Breaking News
Home / ਦੁਨੀਆ / 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਮਿੰਘਮ ‘ਚ ਵਿਸ਼ਾਲ ਸਮਾਗਮ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਮਿੰਘਮ ‘ਚ ਵਿਸ਼ਾਲ ਸਮਾਗਮ

ਕੈਪਟਨ ਅਮਰਿੰਦਰ ਨੇ ਭਾਰਤ-ਪਾਕਿ ਦੋਸਤੀ ਦੀ ਕੀਤੀ ਜ਼ੋਰਦਾਰ ਵਕਾਲਤ
ਬਰਮਿੰਘਮ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀ ਖੁਸ਼ਹਾਲੀ ਤੇ ਵਿਕਾਸ ਲਈ ਪਾਕਿਸਤਾਨ ਨਾਲ ਸ਼ਾਂਤੀ ਤੇ ਦੋਸਤੀ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਭਾਰਤ ਕਥਿਤ ਤੌਰ ‘ਤੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਤੋਂ ਸਮਰਥਨ ਲੈਣ ਵਾਲੇ ਸਿੱਖਸ ਫਾਰ ਜਸਟਿਸ (ਐੱਸਐਫਜੇ) ਨੂੰ ਦੇਸ਼ ਦੀ ਅਖੰਡਤਾ ਤੇ ਸਥਿਰਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ। ਮੁੱਖ ਮੰਤਰੀ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰ ਰਹੇ ਸਨ।
ਮੁੱਖ ਮੰਤਰੀ ਨੇ ਆਲਮੀ ਸਮੱਸਿਆਵਾਂ ਦੇ ਹੱਲ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਅਨੁਸਾਰ ਸ਼ਾਂਤੀ ਦੇ ਪਸਾਰ ਲਈ ਗੁਆਂਢੀ ਮੁਲਕਾਂ ਨਾਲ ਦੋਸਤਾਨਾ ਸਬੰਧ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਇਹ ਗੱਲ ਆਖੀ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਕਈ ਚੁਣੌਤੀਆਂ ਦਾ ਸਾਹਮਣਾ ਕੀਤਾ ਸੀ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਹ ਬੀਤੇ ਸਮੇਂ ਨੂੰ ਭੁੱਲ ਕੇ ਦੋਸਤੀ ਦੀ ਭਾਵਨਾ ਨਾਲ ਅੱਗੇ ਵਧਦਿਆਂ ਆਪਣੀ ਤਰੱਕੀ ਯਕੀਨੀ ਬਣਾਉਣ।
ਗੁਰੂ ਨਾਨਕ ਦੇਵ ਜੀ ਦੇ ‘ਪਰਮਾਤਮਾ ਇੱਕ ਹੈ’ ਦੇ ਫ਼ਲਸਫ਼ੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਭਵਿੱਖ ਸੁਰੱਖਿਅਤ ਕਰਨ ਅਤੇ ਪੰਜਾਬ ਤੇ ਇਸ ਦੇ ਲੋਕਾਂ ਦੇ ਵਿਕਾਸ ਲਈ ਧਰਮਾਂ-ਜਾਤਾਂ ਦੇ ਵਖ਼ਰੇਵਿਆਂ ਤੋਂ ਉਪਰ ਉੱਠਣ ਦੀ ਲੋੜ ‘ਤੇ ਜ਼ੋਰ ਦਿੱਤਾ।
ਪ੍ਰਦੂਸ਼ਣ ਅਤੇ ਪਾਣੀ ਦੀ ਘਾਟ ਵਰਗੀਆਂ ਵਿਸ਼ਵ-ਵਿਆਪੀ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਜੋ 550 ਸਾਲ ਪਹਿਲਾਂ ਸੰਕੇਤ ਦਿੱਤਾ ਸੀ, ਉਹ ਹੁਣ ਅਮਲੀ ਰੂਪ ਵਿਚ ਹੋ ਰਿਹਾ ਹੈ। ਗੁਰੂ ਸਾਹਿਬ ਨੇ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਾਂਝੇ ਉੱਦਮਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਸੀ।
ਉਨ੍ਹਾਂ ਪਰਵਾਸੀਆਂ ਨੂੰ ਅਪੀਲ ਕੀਤੀ ਕੀ ਉਹ ਪਿਛੋਕੜ ਨੂੰ ਯਾਦ ਰੱਖਣ ਅਤੇ ਪੰਜਾਬ ਦੀ ਤਰੱਕੀ ਲਈ ਹਰ ਢੰਗ ਨਾਲ ਯੋਗਦਾਨ ਦੇਣ। ਮੁੱਖ ਮੰਤਰੀ ਨੇ ਬਰਤਾਨੀਆ ਵਿਚਲੇ ਭਾਰਤੀਆਂ ਨੂੰ 5-6 ਦਸੰਬਰ ਨੂੰ ਮੁਹਾਲੀ ਵਿਖੇ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ਲਈ ਸੱਦਾ ਦਿੱਤਾ ਤਾਂ ਜੋ ਆਰਥਿਕ ਤਰੱਕੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸੂਬੇ ਨੂੰ ਖੇਤੀਬਾੜੀ ਤੋਂ ਉਦਯੋਗਾਂ ਵੱਲ ਲਿਜਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ। ਕਰਤਾਰਪੁਰ ਲਾਂਘੇ ਨੂੰ ਭਾਰਤ ਅਤੇ ਪਾਕਿਸਤਾਨ ਦਰਮਿਆਨ ਬਿਹਤਰ ਸਬੰਧਾਂ ਦੀ ਸ਼ੁਰੂਆਤ ਦੱਸਦਿਆਂ ਕੈਪਟਨ ਨੇ ਉਮੀਦ ਕੀਤੀ ਕਿ ਇਹ ਕਦਮ ‘ਖੁੱਲ੍ਹੇ ਦਰਸ਼ਨ-ਦੀਦਾਰ’ ਦੀ ਮੰਗ ਕਰਨ ਵਾਲੇ ਭਾਰਤੀਆਂ ਲਈ ਪਾਕਿਸਤਾਨ ਵਿੱਚ ਹੋਰ ਮਹੱਤਵਪੂਰਨ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋਣ ਦਾ ਰਾਹ ਪੱਧਰਾ ਕਰੇਗਾ।
ਯਾਦਗਾਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਯੂ.ਕੇ. ਵਿੱਚ ਵਸਦੇ ਕਈ ਨਾਮਵਰ ਪਰਵਾਸੀ ਭਾਰਤੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬਰਮਿੰਘਮ ਦੇ ਲਾਰਡ ਬਿਸ਼ਪ ਦੇ ਨੁਮਾਇੰਦੇ ਨੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਜੋਂ ਤਿਆਰ ਕੀਤੀ ਇੱਕ ਵਿਸ਼ੇਸ਼ ਤਖਤੀ ਵੀ ਭੇਟ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ‘ਤੇ ਲਾਈ ਸੇਵਾ ਫ਼ੀਸ ਬਾਰੇ ਪਾਕਿਸਤਾਨ ਨੂੰ ਮੁੜ ਵਿਚਾਰ ਕਰਨ ਲਈ ਕਿਹਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸ਼ਰਧਾਲੂਆਂ ਲਈ ਯਾਤਰਾ ਸੁਖਾਲੀ ਕਰਨ ਖ਼ਾਤਰ ਪਾਸਪੋਰਟ ਦੀ ਜ਼ਰੂਰਤ ਬਾਰੇ ਵੀ ਮੁੜ ਸੋਚਿਆ ਜਾਵੇ।
ਕਾਲੀ ਸੂਚੀ ਮੁਕੰਮਲ ਤੌਰ ‘ਤੇ ਹੋ ਚੁੱਕੀ ਹੈ ਖ਼ਤਮ : ਕੈਪਟਨ
ਲੰਡਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਬਰਮਿੰਘਮ ਵਿਖੇ ਕਰਵਾਏ ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲੀ ਸੂਚੀ ਮੁਕੰਮਲ ਤੌਰ ‘ਤੇ ਖ਼ਤਮ ਹੋ ਚੁੱਕੀ ਹੈ, ਜਿਹੜੇ ਪਰਵਾਸੀ ਲੋਕਾਂ ‘ਤੇ ਕਿਸੇ ਵੀ ਤਰ੍ਹਾਂ ਦੇ ਕੇਸ ਹਨ, ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਸਾਡੀ ਪੁਲਿਸ ਨੂੰ ਪਹਿਲਾਂ ਦੱਸ ਦੇਵੋ, ਅਸੀਂ ਹਵਾਈ ਅੱਡਿਆਂ ‘ਤੇ ਪਹਿਲਾਂ ਹੀ ਸੂਚਿਤ ਕਰ ਦੇਵਾਂਗੇ, ਤਾਂ ਕਿ ਕਿਸੇ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪਰਵਾਸੀਆਂ ਦੇ ਮਸਲਿਆਂ ਲਈ ਵਿਸ਼ੇਸ਼ ਅਦਾਲਤਾਂ ਨੂੰ ਚਾਲੂ ਕਰ ਰਹੇ ਹਾਂ, ਤਾਂ ਕਿ ਕਾਨੂੰਨੀ ਪ੍ਰਕਿਰਿਆ ਜਲਦੀ ਖ਼ਤਮ ਹੋਵੇ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਮੰਨਿਆ ਕਿ ਪਰਵਾਸੀਆਂ ਦਾ ਜ਼ਮੀਨਾਂ ਜਾਇਦਾਦਾਂ ਵੇਚਣ ਦਾ ਕਾਰਨ ਡਰ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪਟਵਾਰੀਆਂ ਤੇ ਤਹਿਸੀਲਦਾਰਾਂ ਦੇ ਚੱਕਰਾਂ ਤੋਂ ਬਚਾਉਣ ਲਈ ਅਸੀਂ ਸਭ ਕੁਝ ਆਨਲਾਈਨ ਕਰ ਦਿੱਤਾ ਹੈ, ਦੂਜਾ ਪੁਲਿਸ ਵਲੋਂ ਤੰਗ ਕੀਤੇ ਜਾਣ ਤੋਂ ਰੋਕਣ ਲਈ ਅਸੀਂ ਵਿਸ਼ੇਸ਼ ਸੈੱਲ ਕਾਇਮ ਕੀਤੇ ਹਨ।
ਸਿੱਖ ਆਗੂਆਂ ਨੇ ਕੈਪਟਨ ਅਮਰਿੰਦਰ ਦੀ ਫੇਰੀ ਦਾ ਕੀਤਾ ਜ਼ਬਰਦਸਤ ਵਿਰੋਧ
ਕੈਪਟਨ ਅਮਰਿੰਦਰ ਸਿੰਘ ਦੀ ਯੂ.ਕੇ. ਫੇਰੀ ਦਾ ਸਥਾਨਕ ਸਿੱਖ ਆਗੂਆਂ ਨੇ ਜ਼ਬਰਦਸਤ ਵਿਰੋਧ ਕੀਤਾ। ਸਿੱਖ ਆਗੂਆਂ ਅਤੇ ਰੈਫਰੰਡਮ 2020 ਦੇ ਸਮਰਥਕਾਂ ਵਲੋਂ ਸਮਾਗਮ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਦਿਆਂ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।

Check Also

ਈਰਾਨ ਨੂੰ ਹਮਲੇ ਦਾ ਜਵਾਬ ਦੇਵੇਗਾ ਇਜ਼ਰਾਈਲ

ਇਜ਼ਰਾਈਲੀ ਵਾਰ ਕੈਬਨਿਟ ਦੀ ਮੀਟਿੰਗ ’ਚ ਹੋਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਇਜ਼ਰਾਈਲ ’ਤੇ ਈਰਾਨ ਦੇ …