Breaking News
Home / ਮੁੱਖ ਲੇਖ / ਜੇ ਐਨ ਯੂ, ਵਿਦਿਆਰਥੀ ਸੰਘਰਸ਼ ਤੇ ਸੱਤਾ

ਜੇ ਐਨ ਯੂ, ਵਿਦਿਆਰਥੀ ਸੰਘਰਸ਼ ਤੇ ਸੱਤਾ

ਬੂਟਾ ਸਿੰਘ
ਮੁਲਕ ਦੀ ਵੱਕਾਰੀ ਵਿਦਿਅਕ ਸੰਸਥਾ ਜੇਐੱਨਯੂ, ਨਵੀਂ ਦਿੱਲੀ ਇਸ ਵਕਤ ਵਿਦਿਆਰਥੀ ਸੰਘਰਸ਼ ਕਾਰਨ ਸੁਰਖ਼ੀਆਂ ਵਿਚ ਹੈ। ਸੱਤਾ ਧਿਰ ਅਨੁਸਾਰ ਇਹ ਦੇਸ਼ਧ੍ਰੋਹੀ ‘ਟੁਕੜੇ ਟੁਕੜੇ ਗੈਂਗ’ ਦਾ ਖ਼ਤਰਨਾਕ ਅੱਡਾ ਹੈ। ਪਹਿਲਾਂ ਫਰਵਰੀ 2016 ਵਿਚ ਸੈਮੀਨਾਰ ਦੇ ਬਹਾਨੇ ਕੱਟੜਪੰਥੀ ਬ੍ਰਿਗੇਡ ਵੱਲੋਂ ਯੂਨੀਵਰਸਿਟੀ ਦੇ ਸ਼੍ਰੇਸ਼ਟ ਅਕਾਦਮਿਕ ਮਾਹੌਲ ਉੱਪਰ ਕੀਤੇ ਹਮਲੇ ਅਤੇ ਤਿੰਨ ਜ਼ਹੀਨ ਵਿਦਿਆਰਥੀ ਆਗੂਆਂ ਦੀ ਗ੍ਰਿਫ਼ਤਾਰੀ ਨਾਲ ਇਹ ਸੰਸਥਾ ਚਰਚਾ ਵਿਚ ਆਈ ਸੀ। ਉਦੋਂ ਜੇਐੱਨਯੂ ਦੇ ਰੌਸ਼ਨ-ਖ਼ਿਆਲ ਵਿਦਿਆਰਥੀਆਂ-ਅਧਿਆਪਕਾਂ ਨੇ ਤਿੱਖੇ ਸੰਵਾਦ ਦਾ ਮੋਰਚਾ ਖੋਲ੍ਹ ਕੇ ਸੱਤਾ ਨੂੰ ਲਾਜਵਾਬ ਕੀਤਾ ਅਤੇ ‘ਦੇਸ਼ਭਗਤੀ’ ਦੇ ਮਨਘੜਤ ਬਿਰਤਾਂਤ ਤੇ ਇਸ ਬਿਰਤਾਂਤ ਉੱਪਰ ਆਧਾਰਿਤ ਹਮਲੇ ਨੂੰ ਪਛਾੜ ਦਿੱਤਾ। ਦਰਅਸਲ, ਇਸ ਹਮਲੇ ਪਿੱਛੇ ਵਿਚਾਰਾਂ ਦੀ ਆਜ਼ਾਦੀ ਤੇ ਵੰਨ-ਸਵੰਨਤਾ ਕੁਚਲਣ ਅਤੇ ਅਕਾਦਮਿਕ ਸੰਸਥਾਵਾਂ ਦੇ ਰਚਨਾਤਮਕ ਤੇ ਆਲੋਚਨਾਤਮਕ ਮਾਹੌਲ ਨੂੰ ਖ਼ਤਮ ਕਰਨ ਦਾ ਖ਼ਾਸ ਮਨੋਰਥ ਕੰਮ ਕਰ ਰਿਹਾ ਸੀ।
ਇਸ ਦਾ ਪਹਿਲਾ ਸੰਕੇਤ ਨੋਬੇਲ ਜੇਤੂ ਅਮਰਤਿਆ ਸੇਨ ਦੇ ਨਾਲੰਦਾ ਯੂਨੀਵਰਸਿਟੀ ਦੇ ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਦੇਣ ਨਾਲ ਸਾਹਮਣੇ ਆਇਆ। ਫਿਰ ਆਈਆਈਟੀ, ਐੱਫਟੀਆਈਆਈ, ਐੱਚਸੀਯੂ, ਬੀਐੱਚਯੂ, ਭਾਵ ਇਕ ਪਿੱਛੋਂ ਇਕ ਕੇਂਦਰੀ ਯੂਨੀਵਰਸਿਟੀਆਂ ਅਤੇ ਹੋਰ ਆਹਲਾ ਮਿਆਰੀ ਸੰਸਥਾਵਾਂ ਇਸ ਹਮਲੇ ਦਾ ਨਿਸ਼ਾਨਾ ਬਣੀਆਂ ਅਤੇ ਲਗਾਤਾਰ ਬਣ ਰਹੀਆਂ ਹਨ। ਇਸੇ ਸਿਲਸਿਲੇ ਤਹਿਤ ਹੁਣ ਜੇਐੱਨਯੂ ਉੱਪਰ ਨਵੇਂ ਹੋਸਟਲ ਮੈਨੂਅਲ ਰਾਹੀਂ ਤਰਕਹੀਣ ਬੋਝ ਥੋਪਿਆ ਗਿਆ ਹੈ ਜੋ ਆਰਥਿਕ ਤੌਰ ‘ਤੇ ਨਿਤਾਣੇ ਤੇ ਸਾਧਨਹੀਣ ਹਿੱਸਿਆਂ ਨੂੰ ਉਚੇਰੀ ਵਿਦਿਆ ਤੋਂ ਵਾਂਝੇ ਕਰਨ ਅਤੇ ਗਿਆਨ ਉੱਪਰ ਵਿਸ਼ੇਸ਼-ਅਧਿਕਾਰ ਪ੍ਰਾਪਤ ਵਰਗ ਦਾ ਗ਼ਲਬਾ ਮੁੜ ਸਥਾਪਤ ਕਰਨ ਦੇ ਖ਼ਾਸ ਸਮਾਜਿਕ ਪ੍ਰਾਜੈਕਟ ਦਾ ਹਿੱਸਾ ਹੈ।
ਹੁਣ ਅਵਾਮ ਨੂੰ ਗਿਆਨ ਤੋਂ ਵਾਂਝੇ ਕਰਨ ਲਈ ਕੰਨਾਂ ਵਿਚ ਸਿੱਕਾ ਢਾਲ ਕੇ ਪਾਉਣ ਦੇ ਕੁੱਢਰ ਬ੍ਰਾਹਮਣਵਾਦੀ ਜ਼ੁਲਮਾਂ ਦਾ ‘ਪੁਰਾਤਨ ਸੁਨਹਿਰੀ ਯੁਗ’ ਨਹੀਂ, ਹੁਣ ਅਦਿੱਖ ਸੂਖ਼ਮ ਤਕਨੀਕ ਈਜਾਦ ਕਰ ਲਈ ਗਈ ਹੈ। ਜੇਐੱਨਯੂ ਦੇ ਵਿਦਿਆਰਥੀ ਇਸ ਹਮਲੇ ਪਿਛਲੇ ਮਨੋਰਥ ਨੂੰ ਬਾਖ਼ੂਬੀ ਸਮਝਦੇ ਹਨ; ਇਸੇ ਲਈ ਉਨ੍ਹਾਂ ਅੰਸ਼ਕ ਰਾਹਤ ਦੀ ਪੇਸ਼ਕਸ਼ ਸਵੀਕਾਰ ਨਹੀਂ ਕੀਤੀ। ਉਹ ਨਵਾਂ ਹੋਸਟਲ ਮੈਨੂਅਲ ਪੂਰੀ ਤਰ੍ਹਾਂ ਰੱਦ ਕਰਾਉਣ ਅਤੇ ਸਾਰਿਆਂ ਦੀ ਪਹੁੰਚ ਵਿਚ ਸਸਤੀ ਵਿਦਿਆ ਮੁਹੱਈਆ ਕਰਵਾਏ ਜਾਣ ਦੀ ਮੰਗ ਉੱਪਰ ਦ੍ਰਿੜ ਹਨ।
ਇਹ ਸੰਘਰਸ਼ ਵਰਤਮਾਨ ਲਈ ਨਹੀਂ, ਮੁਲਕ ਦੇ ਭਵਿੱਖ ਲਈ ਲੜਿਆ ਰਿਹਾ ਹੈ। ਇਸੇ ਕਾਰਨ ਪਾਰਲੀਮੈਂਟ ਵੱਲ ਮਹਾਂ ਮਾਰਚਾਂ ਵਿਚ ਹੋਰ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਨਾਲ ਨਾਲ ਸਿਵਲ ਸੁਸਾਇਟੀ ਦੇ ਲੋਕ ਵੀ ਸ਼ਾਮਲ ਹੋ ਰਹੇ ਹਨ। ਨਵੀਂ ਕੌਮੀ ਸਿੱਖਿਆ ਨੀਤੀ ਰਾਹੀਂ ਵਿਦੇਸ਼ੀ ਯੂਨੀਵਰਸਿਟੀਆਂ ਖੋਲ੍ਹਣ ਦੀ ਸਿਫ਼ਾਰਸ਼ ਅਤੇ ਕਾਰਪੋਰੇਟ ਯੂਨੀਵਰਸਿਟੀਆਂ ਦੇ ਕਾਰੋਬਾਰੀ ਹਿਤ ਲਈ ਸਰਕਾਰੀ ਸਰਪ੍ਰਸਤੀ ਵਾਲੇ ਉੱਚ ਵਿਦਿਅਕ ਢਾਂਚੇ ਨੂੰ ਖ਼ਤਮ ਕਰਨ ਦੀ ਤਿਆਰੀ ਆਦਿ ਵੱਡੇ ਮੁੱਦਿਆਂ ਦੀ ਚਰਚਾ ਜੇਐੱਨਯੂ ਦੇ ਮੁੱਦਿਆਂ ਜ਼ਰੀਏ ਬਾਖ਼ੂਬੀ ਹੋ ਰਹੀ ਹੈ।
ਇਹ ਸੰਘਰਸ਼ ਇਸ ਲਈ ਹੈ ਕਿ ਵਿਦਿਅਕ ਸੰਸਥਾਵਾਂ ਦੇ ਨਾਂ ਹੇਠ ਕਾਰਪੋਰੇਟ ਦੁਕਾਨਾਂ ਖੋਲ੍ਹਣ ਅਤੇ ਵਾਂਝੇ ਹਿੱਸਿਆਂ ਨੂੰ ਐਜੂਕੇਸ਼ਨ ਲੋਨ ਦੀ ‘ਸਹੂਲਤ’ ਦੇਣ ਵਾਲੇ ਸਿੱਖਿਆ ਮਾਡਲ ਦੀਆਂ ਪੈਰੋਕਾਰ ਤਾਕਤਾਂ ਆਪਣੀ ਜੇਐੱਨਯੂ ਦੇ ਸਸਤੀ ਵਿਦਿਆ ਦੇ ਮਾਡਲ ਨੂੰ ਤਬਾਹ ਕਰਨ ਦੀ ਸੋਚ ਨੂੰ ਅੰਜਾਮ ਦੇਣ ਵਿਚ ਕਾਮਯਾਬ ਨਾ ਹੋ ਜਾਣ। ਉਨ੍ਹਾਂ ਦੀ ਸਥਾਨਕ ਜਾਪਦੀ ਮੰਗ ਦਾ ਘੇਰਾ ਸਿੱਖਿਆ ਦੇ ਬੁਨਿਆਦੀ ਹੱਕ ਦੀ ਅਮਲਦਾਰੀ ਯਕੀਨੀ ਬਣਾਉਣ ਅਤੇ ਸਦੀਵੀ ਵਾਂਝੇਪਣ ਤੋਂ ਪੀੜਤ ਹਿੱਸਿਆਂ ਨੂੰ ਸਮਾਜੀ ਨਿਆਂ ਦੇਣ ਲਈ ਹਰ ਸੂਬੇ ਵਿਚ ਜੇਐੱਨਯੂ ਤਰਜ਼ ‘ਤੇ ਸਸਤੀ ਵਿਦਿਆ ਦੇਣ ਦੀ ਮੰਗ ਤਕ ਵਿਸ਼ਾਲ ਹੈ। ਇਸ ਸੰਘਰਸ਼ ਦੇ ਕੇਂਦਰ ਵਿਚ ਵਿਦਿਆ ਨੂੰ ਪੈਸੇ ਦੇ ਜ਼ੋਰ ਖ਼ਰੀਦੀ ਜਾਣ ਵਾਲੀ ਮੰਡੀ ਦੀ ਵਸਤੂ ਬਣਾਏ ਜਾਣ ਦੀ ਸੱਤਾ ਦੀ ਧੁਸ ਅਤੇ ਧੌਂਸ ਨੂੰ ਰੋਕ ਕੇ ਬੁਨਿਆਦੀ ਮਨੁੱਖੀ ਹੱਕ ਨੂੰ ਮਹਿਫੂਜ਼ ਕਰਨ ਅਤੇ ਇਸ ਤੋਂ ਵੀ ਅੱਗੇ ਸਮਾਜੀ ਨਿਆਂ ਲੈਣ ਦਾ ਸਵਾਲ ਹੈ।
ਸੰਘਰਸ਼ ਦਾ ਇਕ ਹੋਰ ਮੁੱਖ ਸਰੋਕਾਰ ਮਨੁੱਖੀ ਸ਼ਖ਼ਸੀਅਤ ਦੇ ਨਿਖਾਰ ਅਤੇ ਬੌਧਿਕ ਵਿਕਾਸ ਲਈ ਲਾਜ਼ਮੀ ਜਮਹੂਰੀ ਸਪੇਸ ਦੀ ਰਾਖੀ ਹੈ। ਪੰਜ ਸਾਲਾਂ ਵਿਚ ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰਿਆਂ ਉੱਪਰ 66 ਅਰਬ ਰੁਪਏ ਖ਼ਰਚਣ ਵਾਲੀ ਸੱਤਾ ਧਿਰ ਅਗਰ ਜੇਐੱਨਯੂ ਦੀ ਸਸਤੀ ਪੜ੍ਹਾਈ ਨੂੰ ਸਰਕਾਰੀ ਫੰਡਾਂ ਦੀ ਬਰਬਾਦੀ ਦੱਸ ਰਹੀ ਹੈ ਤਾਂ ਉਨ੍ਹਾਂ ਦੇ ਵਿਰੋਧ ਦੇ ਕਾਰਨਾਂ ਨੂੰ ਸਮਝਣਾ ਮੁਸ਼ਕਿਲ ਨਹੀਂ। ਇਸ ਧਿਰ ਨੂੰ ਅਸਲ ਔਖ ਨਾਗਰਿਕਾਂ ਦੇ ਟੈਕਸਾਂ ਦੇ ਪੈਸੇ ਦੀ ਵਰਤੋਂ ਨੂੰ ਲੈ ਕੇ ਨਹੀਂ ਸਗੋਂ ਸਥਾਪਤੀ ਦੀ ਫਿਰਕੂ ਵਿਚਾਰਧਾਰਾ ਨੂੰ ਬੌਧਿਕ ਚੁਣੌਤੀ ਦੇਣ ਅਤੇ ਸਵਾਲ ਕਰਨ ਦੀ ਜਾਚ ਤੇ ਜਿਊਣ ਦਾ ਸਲੀਕਾ ਸਿਖਾਉਣ ਵਾਲੇ ਅਕਾਦਮਿਕ ਮਾਹੌਲ ਤੋਂ ਹੈ।
ਇਹੀ ਨਹੀਂ, ਇਸ ਧਿਰ ਦਾ ਘੱਟੋ-ਘੱਟ ਜਮਹੂਰੀ ਮੁੱਲਾਂ ਅਤੇ ਮੁਲਕ ਦੀ ਸੱਭਿਆਚਾਰਕ ਵੰਨ-ਸਵੰਨਤਾ ਵਿਚ ਵੀ ਕੋਈ ਵਿਸ਼ਵਾਸ ਨਹੀਂ। ਉਨ੍ਹਾਂ ਦਾ ਕੰਮ ਆਜ਼ਾਦ, ਰਚਨਾਤਮਕ ਫ਼ਿਜ਼ਾ ਵਾਲੀਆਂ ਮਿਆਰੀ ਵਿਦਿਅਕ ਅਤੇ ਖੋਜ ਸੰਸਥਾਵਾਂ ਨੂੰ ਤਬਾਹ ਕਰਕੇ ਕੁੰਭ ਮੇਲਿਆਂ, ਅਯੁੱਧਿਆ ਵਿਚ ਦੀਪਮਾਲਾ ਅਤੇ ਭਗਵਾਨ ਰਾਮ ਦੀਆਂ ਮੂਰਤੀਆਂ ਉੱਪਰ ਹਜ਼ਾਰਾਂ ਕਰੋੜ ਰੁਪਏ ਖ਼ਰਚ ਕੇ ਹਨੇਰਗਰਦੀ ਫੈਲਾਉਣਾ ਹੈ। ਉਨ੍ਹਾਂ ਦਾ ਪ੍ਰੋਫੈਸਰਾਂ ਦੀ ਕਾਬਲੀਅਤ ਦਾ ਪੈਮਾਨਾ ਵਿਸ਼ੇ ਉੱਪਰ ਪਕੜ ਅਤੇ ਮੁਹਾਰਤ ਨਹੀਂ ਸਗੋਂ ਉਨ੍ਹਾਂ ਦਾ ਧਾਰਮਿਕ ਪਿਛੋਕੜ ਹੈ।
ਆਪਣੇ ਧਰਮਤੰਤਰੀ ਰਾਜ ਦਾ ਸੁਪਨਾ ਅੰਜਾਮ ਦੇਣ ਲਈ ਨਾਗਰਿਕਾਂ ਦੇ ਟੈਕਸਾਂ ਦਾ ਪੈਸਾ ਪਾਣੀ ਵਾਂਗ ਵਹਾਉਣ ਅਤੇ ਆਪਣੇ ਹਿੰਦੂਤਵ-ਕਾਰਪੋਰੇਟ ਪ੍ਰਾਜੈਕਟ ਲਈ ਕਾਰਪੋਰੇਟਾਂ ਤੋਂ ਬੇਮਿਸਾਲ ‘ਦਾਨ’ ਹਾਸਲ ਕਰਨ ਵਾਲੀ ਅਤਿਅੰਤ ਪਿਛਾਂਹਖਿੱਚੂ ਧਿਰ ਇਹ ਇਜਾਜ਼ਤ ਕਿਉਂ ਦੇਵੇਗੀ ਕਿ ਵਿਗਿਆਨਕ ਸੋਚ ਅਤੇ ਜਮਹੂਰੀ ਸੰਵਾਦ ਨੂੰ ਪ੍ਰਫੁੱਲਤ ਕਰਨ ਵਾਲੀਆਂ ਸੰਸਥਾਵਾਂ ਸੱਤਾ ਦਾ ਮੂੰਹ ਚਿੜਾਉਂਦੀਆਂ ਰਹਿਣ। ਉਹ ਕਿਉਂ ਚਾਹੁਣਗੇ ਕਿ ਵਾਂਝੇ ਹਿੱਸਿਆਂ ਲਈ ਸਸਤੀ ਸਿੱਖਿਆ ਅਤੇ ਨਿਤਾਣੇ ਹਿੱਸਿਆਂ ਦੀ ਕੁਦਰਤੀ ਕਾਬਲੀਅਤ ਨੂੰ ਖੰਭ ਲਾਉਣ ਵਾਲਾ ਰਚਨਾਤਮਕ ਮਾਹੌਲ ਬਣਿਆ ਰਹੇ।
ਲਿਹਾਜ਼ਾ ਜੇਐੱਨਯੂ ਤਰੱਕੀਪਸੰਦ ਜਮਹੂਰੀ ਨਜ਼ਰੀਏ ਅਤੇ ਸਮਾਜ ਦੇ ਵਿਕਾਸ ਨੂੰ ਪੁੱਠਾ ਗੇੜਾ ਦੇਣ ਵਾਲੀਆਂ ਤਾਕਤਾਂ ਦਰਮਿਆਨ ਗਹਿਗੱਚ ਸੰਘਰਸ਼ ਦਾ ਮੋਹਰੀ ਮੁਹਾਜ਼ ਹੈ। ਜੇਐੱਨਯੂ ਸੱਤਾ ਧਿਰ ਨੂੰ ਇਸ ਕਰਕੇ ਵੀ ਜ਼ਿਆਦਾ ਚੁਭਦੀ ਹੈ ਕਿਉਂਕਿ ਉੱਥੋਂ ਦੇ ਨਿਆਰੇ ਬੌਧਿਕ ਅਤੇ ਖ਼ਰੇ ਜਮਹੂਰੀ ਮਾਹੌਲ ਅੰਦਰ ਪੈਸੇ ਅਤੇ ਸੱਤਾ ਦੇ ਜ਼ੋਰ ਵਿਦਿਆਰਥੀ ਚੋਣਾਂ ਨੂੰ ਅਗਵਾ ਕਰ ਲੈਣ ਦੀ ਇਜਾਜ਼ਤ ਨਹੀਂ ਹੈ ਜਿਸ ਦੇ ਕਾਰਨ ਉਨ੍ਹਾਂ ਦੇ ਕਥਿਤ ਵਿਦਿਆਰਥੀ ਵਿੰਗ ਨੂੰ ਚੋਣਾਂ ਵਿਚ ਵਾਰ ਵਾਰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸੰਸਥਾ ਦੀ ਦਾਖ਼ਲਾ ਨੀਤੀ ਧਰਮਤੰਤਰੀ ਰਾਜ ਦੇ ਪ੍ਰਾਜੈਕਟ ਨਾਲ ਟਕਰਾਉਂਦੀ ਹੈ। ਰਚਨਾਤਮਕ ਮਨੁੱਖੀ ਦਿਮਾਗਾਂ ਨੂੰ ਸਮਾਜੀ ਸੂਝ, ਸਿਆਸੀ ਚੇਤਨਾ ਅਤੇ ਮਨੁੱਖੀ ਸਰੋਕਾਰਾਂ ਤੋਂ ਕੋਰਾ ਹਜੂਮ ਬਣਾਉਣ ਦੀ ਸਿਆਸਤ ਖੇਡਣ ਵਾਲਿਆਂ ਅਤੇ ਮਿਆਰੀ ਖੋਜ ਨੂੰ ਪੈਸੇ ਦੀ ਬਰਬਾਦੀ ਮੰਨਣ ਵਾਲਿਆਂ ਨੂੰ ਇਹ ਗਵਾਰਾ ਨਹੀਂ ਕਿ ਇਕ ਯੂਨੀਵਰਸਿਟੀ ਸੱਤਾ ਦੇ ਐਨ ਨੱਕ ਹੇਠ ਬੇਹੱਦ ਜ਼ਹੀਨ ਤੇ ਕਾਬਿਲ ਅਕਾਦਮਿਕ, ਅਫ਼ਸਰ, ਸਿਆਸਤਦਾਨ ਪੈਦਾ ਕਰੇ। ਖੁੱਲ੍ਹੇ ਬਹਿਸ-ਮੁਬਾਹਿਸੇ ਵਾਲੇ ਮਾਹੌਲ ਵਿਚ ਵਿਦਿਆਰਥੀਆਂ ਦੇ ਆਜ਼ਾਦ ਖ਼ਿਆਲ ਮੌਲ਼ਦੇ ਅਤੇ ਵਿਗਸਦੇ ਹਨ ਜਿਨ੍ਹਾਂ ਨੂੰ ਸੱਤਾਧਾਰੀ ਧਿਰ ਦਾ ਵਿਦਿਅਕ ਸੰਸਥਾਵਾਂ ਨੂੰ ਅੰਨ੍ਹੇ ਭਗਤ ਪੈਦਾ ਕਰਨ ਵਾਲੀਆਂ ਫੈਕਟਰੀਆਂ ਵਿਚ ਬਦਲਣ ਦਾ ਹਿੰਦੂ ਰਾਸ਼ਟਰਵਾਦੀ ਪ੍ਰਾਜੈਕਟ ਮਨਜ਼ੂਰ ਨਹੀਂ ਹੈ।
ਹਿੰਦੂਤਵੀ ਧਿਰ ਜਿਸ ਦੇ ਆਪਣੇ ਪੁਰਖਿਆਂ ਦੀ ਭੂਮਿਕਾ ਕਦੇ ਵੀ ਦੇਸ਼ਭਗਤ ਨਹੀਂ ਰਹੀ, ਸੱਤਾ ਦੀ ਧੌਂਸ ਨਾਲ ਇਹ ਤੈਅ ਕਰ ਰਹੀ ਹੈ ਕਿ ਕੌਣ ਰਾਸ਼ਟਰਵਾਦੀ ਹੈ ਅਤੇ ਕੌਣ ਦੇਸ਼ਧ੍ਰੋਹੀ! ਇਕ ਪ੍ਰਮੁੱਖ ਯੂਨੀਵਰਸਿਟੀ ਜੋ ਜਮਹੂਰੀ ਮੁੱਲਾਂ ਤੇ ਅਕਾਦਮਿਕ ਮਿਆਰਾਂ ਦਾ ਮੁਜੱਸਮਾ ਹੈ ਅਤੇ ਜਿਸ ਦੇ ਸ਼ਾਨਦਾਰ ਖੁੱਲ੍ਹੇ ਅਕਾਦਮਿਕ ਮਾਹੌਲ ਨੇ ਦੇਸ਼ ਤੇ ਦੁਨੀਆ ਨੂੰ ਉੱਚਕੋਟੀ ਦੇ ਬੁੱਧੀਜੀਵੀ, ਚਿੰਤਕ, ਪੱਤਰਕਾਰ ਤੇ ਸਿਆਸੀ ਕਾਰਕੁਨ ਦਿੱਤੇ, ਉਸ ਨੂੰ ਸੱਤਾਧਾਰੀ ਪਾਰਟੀ ਦੇ ਆਗੂ ‘ਦਹਿਸ਼ਤਗਰਦਾਂ, ਮਾਓਵਾਦੀਆਂ ਦਾ ਅੱਡਾ’ ਅਤੇ ਕੈਂਪਸ ਦੀਆਂ ਸੰਘਰਸ਼ਸ਼ੀਲ ਔਰਤਾਂ ਨੂੰ ‘ਵੇਸਵਾਵਾਂ ਤੋਂ ਵੀ ਭੈੜੀਆਂ’ ਕਹਿ ਕੇ ਉਸ ਪ੍ਰਤੀ ਘਿਰਣਾ ਹੀ ਨਹੀ ਫੈਲਾ ਰਹੇ ਸਗੋਂ ਮੁਲਕ ਦੀ ਸੂਝ ਦਾ ਅਪਮਾਨ ਵੀ ਕਰ ਰਹੇ ਹਨ। ਸ੍ਰੀ ਸ੍ਰੀ ਰਵੀਸ਼ੰਕਰ ਅਤੇ ਰਾਮਦੇਵ ਵਰਗੇ ਕਾਰੋਬਾਰੀ ਸਾਧ ਸਰਕਾਰੀ ਵਿਦਿਅਕ ਸੰਸਥਾਵਾਂ ਨੂੰ ਨਕਸਲਵਾਦ ਦੀ ਜੰਮਣ-ਭੋਇੰ ਕਰਾਰ ਦੇ ਕੇ ਆਪਣੀ ਨਫ਼ਰਤ ਦੀ ਖੁੱਲ੍ਹੀ ਨੁਮਾਇਸ਼ ਲਗਾਉਂਦੇ ਦੇਖੇ ਜਾ ਸਕਦੇ ਹਨ।
ਨੌਜਵਾਨਾਂ ਲਈ ਸਮਾਜਿਕ ਵਿਕਾਸ ਵਿਚ ਆਪਣੀ ਭੂਮਿਕਾ ਨਿਭਾਉਣਾ ਤਦ ਹੀ ਸੰਭਵ ਹੈ, ਜੇ ਉਹ ਸਮਾਜੀ ਸਰੋਕਾਰਾਂ ਨਾਲ ਵਾਬਸਤਾ ਅਤੇ ਸਿਆਸੀ ਤੌਰ ‘ਤੇ ਸੁਚੇਤ ਹਨ। ਜੇਐੱਨਯੂ ਦੇ ਵਿਦਿਆਰਥੀ ਅਕਸਰ ਹੀ ਸਥਾਨਕ ਮੁੱਦਿਆਂ ਤੋਂ ਲੈ ਕੇ ਸੰਸਾਰ ਸਿਆਸਤ ਤਕ ਸੰਵਾਦ ਰਚਾਉਂਦੇ ਅਤੇ ਸੰਘਰਸ਼ ਵਿਚ ਜੁਟੇ ਦੇਖੇ ਜਾ ਸਕਦੇ ਹਨ। ਹਿੰਦੂਤਵੀ ਤਾਕਤਾਂ ਪੜ੍ਹਾਈ ਅਤੇ ਖੋਜ ਦੇ ਆਜ਼ਾਦ ਸੱਭਿਆਚਾਰ ਨੂੰ ਖ਼ਤਮ ਕਰਨਾ ਚਾਹੁੰਦੀਆਂ ਹਨ। ਇਸੇ ਲਈ ਜੇਐੱਨਯੂ ਘਿਨਾਉਣੇ ਲੱਚਰ ਬਿਰਤਾਂਤ ਦੇ ਮੁੱਖ ਨਿਸ਼ਾਨੇ ‘ਤੇ ਹੈ। ਅਸਲ ਵਿਚ, ਸੰਸਥਾ ਦੀਆਂ ਕੰਧਾਂ ਉੱਪਰ ਲਿਖੇ ਬੋਲ ਵੀ ਸੱਤਾ ਨੂੰ ਸਵਾਲ ਕਰਦੇ ਹਨ। ਕੈਂਪਸ ਦੇ ਵਿਦਿਆਰਥੀਆਂ ਦਾ ‘ਸਿਆਸੀ’ ਹੋਣਾ ਸਾਵਰਕਰ-ਗੋਡਸੇ ਦੇ ਸ਼ਰਧਾਲੂਆਂ ਲਈ ਵੱਡੀ ਪ੍ਰੇਸ਼ਾਨੀ ਹੈ। ਇਕ ਭਾਜਪਾ ਆਗੂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਜਦ ਤਕ ਜੇਐੱਨਯੂ ਵਰਗੀ ਸੰਸਥਾ ਰਹੇਗੀ, ਹਿੰਦੂ ਰਾਸ਼ਟਰ ਦਾ ਬਣਨਾ ਮੁਸ਼ਕਿਲ ਹੈ।
ਇਤਿਹਾਸ ਗਵਾਹ ਹੈ ਕਿ ਫਾਸ਼ੀਵਾਦੀ ਤਾਕਤਾਂ ਹਮੇਸ਼ਾ ਦੇਸ਼ਭਗਤੀ ਦਾ ਮਖੌਟਾ ਪਾ ਕੇ ਜਮਹੂਰੀ ਸਪੇਸ ਅਤੇ ਬੌਧਿਕ ਸੰਵਾਦ ਕੁਚਲਦੀਆਂ ਹਨ, ਆਪਣੀ ਤਰਕਹੀਣ ਵਿਚਾਰਧਾਰਾ ਸਮਾਜ ਉੱਪਰ ਥੋਪਦੀਆਂ ਹਨ। ਜੇਐੱਨਯੂ ਅਤੇ ਹੋਰ ਉੱਚ ਵਿਦਿਅਕ ਸੰਸਥਾਵਾਂ ਦੀ ਸੰਵਾਦ ਦੀ ਜਮਹੂਰੀ ਸਪੇਸ ਫਾਸ਼ੀਵਾਦੀਆਂ ਨੂੰ ਚੁਭਦੀ ਹੈ ਅਤੇ ਉਹ ਲੰਮੇ ਸਮੇਂ ਤੋਂ ਇਸ ਨੂੰ ਖ਼ਤਮ ਕਰਨ ਲਈ ਜ਼ਮੀਨ ਤਿਆਰ ਕਰ ਰਹੇ ਹਨ। ਜੇਐੱਨਯੂ ਸੰਘਰਸ਼ ਦੇ ਇਸ ਮਹੱਤਵ ਦੇ ਮੱਦੇਨਜ਼ਰ ਬੇਬੁਨਿਆਦ ਇਲਜ਼ਾਮਤਰਾਸ਼ੀ, ਕੂੜ, ਧੌਂਸ ਤੇ ਧੱਕੇਸ਼ਾਹੀ ਦਾ ਵਿਰੋਧ ਕਰਨਾ ਅਤੇ ਜਮਹੂਰੀ ਮੁੱਲਾਂ ਦੀ ਰਾਖੀ ਲਈ ਜੇਐੱਨਯੂ ਦੇ ਹੱਕ ਵਿਚ ਖੜ੍ਹਨਾ ਅੱਜ ਹਰ ਇਨਸਾਫ਼ਪਸੰਦ ਲਈ ਜ਼ਰੂਰੀ ਹੈ।
ੲੲੲ

Check Also

ਨਿਰਭਉ-ਨਿਰਵੈਰ ਹੋ ਕੇ ਜਿਊਣ ਦੀ ਜੁਗਤ ਹੈ ‘ਮੀਰੀ’ ਤੇ ‘ਪੀਰੀ’ ਦਾ ਸਿਧਾਂਤ

ਤਲਵਿੰਦਰ ਸਿੰਘ ਬੁੱਟਰ ਮੀਰੀ ਅਤੇ ਪੀਰੀ, ਦੋਵੇਂ ਸ਼ਬਦ ਅਰਬੀ-ਫਾਰਸੀ ਪਿਛੋਕੜ ਵਾਲੇ ਹਨ। ‘ਮੀਰੀ’ ਦਾ ਸਬੰਧ …