Breaking News
Home / ਭਾਰਤ / ਦਿੱਲੀ ‘ਚ ਵਿਦਿਆਰਥੀਆਂ ਤੇ ਪੰਜਾਬ ‘ਚ ਬੇਰੁਜ਼ਗਾਰ ਅਧਿਆਪਕਾਂ ‘ਤੇ ਵਰ੍ਹਿਆਂ ਪੁਲਿਸ ਦਾ ਡੰਡਾ

ਦਿੱਲੀ ‘ਚ ਵਿਦਿਆਰਥੀਆਂ ਤੇ ਪੰਜਾਬ ‘ਚ ਬੇਰੁਜ਼ਗਾਰ ਅਧਿਆਪਕਾਂ ‘ਤੇ ਵਰ੍ਹਿਆਂ ਪੁਲਿਸ ਦਾ ਡੰਡਾ

ਜੇ.ਐਨ.ਯੂ. ਦੇ ਵਿਦਿਆਰਥੀਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ, ਪੁਲਿਸ ਨੇ ਕੀਤਾ ਲਾਠੀਚਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼ : ਹੋਸਟਲ ਫੀਸ ‘ਚ ਵਾਧੇ ਦਾ ਵਿਰੋਧ ਕਰ ਰਹੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਹਜ਼ਾਰਾਂ ਵਿਦਿਆਰਥੀਆਂ ਵੱਲੋਂ ਸੋਮਵਾਰ ਨੂੰ ਸੰਸਦ ਵੱਲ ਮਾਰਚ ਕੱਢਿਆ ਗਿਆ ਤਾਂ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਲਾਠੀਚਾਰਜ ਕਰ ਦਿੱਤਾ। ਲਾਠੀਚਾਰਜ ‘ਚ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ। ਇਸ ਦੌਰਾਨ ਪੁਲਿਸ ਨੇ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ ਘੋਸ਼ ਸਮੇਤ ਕਰੀਬ 100 ਵਿਦਿਆਰਥੀਆਂ ਨੂੰ ਹਿਰਾਸਤ ‘ਚ ਲੈ ਲਿਆ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਸਫ਼ਦਰਜੰਗ ਮਕਬਰੇ ਦੇ ਬਾਹਰ ਸੜਕ ‘ਤੇ ਬੈਠ ਗਏ ਅਤੇ ਉਨ੍ਹਾਂ ਫੜੇ ਗਏ ਵਿਦਿਆਰਥੀਆਂ ਦੀ ਰਿਹਾਈ ਅਤੇ ਮਨੁੱਖੀ ਵਸੀਲਿਆਂ ਬਾਰੇ ਵਿਕਾਸ (ਐੱਚਆਰਡੀ) ਮੰਤਰਾਲੇ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਮੰਗ ਰੱਖੀ। ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਵਿਦਿਆਰਥੀ ਆਗੂਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਕਾਨੂੰਨ ਆਪਣੇ ਹੱਥਾਂ ‘ਚ ਨਾ ਲੈਣ। ਵਿਦਿਆਰਥੀਆਂ ਦੇ ਸੰਸਦ ਵੱਲ ਮਾਰਚ ਕੱਢਣ ਕਰਕੇ ਲੁਟੀਅਨਜ਼ ਦਿੱਲੀ ਦੇ ਕੁਝ ਹਿੱਸਿਆਂ ‘ਚ ਆਵਾਜਾਈ ਪ੍ਰਭਾਵਿਤ ਰਹੀ। ਨੈਲਸਨ ਮੰਡੇਲਾ ਮਾਰਗ, ਅਰਬਿੰਦੋ ਮਾਰਗ ਅਤੇ ਬਾਬਾ ਗੰਗਾਨਾਥ ਮਾਰਗ ‘ਤੇ ਵਾਹਨ ਹੌਲੀ ਰਫ਼ਤਾਰ ਨਾਲ ਅੱਗੇ ਵਧ ਰਹੇ ਸਨ। ਵਿਦਿਆਰਥੀਆਂ ਦੇ ਮਾਰਚ ਨੂੰ ਦੇਖਦਿਆਂ ਅਧਿਕਾਰੀਆਂ ਨੇ ਸੰਸਦ ਨੇੜੇ ਦਿੱਲੀ ਮੈਟਰੋ ਦੇ ਤਿੰਨ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ। ਡੀਐੱਮਆਰਸੀ ਨੇ ਟਵੀਟ ਕਰਕੇ ਕਿਹਾ ਕਿ ਦਿੱਲੀ ਪੁਲਿਸ ਦੀ ਸਲਾਹ ‘ਤੇ ਮੈਟਰੋ ਉਦਯੋਗ ਭਵਨ, ਪਟੇਲ ਚੌਕ ਅਤੇ ਕੇਂਦਰੀ ਸਕੱਤਰੇਤ ‘ਤੇ ਨਹੀਂ ਰੁਕ ਰਹੀਆਂ ਹਨ। ਚਾਰ ਘੰਟਿਆਂ ਬਾਅਦ ਮੈਟਰੋ ਸੇਵਾਵਾਂ ਬਹਾਲ ਹੋ ਗਈਆਂ। ਵਿਦਿਆਰਥੀਆਂ ਨੇ ਟਵਿੱਟਰ ‘ਤੇ ‘ਹੈਸ਼ਟੈਗ ਐਮਰਜੈਂਸੀਇਨਜੇਐੱਨਯੂ’ ਰਾਹੀਂ ਮਾਰਚ ਅਤੇ ਪੁਲੀਸ ਲਾਠੀਚਾਰਜ ‘ਚ ਜ਼ਖ਼ਮੀ ਹੋਏ ਵਿਦਿਆਰਥੀਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਵਧਾਈ ਗਈ ਫੀਸ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਵਿਦਿਆਰਥੀਆਂ ਨੇ ਹੱਥਾਂ ‘ਚ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਉਹ ਨਾਅਰੇਬਾਜ਼ੀ ਕਰ ਰਹੇ ਸਨ।
ਐੱਚਆਰਡੀ ਮੰਤਰਾਲੇ ਨੇ ਤਿੰਨ ਮੈਂਬਰੀ ਕਮੇਟੀ ਬਣਾਈ : ਨਵੀਂ ਦਿੱਲੀ: ਮਨੁੱਖੀ ਵਸੀਲਿਆਂ ਬਾਰੇ ਵਿਕਾਸ (ਐੱਚਆਰਡੀ) ਮੰਤਰਾਲੇ ਨੇ ਜੇਐੱਨਯੂ ਦਾ ਕਾਰ-ਵਿਹਾਰ ਆਮ ਵਰਗਾ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ ਜੋ ਸਰਕਾਰ ਨੂੰ ਯੂਨੀਵਰਸਿਟੀ ‘ਚ ਸੁਧਾਰ ਦੇ ਰਸਤੇ ਸੁਝਾਏਗੀ। ਐੱਚਆਰਡੀ ਸਕੱਤਰ ਆਰ ਸੁਬਰਾਮਣੀਅਮ ਨੇ ਕਿਹਾ ਕਿ ਕਮੇਟੀ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਗੱਲਬਾਤ ਕਰੇਗੀ ਅਤੇ ਸਰਕਾਰ ਨੂੰ ਸਿਫਾਰਸ਼ਾਂ ਸੌਂਪੇਗੀ। ਕਮੇਟੀ ‘ਚ ਯੂਜੀਸੀ ਦੇ ਸਾਬਕਾ ਚੇਅਰਮੈਨ ਵੀ ਐੱਸ ਚੌਹਾਨ, ਏਆਈਸੀਟੀਈ ਦੇ ਚੇਅਰਮੈਨ ਅਨਿਲ ਸਹਿਸਤਰਬੁੱਧੇ ਅਤੇ ਯੂਜੀਸੀ ਸਕੱਤਰ ਰਜਨੀਸ਼ ਜੈਨ ਸ਼ਾਮਲ ਹਨ।
ਸ਼ਰਦ ਯਾਦਵ ਵੱਲੋਂ ਜੇਐੱਨਯੂ ਵਿਦਿਆਰਥੀਆਂ ਦੀ ਹਮਾਇਤ : ਨਵੀਂ ਦਿੱਲੀ: ਵਿਰੋਧੀ ਧਿਰ ਦੇ ਆਗੂ ਸ਼ਰਦ ਯਾਦਵ ਨੇ ਦਿੱਲੀ ਪੁਲਿਸ ਵੱਲੋਂ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਖਿਲਾਫ ਕੀਤੀ ਗਈ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਜੇਐੱਨਯੂ ਪ੍ਰਸ਼ਾਸਨ ਕੇਂਦਰ ਸਰਕਾਰ ਦੀ ਸ਼ਹਿ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਗਰੀਬ ਵਿਦਿਆਰਥੀਆਂ ਦੇ ਕਰੀਅਰ ਨਾਲ ਖਿਲਵਾੜ ਕਰ ਰਿਹਾ ਹੈ।
ਲੋਕ ਸਭਾ ‘ਚ ਗੂੰਜਿਆ ਵਿਦਿਆਰਥੀਆਂ ਦੇ ਪ੍ਰਦਰਸ਼ਨ ਦਾ ਮਾਮਲਾ
ਨਵੀਂ ਦਿੱਲੀ: ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦਾ ਮਾਮਲਾ ਸੋਮਵਾਰ ਨੂੰ ਲੋਕ ਸਭਾ ‘ਚ ਗੂੰਜਿਆ। ਬਸਪਾ ਮੈਂਬਰ ਦਾਨਿਸ਼ ਅਲੀ ਨੇ ਮੰਗ ਕੀਤੀ ਕਿ ਸਰਕਾਰ ਗਰੀਬ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਘੱਟ ਫੀਸ ‘ਤੇ ਦੇਣਾ ਯਕੀਨੀ ਬਣਾਏ। ਸਿਫ਼ਰ ਕਾਲ ਦੌਰਾਨ ਉਨ੍ਹਾਂ ਭਾਜਪਾ ਦੇ ਸ਼ਾਸਨ ਹੇਠ ਸਿੱਖਿਆ ਪ੍ਰਣਾਲੀ ਦੇ ਨਿੱਜੀਕਰਨ ‘ਤੇ ਅਫ਼ਸੋਸ ਪ੍ਰਗਟਾਇਆ।
ਸੰਗਰੂਰ ‘ਚ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਭਜਾ-ਭਜਾ ਕੇ ਕੁੱਟਿਆ
ਸੰਗਰੂਰ : ਸੰਗਰੂਰ ‘ਚ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਨ ਪੁੱਜੇ ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੂੰ ਖਦੇੜਨ ਲਈ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦੀਆਂ ਤੇਜ਼ ਬੁਛਾੜਾਂ ਵੀ ਮਾਰੀਆਂ ਗਈਆਂ। ਪੁਲਿਸ ਨੇ ਅਧਿਆਪਕਾਂ ਨੂੰ ਭਜਾ-ਭਜਾ ਕੇ ਕੁੱਟਿਆ ਅਤੇ ਕਈ ਮਹਿਲਾਵਾਂ ਸਣੇ ਕਈ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਵੱਲੋਂ ਖਿੱਚ-ਧੂਹ ਕੀਤੀ ਗਈ, ਜਿਸ ਕਾਰਨ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਵੀ ਲੱਥ ਗਈਆਂ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਪੁਲਿਸ ‘ਤੇ ਮਹਿਲਾ ਅਧਿਆਪਕਾਂ ਉੱਤੇ ਡੰਡਾ ਵਰ੍ਹਾਉਣ, ਦੌੜਾ-ਦੌੜਾ ਕੇ ਕੁੱਟਣ ਤੇ ਪਥਰਾਅ ਕਰਨ ਦੇ ਦੋਸ਼ ਲਗਾਏ ਗਏ। ਉੱਧਰ, ਵੱਖ-ਵੱਖ ਜਥੇਬੰਦੀਆਂ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇੱਥੇ ਡਿਪਟੀ ਕਮਿਸ਼ਨਰ ਕੰਪਲੈਕਸ ਅੱਗੇ ਰੁਜ਼ਗਾਰ ਦੀ ਮੰਗ ਸਬੰਧੀ ਪਿਛਲੇ ਢਾਈ ਮਹੀਨਿਆਂ ਤੋਂ ਪੱਕਾ ਮੋਰਚਾ ਲਗਾਈ ਬੈਠੇ ਟੈਟ ਪਾਸ ਬੀ.ਐੱਡ ਬੇਰੁਜ਼ਗਾਰ ਅਧਿਆਪਕ ਬੀਏ ‘ਚੋਂ 55 ਫੀਸਦੀ ਦੀ ਸ਼ਰਤ ਨੂੰ ਵਾਪਸ ਕਰਾਉਣ ਲਈ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਨ ਪੁੱਜੇ ਸਨ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀਆਂ ਤਸਵੀਰਾਂ ਵਾਲੇ ਪੁਤਲਿਆਂ ਨੂੰ ਗਧੀ ‘ਤੇ ਬਿਠਾ ਕੇ ਸ਼ਹਿਰ ਦੇ ਬਾਜ਼ਾਰਾਂ ‘ਚ ਰੋਸ ਮਾਰਚ ਕਰਨ ਮਗਰੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਨੇੜੇ ਪੁੱਜੇ ਤਾਂ ਪੁਲਿਸ ਨੇ ਨਾਕਾ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਦੋਵੇਂ ਧਿਰਾਂ ‘ਚ ਝੜਪ ਹੋ ਗਈ ਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਲਾਠੀਚਾਰਜ ਕਰ ਦਿੱਤਾ ਅਤੇ ਪਾਣੀ ਦੀਆਂ ਤੇਜ਼ ਬੁਛਾੜਾਂ ਵੀ ਮਾਰੀਆਂ। ਲਾਠੀਚਾਰਜ ‘ਚ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਸਮੇਤ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਉਹ ਹੇਠਾਂ ਡਿੱਗ ਗਏ।

Check Also

ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ

ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …