Breaking News
Home / ਭਾਰਤ / ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਬਿੱਲ ਸੰਸਦ ‘ਚ ਪਾਸ

ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਬਿੱਲ ਸੰਸਦ ‘ਚ ਪਾਸ

ਕਾਂਗਰਸ ਪ੍ਰਧਾਨ ਟਰੱਸਟ ਵਿਚੋਂ ਬਾਹਰ, ਵਿਰੋਧੀ ਧਿਰ ਨੇ ਕੀਤਾ ਵਿਰੋਧ, ਸੱਤਾਧਾਰੀ ਧਿਰ ਨੇ ਇਸ ਨੂੰ ਦੱਸਿਆ ਸਹੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਵਿਚ ਕਾਂਗਰਸ ਪ੍ਰਧਾਨ ਨੂੰ ਸਥਾਈ ਮੈਂਬਰਸ਼ਿਪ ਦੇਣ ਵਾਲੀ ਮਦ ਹਟਾਉਣ ਨਾਲ ਸਬੰਧਤ ਬਿੱਲ ‘ਤੇ ਸੰਸਦ ਦੀ ਮੋਹਰ ਲੱਗ ਗਈ। ਲੋਕ ਸਭਾ ਇਸ ਬਿੱਲ ਨੂੰ ਪਿਛਲੇ ਸੈਸ਼ਨ ਵਿਚ ਹੀ ਪਾਸ ਕਰ ਚੁੱਕੀ ਹੈ, ਮੰਗਲਵਾਰ ਨੂੰ ਰਾਜ ਸਭਾ ਨੇ ਵੀ ਇਸ ਨੂੰ ਪਾਸ ਕਰ ਦਿੱਤਾ। ਵਿਰੋਧੀ ਧਿਰ ਨੇ ਇਸ ਸੋਧ ਦਾ ਤਿੱਖਾ ਵਿਰੋਧ ਕਰਦੇ ਹੋਏ ਸਰਕਾਰ ‘ਤੇ ਇਤਿਹਾਸ ਨੂੰ ਨਵੇਂ ਸਿਰੇ ਤੋਂ ਨਾ ਲਿਖਣ ਦੀ ਚਿਤਾਵਨੀ ਦਿੱਤੀ। ਉਥੇ ਭਾਜਪਾ ਨੇ ਸਾਫ ਕੀਤਾ ਕਿ ਆਜ਼ਾਦੀ ਦੀ ਸਾਂਝੀ ਲੜਾਈ ‘ਤੇ ਕਿਸੇ ਇਕ ਪਾਰਟੀ ਦਾ ਅਧਿਕਾਰ ਨਹੀਂ ਹੋ ਸਕਦਾ। ਸੰਸਦ ਵਿਚ ਸੋਧ ਬਿੱਲ ਦੇ ਪਾਸ ਹੋਣ ਤੋਂ ਬਾਅਦ ਹੁਣ ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਵਿਚ ਕਾਂਗਰਸ ਪ੍ਰਧਾਨ ਦੀ ਜਗ੍ਹਾ ਲੋਕ ਸਭਾ ਵਿਚ ਨੇਤਾ ਵਿਰੋਧੀ ਧਿਰ ਜਾਂ ਫਿਰ ਸਭ ਤੋਂ ਵੱਡੀ ਪਾਰਟੀ ਦੇ ਨੇਤਾ ਨੂੰ ਜਗ੍ਹਾ ਮਿਲੇਗੀ। ਇਸ ਦੇ ਨਾਲ ਹੀ ਸਰਕਾਰ ਨੂੰ ਮੈਂਬਰਾਂ ਦੇ ਪੰਜ ਸਾਲ ਦਾ ਕਾਰਜਕਾਲ ਸਮਾਪਤ ਹੋਣ ਤੋਂ ਪਹਿਲਾਂ ਵੀ ਹਟਾਉਣ ਦਾ ਅਧਿਕਾਰ ਹੋਵੇਗਾ। ਬਿੱਲ ‘ਤੇ ਬਹਿਸ ਦੌਰਾਨ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਸਪਾ ਦੇ ਰਾਮ ਗੋਪਾਲ ਯਾਦਵ, ਤ੍ਰਿਣਮੂਲ ਦੇ ਸੁਖੇਂਦੂ ਸ਼ੇਖਰ ਰਾਏ, ਸੀਪੀਐਮ ਦੇ ਕੇਕੇ ਰਾਗੇਸ਼ ਸਮੇਤ ਕਈ ਵਿਰੋਧੀ ਮੈਂਬਰਾਂ ਨੇ ਸੋਧਾਂ ਦਾ ਵਿਰੋਧ ਕੀਤਾ। ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਤਿਹਾਸ ਨੂੰ ਦੁਬਾਰਾ ਲਿਖਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਵੀ ਕੀਤੀ। ਭਾਜਪਾ ਦੇ ਸੁਧਾਂਸ਼ੂ ਤ੍ਰਿਵੇਦੀ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੱਤਾ। ਉਨ੍ਹਾਂ ਅਨੁਸਾਰ ਤਕਨੀਕੀ ਤੌਰ ‘ਤੇ ਕਿਸੇ ਸਿਆਸੀ ਪਾਰਟੀ ਦਾ ਪ੍ਰਧਾਨ ਦਾ ਨੈਸ਼ਨਲ ਮੈਮੋਰੀਅਲ ਦੇ ਟਰੱਸਟ ਦਾ ਸਥਾਈ ਮੈਂਬਰ ਨਹੀਂ ਹੋ ਸਕਦਾ, ਕਿਉਂਕਿ ਸਿਆਸੀ ਦਲਾਂ ਦੀ ਸਥਿਤੀ ਬਦਲਦੀ ਰਹਿੰਦੀ ਹੈ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …