Breaking News
Home / ਪੰਜਾਬ / ਬੇਰੁਜ਼ਗਾਰ ਅਧਿਆਪਕਾਂ ‘ਤੇ ਸੰਗਰੂਰ ‘ਚ ਫਿਰ ਲਾਠੀਚਾਰਜ

ਬੇਰੁਜ਼ਗਾਰ ਅਧਿਆਪਕਾਂ ‘ਤੇ ਸੰਗਰੂਰ ‘ਚ ਫਿਰ ਲਾਠੀਚਾਰਜ

ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰ ਰਹੇ ਸਨ ਰੋਸ ਮੁਜ਼ਾਹਰਾ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ‘ਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਵੀ ਕੀਤੀ ਗਈ।
ਲਾਠੀਚਾਰਜ ਦੌਰਾਨ ਇੱਕ ਦਰਜਨ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋ ਗਏ ਹਨ। ਸੱਤ ਜਣਿਆਂ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਲਾਠੀਚਾਰਜ ਦੌਰਾਨ ਪੁਲਿਸ ਅਤੇ ਬੇਰੁਜ਼ਗਾਰ ਅਧਿਆਪਕਾਂ ਵਿਚਕਾਰ ਟਕਰਾਅ ਦੌਰਾਨ ਅੱਧੀ ਦਰਜਨ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਵੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਿਛਲੇ ਕਰੀਬ ਢਾਈ ਮਹੀਨਿਆਂ ਤੋਂ ਰੁਜ਼ਗਾਰ ਖ਼ਾਤਰ ਪੱਕੇ ਮੋਰਚੇ ਲਗਾ ਕੇ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਤੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ ਲਗਭਗ ਦੋ ਦਰਜਨ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ‘ਚ ਵਿਸ਼ਾਲ ਰੋਸ ਮਾਰਚ ਕੀਤਾ। ਬੇਰੁਜ਼ਗਾਰ ਅਧਿਆਪਕਾਂ ਦਾ ਕਾਫ਼ਲਾ ਜਦੋਂ ਮੰਤਰੀ ਦੀ ਕੋਠੀ ਨੇੜੇ ਪਹੁੰਚਿਆ ਤਾਂ ਬੈਰੀਕੇਡਾਂ ਅੱਗੇ ਪੁਲਿਸ ਅਤੇ ਬੇਰੁਜ਼ਗਾਰ ਅਧਿਆਪਕਾਂ ਵਿਚਾਲੇ ਟਕਰਾਅ ਹੋ ਗਿਆ।
ਟਕਰਾਅ ਮਗਰੋਂ ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਕੋਠੀ ਨਜ਼ਦੀਕ ਮੁੱਖ ਸੜਕ ‘ਤੇ ਆਵਾਜਾਈ ਠੱਪ ਕਰਕੇ ਧਰਨਾ ਲਗਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਿਛਲੇ ਢਾਈ ਮਹੀਨਿਆਂ ਦੌਰਾਨ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਈ ਵਾਰ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਟਕਰਾਅ ਹੋ ਚੁੱਕਿਆ ਹੈ ਤੇ ਲਾਠੀਚਾਰਜ ਵੀ ਕੀਤਾ ਜਾ ਚੁੱਕਾ ਹੈ। ਸੰਘਰਸ਼ ਦੀ ਹਮਾਇਤ ‘ਤੇ ਪਹੁੰਚੀਆਂ ਕਿਸਾਨ ਤੇ ਵਿਦਿਆਰਥੀ ਜਥੇਬੰਦੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀਆਂ ਵੱਲੋਂ ਵੱਡਾ ਸਾਂਝਾ ਘੋਲ ਵਿੱਢਿਆ ਜਾਵੇਗਾ।

ਸਿੱਖਿਆ ਮੰਤਰੀ ਵੱਲੋਂ ਭਰਤੀ ਲਈ ਸ਼ਰਤਾਂ ਬਦਲਣ ਦਾ ਭਰੋਸਾ
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ, ਬੇਰੁਜ਼ਗਾਰ ਈਟੀਟੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ ਨੇ ਦੱਸਿਆ ਕਿ ਐੱਸਡੀਐੱਮ ਬਬਨਜੀਤ ਸਿੰਘ ਵਾਲੀਆ ਨੇ ਡਿਪਟੀ ਕਮਿਸ਼ਨਰ ਰਾਹੀਂ ਸਿੱਖਿਆ ਮੰਤਰੀ ਵੱਲੋਂ ਭਰੋਸਾ ਦਿੱਤਾ ਹੈ ਕਿ ਇੱਕ ਹਫ਼ਤੇ ਦੇ ਅੰਦਰ ਕੈਬਨਿਟ ਦੀ ਮੀਟਿੰਗ ਰਾਹੀਂ ਅਧਿਆਪਕ ਭਰਤੀ ਲਈ ਇਤਰਾਜ਼ ਵਾਲੀਆਂ ਸ਼ਰਤਾਂ ਬਦਲੀਆਂ ਜਾਣਗੀਆਂ। ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ 8 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਇਸ ਤੋਂ ਪਹਿਲਾਂ 30 ਨਵੰਬਰ ਨੂੰ ਪੰਜਾਬ ਭਰ ‘ਚ ਅਰਥੀ ਫੂਕ ਮੁਜ਼ਾਹਰੇ ਹੋਣਗੇ ਅਤੇ 2 ਤੋਂ 8 ਦਸੰਬਰ ਤੱਕ ਕੈਬਨਿਟ ਮੰਤਰੀਆਂ ਨੂੰ ਮੰਗ-ਪੱਤਰ ਸੌਂਪੇ ਜਾਣਗੇ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …