾਲਰ ਦੀ ਫੀਸ ਅਤੇ 12 ਦਿਨ ਪਹਿਲਾਂ ਲੈਣ ਵਾਲੀ ਇਜ਼ਾਜਤ ਦੀ ਸ਼ਰਤ ਖਤਮ ਹੋਵੇ ਅਤੇ ਸੰਗਤ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼ਰਧਾਲੂਆਂ ਨੂੰ ਆ ਰਹੀਆਂ ਮੁਸ਼ਕਲਾਂ ‘ਤੇ ਚਰਚਾ ਕਰਨ ਲਈ ਭਾਰਤ-ਪਾਕਿ ਸਰਹੱਦ ‘ਤੇ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਦੀ ਬੈਠਕ ਜਲਦੀ ਹੋਵੇਗੀ। ਇਸ ਬੈਠਕ ਵਿਚ ਰਜਿਸਟ੍ਰੇਸ਼ਨ ਅਤੇ ਪਾਸਪੋਰਟ ਦੀ ਸ਼ਰਤ ਮੁੱਖ ਮੁੱਦੇ ਹੋਣਗੇ।
Check Also
ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ
ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …