ਕਿਹਾ – 20 ਡਾਲਰ ਦੀ ਫੀਸ ਵੀ ਕਰਵਾਈ ਜਾਵੇ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੁਝ ਸ਼ਰਤਾਂ ਨਰਮ ਕਰਨ ਅਤੇ ਪਾਕਿ ਸਰਕਾਰ ਵਲੋਂ ਲਈ ਜਾਂਦੀ 20 ਡਾਲਰ ਦੀ ਫੀਸ ਬੰਦ ਕਰਾਉਣ ਲਈ ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਟੀ.ਐਸ. ਸ਼ੇਰਗਿੱਲ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਰਤਾਂ ਨਰਮ ਕਰਨ ਸਬੰਧੀ ਅਧਿਕਾਰ ਕੇਂਦਰ ਸਰਕਾਰ ਕੋਲ ਹਨ। ਸ਼ੇਰਗਿੱਲ ਨੇ ਇਹ ਵੀ ਦੱਸਿਆ ਕਿ ਆਮ ਆਦਮੀ ਕੋਲ ਪਾਸਪੋਰਟ ਹੀ ਨਹੀਂ ਹੁੰਦਾ ਅਤੇ ਆਨਲਾਈਨ ਪ੍ਰਕਿਰਿਆ ਪੂਰੀ ਕਰਨਾ ਵੀ ਪੇਂਡੂ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਲਈ ਮੁਸ਼ਕਲ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪਰਿਵਾਰ ਦੇ 5 ਮੈਂਬਰ ਕਰਤਾਰਪੁਰ ਸਾਹਿਬ ਜਾਂਦੇ ਹਨ ਤਾਂ ਉਨ੍ਹਾਂ ਨੂੰ ਸੌ ਡਾਲਰ ਫੀਸ ਅਦਾ ਕਰਨੀ ਪੈਂਦੀ ਹੈ, ਜੋ ਕਿ ਆਮ ਆਦਮੀ ਦੇ ਵੱਸ ਤੋਂ ਬਾਹਰ ਹੈ।
ਇਸੇ ਦੌਰਾਨ ਪੰਜਾਬ ਪੁਲਿਸ ਵਲੋਂ ਮੁਹਾਲੀ ਵਿਚ ਆਯੋਜਿਤ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵਿਰੋਧੀ ਭਾਵਨਾ ਨਾਲ ਭਰਿਆ ਹੋਇਆ ਹੈ ਅਤੇ ਉਹ ਆਪਣੀਆਂ ਭਾਰਤ ਵਿਰੋਧੀ ਗਤੀਵਿਧੀਆਂ ਜਾਰੀ ਰੱਖ ਰਿਹਾ ਹੈ। ਇਸ ਲਈ ਸਾਨੂੰ ਤਿਆਰ ਰਹਿਣਾ ਚਾਹੀਦਾ ਹੈ ਤੇ ਸਾਡੇ ਸੈਨਿਕ ਵੀ ਇਸ ਲਈ ਤਿਆਰ ਹਨ।

