Breaking News
Home / ਪੰਜਾਬ / ਕੌਮਾਂਤਰੀ ਨਗਰ ਕੀਰਤਨ ਦੀ ਚੜ੍ਹਾਵਾ ਰਾਸ਼ੀ ਨਾਲ ਬਾਬੇ ਨਾਨਕ ਦੇ ਨਾਂ ‘ਤੇ ਸਕੂਲ ਖੋਲ੍ਹਣ ਦੀ ਯੋਜਨਾ

ਕੌਮਾਂਤਰੀ ਨਗਰ ਕੀਰਤਨ ਦੀ ਚੜ੍ਹਾਵਾ ਰਾਸ਼ੀ ਨਾਲ ਬਾਬੇ ਨਾਨਕ ਦੇ ਨਾਂ ‘ਤੇ ਸਕੂਲ ਖੋਲ੍ਹਣ ਦੀ ਯੋਜਨਾ

ਸੰਗਤ ਨੇ ਸੋਨਾ, ਚਾਂਦੀ ਤੇ ਵਿਦੇਸ਼ੀ ਕਰੰਸੀ ਵੀ ਕੀਤੀ ਸੀ ਭੇਟ
ਅੰਮ੍ਰਤਸਰ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਸੰਗਤ ਦੇ ਚੜ੍ਹਾਵੇ ਤੋਂ ਇਕੱਠੀ ਹੋਈ ਲੱਗਪਗ ਦਸ ਕਰੋੜ ਰੁਪਏ ਦੀ ਰਕਮ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਨਾਂ ‘ਤੇ ਸਕੂਲ ਖੋਲ੍ਹਣ ਦੀ ਯੋਜਨਾ ਹੈ। ਇਹ ਨਗਰ ਕੀਰਤਨ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਭਾਰਤ ਦੇ 17 ਰਾਜਾਂ ਵਿੱਚੋਂ ਲੰਘਦਾ ਹੋਇਆ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ ਸੀ ਜਿਸ ਦੌਰਾਨ ਸੰਗਤ ਵੱਲੋਂ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੁੰਦਿਆਂ ਭੇਟਾ ਕੀਤੇ ਚੜ੍ਹਾਵੇ ਤੋਂ ਲਗਪਗ 10 ਕਰੋੜ 13 ਲੱਖ 68 ਹਜ਼ਾਰ ਰੁਪਏ ਇਕੱਠੇ ਹੋਏ ਹਨ। ਜਦੋਂਕਿ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦਾ ਕੁੱਲ ਖਰਚ ਇੱਕ ਕਰੋੜ 73 ਲੱਖ 4 ਹਜ਼ਾਰ ਰੁਪਏ ਹੋਇਆ ਹੈ।
ਇਸ ਸਬੰਧ ਵਿੱਚ ਨਗਰ ਕੀਰਤਨ ਸਬ ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਨੇ ਕੀਤੀ। ਮੀਟਿੰਗ ਵਿੱਚ ਨਗਰ ਕੀਰਤਨ ਦੌਰਾਨ ਇਕੱਠੇ ਹੋਏ ਚੜ੍ਹਾਵੇ ਅਤੇ ਖਰਚ ਦੇ ਵੇਰਵਿਆਂ ‘ਤੇ ਚਰਚਾ ਕੀਤੀ ਗਈ।
ਮੀਟਿੰਗ ਦੇ ਸਮੂਹ ਮੈਂਬਰਾਂ ਨੇ ਆਪਸੀ ਸਹਿਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿਫਾਰਸ਼ ਕੀਤੀ ਕਿ ਸੰਗਤ ਵੱਲੋਂ ਭੇਟ ਕੀਤੀ ਇਸ ਰਕਮ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰ ਵਜੋਂ ਗੁਰੂ ਸਾਹਿਬ ਦੇ ਨਾਂ ‘ਤੇ ਵੱਖ ਵੱਖ ਜ਼ਿਲ੍ਹਿਆਂ ਵਿਚ ਸੰਗਤ ਦੇ ਸਹਿਯੋਗ ਨਾਲ ਵਧੀਆ ਸਕੂਲ ਖੋਲ੍ਹੇ ਜਾਣ।
ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦੀ ਸਹਿਮਤੀ ਕਾਰਨ ਹੀ ਸੰਭਵ ਹੋਇਆ ਹੈ। ਨਗਰ ਕੀਰਤਨ ਦੇ ਕੋਆਰਡੀਨੇਟਰ ਮਨਜੀਤ ਸਿੰਘ ਬਾਠ ਸਕੱਤਰ ਨੇ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਸੰਗਤ ਦੇ ਚੜ੍ਹਾਵੇ ਤੋਂ ਲਗਪਗ 10 ਕਰੋੜ 13 ਲੱਖ 68 ਹਜ਼ਾਰ 601 ਰੁਪਏ ਦੀ ਰਕਮ ਇਕੱਠੀ ਹੋਈ ਹੈ। ਜਦੋਂਕਿ ਕੁੱਲ ਖਰਚਾ ਇੱਕ ਕਰੋੜ 73 ਲੱਖ ਚਾਰ ਹਜ਼ਾਰ 444 ਰੁਪਏ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੰਗਤ ਵੱਲੋਂ ਸਤਿਕਾਰ ਵਜੋਂ ਸੋਨਾ, ਚਾਂਦੀ ਅਤੇ ਵਿਦੇਸ਼ੀ ਕਰੰਸੀ ਆਦਿ ਦਾ ਚੜ੍ਹਾਵਾ ਵੀ ਭੇਟ ਕੀਤਾ ਗਿਆ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …