ਸਾਬਕਾ ਪ੍ਰਧਾਨ ਮੰਤਰੀਆਂ ਦੇ ਪਰਿਵਾਰਾਂ ਨੂੰ ਨਹੀਂ ਮਿਲੇਗੀ ਸੁਰੱਖਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਐਸਪੀਜੀ ਸੁਰੱਖਿਆ ਬਿੱਲ ਪੇਸ਼ ਕਰ ਦਿੱਤਾ ਗਿਆ। ਇਸ ਨਵੇਂ ਬਿੱਲ ਦੇ ਮੁਤਾਬਕ ਹੁਣ ਸਾਬਕਾ ਪ੍ਰਧਾਨ ਮੰਤਰੀਆਂ ਦੇ ਪਰਿਵਾਰਾਂ ਨੂੰ ਐਸ.ਪੀ.ਜੀ. ਸੁਰੱਖਿਆ ਨਹੀਂ ਦਿੱਤੀ ਜਾਵੇਗੀ। ਮੌਜੂਦਾ ਪ੍ਰਧਾਨ ਮੰਤਰੀ ਦੇ ਪਰਿਵਾਰ ਨੂੰ ਐਸ.ਪੀ.ਜੀ. ਸੁਰੱਖਿਆ ਉਦੋਂ ਹੀ ਮਿਲੇਗੀ ਜਦ ਉਹ ਪ੍ਰਧਾਨ ਮੰਤਰੀ ਦੇ ਨਾਲ ਉਨ੍ਹਾਂ ਦੇ ਸਰਕਾਰੀ ਨਿਵਾਸ ‘ਤੇ ਰਹਿੰਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਗਾਂਧੀ ਪਰਿਵਾਰ ਦੇ ਐਸ.ਪੀ.ਜੀ. ਕਵਰ ਨੂੰ ਵਾਪਸ ਲੈ ਚੁੱਕੀ ਹੈ। ਇਸ ਲਈ ਐਸ.ਪੀ.ਜੀ. ਸੁਰੱਖਿਆ ਬਿਲ ਹਾਲ ਦੇ ਘਟਨਾਕ੍ਰਮ ਦੇ ਮੱਦੇਨਜ਼ਰ ਬੇਹੱਦ ਮਹੱਤਵਪੂਰਨ ਹੈ। ਗਾਂਧੀ ਪਰਿਵਾਰ ਵਿਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਰਾਜੀਵ ਗਾਂਧੀ ਦੀ ਹੱਤਿਆ ਤੋਂ ਬਾਅਦ ਐਸ.ਪੀ.ਜੀ. ਸੁਰੱਖਿਆ ਦਿੱਤੀ ਗਈ ਸੀ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਐਸ.ਪੀ.ਜੀ. ਦੀ ਸੁਰੱਖਿਆ ਦਿੱਤੀ ਗਈ ਸੀ, ਪਰ ਸੁਰੱਖਿਆ ਸਮੀਖਿਆ ਤੋਂ ਬਾਅਦ ਸਾਰਿਆਂ ਕੋਲੋਂ ਇਹ ਸੁਰੱਖਿਆ ਵਾਪਸ ਲੈ ਗਈ ਸੀ। ਕਾਂਗਰਸ ਪਾਰਟੀ ਨੇ ਐਸ.ਪੀ.ਜੀ. ਸੁਰੱਖਿਆ ਹਟਾਉਣ ਦਾ ਵਿਰੋਧ ਕੀਤਾ ਹੈ। ਕਾਂਗਰਸ ਨੇ ਇਹ ਮੁੱਦਾ ਸੰਸਦ ਵਿਚ ਵੀ ਉਠਾਇਆ ਸੀ ਅਤੇ ਇਸ ਨੂੰ ਲੈ ਕੇ ਸੜਕਾਂ ‘ਤੇ ਪ੍ਰਦਰਸ਼ਨ ਵੀ ਕੀਤਾ ਸੀ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …