Breaking News
Home / ਪੰਜਾਬ / ਕਾਂਗਰਸ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ‘ਚ ਅਸਫਲ : ਰੰਧਾਵਾ

ਕਾਂਗਰਸ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ‘ਚ ਅਸਫਲ : ਰੰਧਾਵਾ

ਬੇਅਦਬੀ ਤੇ ਗੋਲੀਕਾਂਡ ਦੀਆਂ ਘਟਨਾਵਾਂ ਲਈ ਇਨਸਾਫ ਨਾ ਮਿਲਣ ‘ਤੇ ਧਰਨਾਕਾਰੀਆਂ ਨੂੰ ਰੰਧਾਵਾ ਨੇ ਕੀਤਾ ਸੰਬੋਧਨ
ਡੇਰਾ ਬਾਬਾ ਨਾਨਕ : ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਮੰਨਿਆ ਹੈ ਕਿ ਉਨ੍ਹਾਂ ਦੀ ਕਾਂਗਰਸ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਅਸਫਲ ਰਹੀ ਹੈ। ਉਨ੍ਹਾਂ ਇਹ ਵੀ ਕਹਿ ਦਿੱਤਾ ਕਿ ਜੇਕਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲੀਆਂ ਤਾਂ ਉਹ ਮੰਤਰੀ ਦੀ ਕੁਰਸੀ ਵੀ ਛੱਡ ਦੇਣਗੇ। ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਵਲੋਂ ਪਿੰਡ ਧਾਰੋਵਾਲੀ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ ਸੀ। ਰੰਧਾਵਾ ਨੇ ਇਸ ਧਰਨੇ ਨੂੰ ਬਿਲਕੁੱਲ ਜਾਇਜ਼ ਦੱਸਦਿਆਂ ਖੁਦ ਵੀ ਆਪਣੀ ਸਰਕਾਰ ਖਿਲਾਫ ਭੜਾਸ ਕੱਢੀ।
ਜ਼ਿਕਰਯੋਗ ਹੈ ਕਿ 2015 ਵਿੱਚ ਪੰਜਾਬ ‘ਚ ਕਈ ਸਥਾਨਾਂ ‘ਤੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਾਅਦ ‘ਚ ਹੋਏ ਗੋਲੀਕਾਂਡ ਦੀਆਂ ਘਟਨਾਵਾਂ ਲਈ ਇਨਸਾਫ਼ ਨਾ ਮਿਲਣ ‘ਤੇ ਐਤਵਾਰ ਨੂੰ ਅਲਾਇਸ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ਪਿੰਡ ਧਾਰੋਵਾਲੀ ਅੱਗੇ ਰੋਸ ਧਰਨਾ ਦਿੱਤਾ ਗਿਆ।
ਇਸ ਮੌਕੇ ‘ਤੇ ਧਰਨਾਕਾਰੀਆਂ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵਾਂਗ ਮੌਜੂਦਾ ਸਰਕਾਰ ਵੱਲੋਂ ਵੀ ਗੁਨਾਹਗਾਰਾਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ‘ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਰੰਧਾਵਾ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਦਾ ਰੋਸ ਧਰਨਾ ਬਿਲਕੁਲ ਜਾਇਜ਼ ਹੈ, ਉਂਜ ਵੀ ਇਹ ਸ਼ਰਮਨਾਕ ਗੱਲ ਇਹ ਹੈ ਕਿ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ‘ਚ ਦੇਰੀ ਹੋ ਰਹੀ ਹੈ। ਉਨ੍ਹਾਂ ਨੇ ਜਜ਼ਬਾਤੀ ਹੁੰਦਿਆਂ ਕਿਹਾ ਕਿ ”ਅਸਲ ਗੁਨਾਹਗਾਰਾਂ ਨੂੰ ਜੇ ਸਜ਼ਾਵਾਂ ਨਾ ਮਿਲੀਆਂ ਤਾਂ ਲੋਕਾਂ ਨੇ ਵਜ਼ੀਰੀਆਂ ‘ਤੇ ਥੁੱਕਣਾ ਤੱਕ ਨਹੀਂ।” ਰੰਧਾਵਾ ਨੇ ਕਿਹਾ ਕਿ ਉਹ ਪਹਿਲਾਂ ਵੀ ਬੇਅਦਬੀ ਕਾਂਡ ਲਈ ਆਵਾਜ਼ ਬੁਲੰਦ ਕਰਦੇ ਰਹੇ ਹਨ, ਹੁਣ ਵੀ ਆਪਣੀ ਗੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖਣਗੇ। ਉਨ੍ਹਾਂ ਕਿਹਾ ਕਿ ਜੇਕਰ ਸਹੁੰ ਖਾਧੀ ਨੂੰ ਪੂਰਿਆਂ ਨਹੀਂ ਕੀਤਾ ਤਾਂ ਉਸ ਦੀ ਵੀ ਸਜ਼ਾ ਜ਼ਰੂਰ ਮਿਲੇਗੀ। ਇਸ ਲਈ ਉਸ ਨੂੰ ਭਾਵੇਂ ਵਜ਼ੀਰੀ ਕਿਉਂ ਨਾ ਛੱਡਣੀ ਪਵੇ, ਪਰ ਉਹ ਬੇਅਦਬੀ ਕਾਂਡ ਦੇ ਗੁਨਾਹਗਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹਿਣਗੇ। ਜੋ ਮੰਤਰੀ ਦੀ ਰਿਹਾਇਸ਼ ਅੱਗੇ ਸ਼ਾਂਤਮਈ ਧਰਨਾ ਲਗਾਇਆ। ਇਸ ਧਰਨੇ ਦੀ ਵਿਲੱਖਣਤਾ ਇਹ ਰਹੀ ਕਿ ਮੰਤਰੀ ਰੰਧਾਵਾ ਖ਼ੁਦ ਧਰਨੇ ਵਿੱਚ ਬੈਠੇ ਅਤੇ ਰਾਗੀ ਸਿੱਖਾਂ ਵੱਲੋਂ ਪੁਰਾਤਨ ਸਾਜ਼ਾਂ ਨਾਲ ਗਾਏ ਉਕਤ ਸ਼ਬਦਾਂ ਨੂੰ ਗੰਭੀਰਤਾ ਨਾਲ ਸੁਣਿਆ।
ਰੰਧਾਵਾ ਬੋਲ ਰਹੇ ਹਨ ਬਿੱਲਕੁਲ ਸੱਚ : ਹਰਪਾਲ ਚੀਮਾ
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਚੀਮਾ ਨੇ ਕਿਹਾ ਕਿ ਰੰਧਾਵਾ ਬਿਲਕੁਲ ਸੱਚ ਬੋਲ ਰਹੇ ਹਨ। ਚੀਮਾ ਨੇ ਕਿਹਾ ਜਦੋਂ ਵਿਧਾਨ ਸਭਾ ਦਾ ਸੈਸ਼ਨ ਹੋਇਆ ਸੀ, ਉਦੋਂ ਰੰਧਾਵਾ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਸੀ, ਪਰ ਅਜੇ ਕੋਈ ਕਾਰਵਾਈ ਨਹੀਂ ਹੋਈ। ਚੀਮਾ ਨੇ ਕੈਪਟਨ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਰੰਧਾਵਾ ਸਣੇ ਹੋਰ ਮੰਤਰੀਆਂ ਨੂੰ ਵੀ ਕੈਪਟਨ ਖਿਲਾਫ ਅਵਾਜ਼ ਚੁੱਕਣੀ ਚਾਹੀਦੀ ਹੈ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …