Breaking News
Home / ਪੰਜਾਬ / ਬਹਿਬਲ ਕਲਾਂ ਕਾਂਡ ਸਬੰਧੀ ਪੁਲਿਸ ਅਫ਼ਸਰਾਂ ਖਿਲਾਫ਼ ਦਾਇਰ ਨਾ ਹੋਏ ਦੋਸ਼-ਪੱਤਰ

ਬਹਿਬਲ ਕਲਾਂ ਕਾਂਡ ਸਬੰਧੀ ਪੁਲਿਸ ਅਫ਼ਸਰਾਂ ਖਿਲਾਫ਼ ਦਾਇਰ ਨਾ ਹੋਏ ਦੋਸ਼-ਪੱਤਰ

ਫ਼ਰੀਦਕੋਟ/ਬਿਊਰੋ ਨਿਊਜ਼ : ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਚਾਰ ਨਾਮਜ਼ਦ ਪੁਲਿਸ ਅਫ਼ਸਰਾਂ ਖਿਲਾਫ ਵਿਸ਼ੇਸ਼ ਜਾਂਚ ਟੀਮ ਜਾਂਚ ਮੁਕੰਮਲ ਕਰ ਚੁੱਕੀ ਹੈ ਪਰ ਇਸ ਦੇ ਬਾਵਜੂਦ ਅਦਾਲਤ ‘ਚ ਇਨ੍ਹਾਂ ਅਫ਼ਸਰਾਂ ਖਿਲਾਫ ਦੋਸ਼ ਪੱਤਰ ਦਾਇਰ ਨਹੀਂ ਕੀਤੇ ਗਏ। ਬਹਿਬਲ ਕਲਾਂ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਸਿਰਫ਼ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਖਿਲਾਫ਼ ਹੀ ਦੋਸ਼ ਪੱਤਰ ਦਾਇਰ ਕੀਤਾ ਹੈ। ਚਰਨਜੀਤ ਸ਼ਰਮਾ ਖਿਲਾਫ਼ ਅਦਾਲਤ ਵਿੱਚ ਜਦ ਸੁਣਵਾਈ ਹੋਈ ਤਾਂ ਬਚਾਅ ਧਿਰ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਬਹਿਬਲ ਗੋਲੀ ਕਾਂਡ ਵਿੱਚ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਬਿਕਰਮ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਅਤੇ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ ਨੂੰ ਵੀ ਗੋਲੀ ਕਾਂਡ ਦੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਪਰ ਇਨ੍ਹਾਂ ਖਿਲਾਫ ਅਦਾਲਤ ਵਿੱਚ ਦੋਸ਼ ਪੱਤਰ ਦਾਇਰ ਨਹੀਂ ਹੋਏ।
ਐੱਸਆਈਟੀ ਵੱਲੋਂ ਪੇਸ਼ ਹੋਏ ਜ਼ਿਲ੍ਹਾ ਅਟਾਰਨੀ ਰਜਨੀਸ਼ ਗੋਇਲ ਨੇ ਵੀ ਅਦਾਲਤ ਵਿੱਚ ਮੰਨਿਆ ਕਿ ਬਾਕੀ ਪੁਲਿਸ ਅਧਿਕਾਰੀਆਂ ਖਿਲਾਫ਼ ਚਲਾਨ ਅਜੇ ਤੱਕ ਅਦਾਲਤ ‘ਚ ਨਹੀਂ ਆਇਆ। ਅਦਾਲਤ ਵਿੱਚ ਪੰਜਾਬ ਸਰਕਾਰ ਇਹ ਗੱਲ ਵੀ ਸਪੱਸ਼ਟ ਨਹੀਂ ਕਰ ਸਕੀ ਕਿ ਬਾਕੀ ਦੇ ਚਾਰ ਪੁਲਿਸ ਅਧਿਕਾਰੀਆਂ ਖਿਲਾਫ ਚਲਾਨ ਪੇਸ਼ ਕਿਉਂ ਨਹੀਂ ਕੀਤਾ ਗਿਆ। ਚਰਨਜੀਤ ਸ਼ਰਮਾ ਨੇ ਅਦਾਲਤ ਤੋਂ ਮੰਗ ਕੀਤੀ ਕਿ ਉਸ ਖਿਲਾਫ ਬਹਿਬਲ ਗੋਲੀ ਕਾਂਡ ਵਿੱਚ ਅਜੇ ਦੋਸ਼ ਆਇਦ ਨਾ ਕੀਤੇ ਜਾਣ ਕਿਉਂਕਿ ਬਾਕੀ ਮੁਲਜ਼ਮਾਂ ਖਿਲਾਫ਼ ਅਜੇ ਚਲਾਨ ਦਾਇਰ ਹੋਣਾ ਬਾਕੀ ਹੈ। ਸੈਸ਼ਨ ਜੱਜ ਹਰਪਾਲ ਸਿੰਘ ਨੇ ਇਸ ਮਾਮਲੇ ਦੀ ਸੁਣਵਾਈ 7 ਦਸੰਬਰ ਤੱਕ ਟਾਲ ਦਿੱਤੀ ਹੈ। ਸੁਣਵਾਈ ਦੌਰਾਨ ਵਿਸ਼ੇਸ਼ ਜਾਂਚ ਟੀਮ ਵੀ ਅਦਾਲਤ ਵਿੱਚ ਮੌਜੂਦ ਸੀ।

Check Also

ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਅਤੇ ਸੁਖਪਾਲ ਖਹਿਰਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਗਾਂਧੀ ਪਟਿਆਲਾ ਤੋਂ ਅਤੇ ਖਹਿਰਾ ਸੰਗਰੂਰ ਤੋਂ ਹਨ ਚੋਣ ਮੈਦਾਨ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ …