Breaking News
Home / ਕੈਨੇਡਾ / ਐੱਫ਼.ਬੀ.ਆਈ. ਸਕੂਲ ਵਿਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼-ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਐੱਫ਼.ਬੀ.ਆਈ. ਸਕੂਲ ਵਿਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼-ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਸੁਖਮਨੀ ਸਾਹਿਬ ਦਾ ਪਾਠ ਹੋਇਆ ਤੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਸ਼ਬਦ ਗਾਏ ਗਏ
ਬਰੈਂਪਟਨ/ਡਾ. ਝੰਡ : ਪਿਛਲੇ ਦਿਨੀਂ ਐੱਫ਼.ਬੀ.ਆਈ. ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼-ਪੁਰਬ ਸਕੂਲ ਦੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ 11.15 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਪ੍ਰਕਾਸ਼ ਸਕੂਲ ਦੇ ਜਿੰਮ-ਹਾਲ ਵਿਚ ਕੀਤਾ ਗਿਆ ਅਤੇ ਸਕੂਲ ਦੇ ਵਿਦਿਆਰਥੀ ਲਾਈਨ ਬਣਾ ਕੇ ਵਾਰੀ-ਵਾਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤ-ਮਸਤਕ ਹੋਣੇ ਸ਼ੁਰੂ ਹੋ ਗਏ।
ਗ੍ਰੰਥੀ ਸਾਹਿਬ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਆਰੰਭ ਕੀਤਾ ਗਿਆ ਜਿਸ ਨੂੰ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਅਤੇ ਆਈਆਂ ਸੰਗਤਾਂ ਨੇ ਬੜੇ ਧਿਆਨ ਪੂਰਵਕ ਸੁਣਿਆ। ਲੱਗਭੱਗ ਸਾਢੇ ਬਾਰਾਂ ਵਜੇ ਸੁਖਮਨੀ ਸਾਹਿਬ ਦੇ ਪਾਠ ਦੀ ਸਮਾਪਤੀ ਹੋਈ ਅਤੇ ਉਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੜੀ ਮਿਹਨਤ ਨਾਲ ਤਿਆਰ ਕੀਤੇ ਗਏ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਤਿੰਨ ਸ਼ਬਦ ‘ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਦ ਜੱਗ ਚਾਨਣ ਹੋਆ’, ‘ਕਲਿ ਤਾਰਨਿ ਗੁਰੂ ਨਾਨਕ ਆਇਆ’ ਅਤੇ ‘ਆਪਿ ਨਾਰਾਇਣ ਕਲਾ ਧਾਰਿ ਜਗ ਮਹਿ ਪਰਵਰਿਉ’ ਸੰਗਤਾਂ ਨੂੰ ਸਰਵਣ ਕਰਾਏ ਗਏ।
ਛੋਟੇ-ਛੋਟੇ ਬੱਚਿਆਂ ਵੱਲੋਂ ਸੁਰੀਲੀ ਆਵਾਜ਼ ਵਿਚ ਪੂਰੇ ਸੁਰਤਾਲ ਵਿਚ ਕੀਤੀ ਇਨ੍ਹਾਂ ਸ਼ਬਦਾਂ ਦੀ ਖ਼ੂਬਸੂਰਤ ਪੇਸ਼ਕਾਰੀ ਦਰਸਾਅ ਰਹੀ ਸੀ ਕਿ ਇਨ੍ਹਾਂ ਨੂੰ ਤਿਆਰ ਕਰਵਾਉਣ ਵਿਚ ਕਿੰਨੀ ਮਿਹਨਤ ਲੱਗੀ ਹੋਵੇਗੀ। ਇਸ ਵਿਚ ਕੋਈ ਸ਼ੱਕ ਨਹੀਂ ਕਿ ਇਸ ਦਾ ਸਿਹਰਾ ਸਕੂਲ ਦੀ ਸੰਗੀਤ-ਅਧਿਆਪਕਾ ਅਰੁਨਦੀਪ ਕੌਰ ਅਤੇ ਵਿਦਿਆਰਥੀਆਂ ਦੇ ਨਾਲ ਤਬਲੇ ਉੱਪਰ ਸੰਗਤ ਦੇਣ ਵਾਲੇ ਅਧਿਆਪਕ ਜੋਗਿੰਦਰ ਸਿੰਘ ਦੇ ਸਿਰ ਜਾਂਦਾ ਹੈ ਪਰ ਇਸ ਦੇ ਪਿੱਛੇ ਕੰਮ ਕਰ ਰਹੀ ਸਕੂਲ ਦੇ ਪ੍ਰਿੰਸੀਪਲ ਸੰਜੀਵ ਧਵਨ ਦੀ ਪ੍ਰੇਰਨਾ ਦਾ ਵੀ ਪੂਰਾ ਹੱਥ ਹੈ। ਪ੍ਰਿੰ. ਧਵਨ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਗੁਰਬਾਣੀ ਤੋਂ ਸਿੱਖਿਆ ਲੈਣ ਦੀ ਪ੍ਰੇਰਨਾ ਕੀਤੀ ਅਤੇ ਗੁਰੂ ਸਾਹਿਬ ਦੁਆਰਾ ਦਰਸਾਏ ਗਏ ਸੱਚ ਦੇ ਮਾਰਗ ‘ਤੇ ਚੱਲਣ ਲਈ ਕਿਹਾ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼-ਪੁਰਬ ਨੂੰ ਮਨਾਉਣ ਲਈ ਕਰਵਾਏ ਗਏ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਹੋਇਆਂ ਡਾ. ਸੁਖਦੇਵ ਸਿੰਘ ਝੰਡ ਨੇ ਕਿਹਾ ਕਿ ਇਹ ਬੜੀ ਚੰਗੀ ਗੱਲ ਹੈ ਕਿ ਸਕੂਲ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਸਕੂਲ ਵੱਲੋਂ ਗਾਹੇ-ਬਗਾਹੇ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ ਜਿਨ੍ਹਾਂ ਤੋਂ ਬੱਚਿਆਂ ਨੂੰ ਬਹੁਤ ਕੁਝ ਸਿੱਖਣ ਲਈ ਮਿਲਦਾ ਹੈ।
ਉਨ੍ਹਾਂ ਪ੍ਰਿੰ. ਧਵਨ, ਸਟਾਫ਼ ਤੇ ਵਿਦਿਆਰਥੀਆਂ ਦੇ ਇਸ ਉੱਦਮ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਤੋਂ ਇਲਾਵਾ ਕੈਪਟਨ ਕੁਲਦੀਪ ਸਿੰਘ ਵਿਰਕ ਅਤੇ ਮੱਲ ਸਿੱਘ ਬਾਸੀ ਨੇ ਵੀ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਭੋਗ ਸਮੇਂ ਗ੍ਰੰਥੀ ਸਾਹਿਬ ਵੱਲੋਂ ਸਕੂਲ ਦੀ ਚੜ੍ਹਦੀ ਕਲਾ ਲਈ ਅਤੇ ਬਰੈਂਪਟਨ ਵਿਚ ਇਕ ਹੋਰ ਹਸਪਤਾਲ ਸ਼ੁਰੂ ਕਰਨ ਲਈ ਅਰਦਾਸ ਕੀਤੀ ਗਈ। ਕੜਾਹ-ਪ੍ਰਸਾਦਿ ਦੀ ਦੇਗ਼ ਉਪਰੰਤ ਚਾਹ-ਪਾਣੀ ਦਾ ਲੰਗਰ ਖ਼ੂਬ ਵਰਤਿਆ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …