ਕੈਪਟਨ ਅਮਰਿੰਦਰ ਨੇ ਕਿਹਾ – ਕਾਂਗਰਸ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਢਾਹ ਨਹੀਂ ਲੱਗਣ ਦੇਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਸੂਬੇ ਵਿਚ ਨਾਗਰਿਕਤਾ ਸੋਧ ਬਿੱਲ ਨੂੰ ਲਾਗੂ ਨਹੀਂ ਕਰੇਗੀ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ ਬਿੱਲ ਨੂੰ ਸੂਬੇ ਵਿੱਚ ਲਾਗੂ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਸੂਬੇ ਦੀ ਵਿਧਾਨ ਸਭਾ ਵਿੱਚ ਬਹੁਮਤ ਹੈ ਤੇ ਸਦਨ ਵਿੱਚ ਇਸ ਗੈਰ-ਸੰਵਿਧਾਨਿਕ ਬਿੱਲ ਨੂੰ ਰੋਕਿਆ ਜਾਵੇਗਾ। ਇਸ ਤੋਂ ਪਹਿਲਾਂ ਵੀ ਕੈਪਟਨ ਨੇ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੇ ਨਵੇਂ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਸੀ। ਕੈਪਟਨ ਨੇ ਕਿਹਾ ਹੈ ਕਿ ਕਾਂਗਰਸ ਮੁਲਕ ਦੇ ਧਰਮ ਨਿਰਪੱਖ ਢਾਂਚੇ ਨੂੰ ਢਾਹ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਸੰਸਦ ਨੂੰ ਅਜਿਹਾ ਕਾਨੂੰਨ ਪਾਸ ਕਰਨ ਦਾ ਕੋਈ ਅਧਿਕਾਰ ਨਹੀਂ, ਜੋ ਸੰਵਿਧਾਨ ਨੂੰ ਢਾਹ ਲਾਉਂਦਾ ਹੋਵੇ ਤੇ ਸੰਵਿਧਾਨ ਦੇ ਮੁੱਢਲੇ ਸਿਧਾਂਤਾਂ ਤੇ ਮੁਲਕ ਦੇ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਦਾ ਹੋਵੇ। ਇਸ ਬਿੱਲ ਨੂੰ ਸੰਵਿਧਾਨਕ ਕਦਰਾਂ-ਕੀਮਤਾਂ ਦੇ ਉਲਟ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਬਿੱਲ ਰੱਦ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਕੇਰਲ ਅਤੇ ਪੱਛਮੀ ਬੰਗਾਲ ਦੀਆਂ ਸਰਕਾਰਾਂ ਨੇ ਵੀ ਨਾਗਰਿਕਤਾ ਸੋਧ ਬਿੱਲ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …