ਰਾਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ ਤੇ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਜਨਰਲ ਸਕੱਤਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁੱਧਵਾਰ ਨੂੰ ਹੋਏ ਜਨਰਲ ਇਜਲਾਸ ਵਿਚ ਗੋਬਿੰਦ ਸਿੰਘ ਲੌਂਗੋਵਾਲ ਨੂੰ ਬਿਨਾਂ ਕਿਸੇ ਵਿਰੋਧ ਦੇ ਤੀਜੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ‘ਚ ਬਾਕੀ ਅਹੁਦਿਆਂ ‘ਤੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਨਰਲ ਇਜਲਾਸ ਦੌਰਾਨ ਕੁਝ ਮੰਗਾਂ ਨੂੰ ਲੈ ਕੇ ਸੁਖਦੇਵ ਸਿੰਘ ਭੌਰ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਕੁਝ ਮੈਂਬਰਾਂ ਨੇ ਬਾਈਕਾਟ ਕੀਤਾ।
ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਜਨਰਲ ਇਜਲਾਸ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਨਵਾਂਸ਼ਹਿਰ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ। ਇਸੇ ਤਰ੍ਹਾਂ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਭੁਪਿੰਦਰ ਸਿੰਘ ਅਸੰਧ, ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਸ਼ੇਰ ਸਿੰਘ ਮੰਡਵਾਲਾ, ਪਰਮਜੀਤ ਕੌਰ ਲਹਿਰਾ, ਕੁਲਦੀਪ ਕੌਰ ਟੌਹੜਾ, ਜਸਮੇਰ ਸਿੰਘ ਲਾਛੜੂ, ਅਮਰਜੀਤ ਸਿੰਘ ਭਲਾਈਪੁਰ, ਸੁਰਜੀਤ ਸਿੰਘ ਕੰਗ ਰਾਜਸਥਾਨ, ਇੰਦਰਮੋਹਨ ਸਿੰਘ ਲਖਮੀਰਵਾਲਾ ਅਤੇ ਮਗਵਿੰਦਰ ਸਿੰਘ ਖਾਪੜਖੇੜੀ ਸ਼ਾਮਲ ਹਨ।
ਦੂਜੀ ਧਿਰ ਵਲੋਂ ਕਿਸੇ ਵੀ ਅਹੁਦੇ ਲਈ ਉਮੀਦਵਾਰ ਦੇ ਨਾਂ ਦੀ ਪੇਸ਼ਕਸ਼ ਨਹੀਂ ਕੀਤੀ ਗਈ ਜਿਸ ਕਾਰਨ ਚੋਣ ਪ੍ਰਕਿਰਿਆ ਸਿਰਫ਼ ਅੱਧੇ ਘੰਟੇ ਵਿਚ ਹੀ ਮੁਕੰਮਲ ਹੋ ਗਈ। ਜ਼ਿਕਰਯੋਗ ਹੈ ਕਿ ਗੋਬਿੰਦ ਸਿੰਘ ਲੌਂਗੋਵਾਲ 2017 ਅਤੇ 2018 ਵਿਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਨ। ਜਨਰਲ ਇਜਲਾਸ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵੀ ਹਾਜ਼ਰ ਸਨ ਜਦੋਂਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ ਨੇ ਇਜਲਾਸ ਦੀ ਸ਼ੁਰੂਆਤ ਕੀਤੀ ਅਤੇ ਸ਼ੁਰੂ ਵਿਚ ਲੌਂਗੋਵਾਲ ਵਲੋਂ ਸ਼ੋਕ ਮਤੇ ਪੜ੍ਹੇ ਗਏ। ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨਗੀ ਵਾਸਤੇ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਂ ਪੇਸ਼ ਕੀਤਾ, ਜਿਸ ਦੀ ਤਾਈਦ ਤੇ ਮਜੀਦ ਅਲਵਿੰਦਰ ਪਾਲ ਸਿੰਘ ਪੱਖੋਕੇ ਅਤੇ ਦਲਜੀਤ ਸਿੰਘ ਭਿੰਡਰ ਨੇ ਕੀਤੀ। ਜਨਰਲ ਇਜਲਾਸ ਦੀ ਸਮਾਪਤੀ ‘ਤੇ ਸਮੁੱਚੀ ਟੀਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਹੋਰਨਾਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਕੱਤਰਤਾ ਵਿਚ ਕੁਲ 154 ਮੈਂਬਰ ਹਾਜ਼ਰ ਸਨ ਅਤੇ 15 ਮੈਂਬਰ ਗੈਰਹਾਜ਼ਰ ਰਹੇ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿਚੋਂ 14 ਮੈਂਬਰਾਂ ਦਾ ਦੇਹਾਂਤ ਹੋ ਚੁੱਕਾ ਹੈ ਅਤੇ ਦੋ ਮੈਂਬਰ ਅਸਤੀਫ਼ਾ ਦੇ ਚੁੱਕੇ ਹਨ।
ਤੀਜੀ ਵਾਰ ਪ੍ਰਧਾਨ ਬਣਨ ਮਗਰੋਂ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਕਾਰਜਕਾਲ ਦਾ ਸਮਾਂ ਅਤੇ ਜਨਰਲ ਇਜਲਾਸ ਵੀ ਤਿੰਨ ਦਿਨਾਂ ਦਾ ਹੋਣਾ ਚਾਹੀਦਾ ਹੈ ਤਾਂ ਜੋ ਉਸ ਵਿੱਚ ਸਾਰਿਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲ ਸਕੇ। ਮੈਂਬਰ ਆਪਣੇ ਇਲਾਕਿਆਂ ਦੀ ਕਾਰਗੁਜ਼ਾਰੀ ਉਸ ਵਿੱਚ ਦੱਸ ਸਕਣ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵਾਂ ਹਾਊਸ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੀ ਤਰਜਮਾਨੀ ਕਰੇਗਾ।
ਐਸਜੀਪੀਸੀ 10 ਸਾਲਾਂ ਤੋਂ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ‘ਤੇ ਅਮਲ ਨਹੀਂ ਕਰ ਸਕੀ : ਬਲਵਿੰਦਰ ਬੈਂਸ : ਬਲਵਿੰਦਰ ਸਿੰਘ ਬੈਂਸ ਅਤੇ ਹੋਰ ਅੱਧੀ ਦਰਜਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਵਿਰੋਧ ਕਰਦੇ ਹੋਏ ਕਿਹਾ ਕਿ ਲੌਂਗੋਵਾਲ ਦੇ ਆਪਣੇ ਇਲਾਕੇ ਵਿਚ ਇਕ ਨਕਲੀ ਹਰਿਮੰਦਰ ਸਾਹਿਬ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਐਸਜੀਪੀਸੀ ਦੀ ਕਾਰਜਕਰਨੀ ਨੇ ਇਸ ਨਕਲੀ ਹਰਿਮੰਦਰ ਨੂੰ ਡੇਗਣ ਦਾ ਮਤਾ ਪਾਸ ਕੀਤਾ ਸੀ ਅਤੇ ਇਸ ਹਰਿਮੰਦਰ ਨੂੰ ਡੇਗਣ ਦੇ ਨਿਰਦੇਸ਼ ਦਿੱਤੇ ਹੋਏ ਸਨ। 10 ਸਾਲਾਂ ਬਾਅਦ ਵੀ ਐਸਜੀਪੀਸੀ ਆਪਣੀ ਕਾਰਜਕਰਨੀ ਦੇ ਮਤੇ ਅਤੇ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਨੂੰ ਲਾਗੂ ਕਰਨ ਵਿਚ ਅਸਫਲ ਹੋਈ ਹੈ। ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਐਸਜੀਪੀਸੀ ਦੇ ਵਿਰੋਧ ਵਿਚ ਨਾਅਰੇ ਲਗਾਉਂਦੇ ਹੋਏ ਇਕੱਤਰਤਾ ਦਾ ਬਾਈਕਾਟ ਵੀ ਕੀਤਾ।
ਮੁੱਖ ਸਮਾਗਮ ‘ਤੇ ਖਰਚ ਕੀਤੇ 12 ਕਰੋੜ ਅਤੇ ਅਧਿਆਪਕਾਂ ਨੂੰ 9 ਮਹੀਨਿਆਂ ਤੋਂ ਤਨਖਾਹ ਨਹੀਂ : ਭੌਰ : ਸੁਖਦੇਵ ਸਿੰਘ ਭੌਰ ਨੇ ਲੌਂਗੋਵਾਲ ਦਾ ਵਿਰੋਧ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਦੇ ਨਾਮ ‘ਤੇ 12 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਅਤੇ ਐਸਜੀਪੀਸੀ ਵਲੋਂ ਚਲਾਏ ਜਾ ਰਹੇ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ ਨੂੰ 9 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਰਹੀ। ਇਸ ਤੋਂ ਇਲਾਵਾ ਐਸਜੀਪੀਸੀ ਨੇ ਹੁਣ ਤੱਕ ਬਰਗਾੜੀ ਕਾਂਡ ਦੇ ਬਾਰੇ ਵਿਚ ਕੋਈ ਵੀ ਮਤਾ ਪੇਸ਼ ਨਹੀਂ ਕੀਤਾ। ਦਿੱਲੀ ਅਤੇ ਹੋਰ ਰਾਜਾਂ ਵਿਚ ਸਿੱਖ ਬੱਚਿਆਂ ਦੀ ਦਸਤਾਰ ਅਤੇ ਕਕਾਰ ਉਤਾਰੇ ਜਾ ਰਹੇ ਹਨ, ਇਸ ‘ਤੇ ਵੀ ਐਸਜੀਪੀਸੀ ਖਾਮੋਸ਼ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …