ਬਾਦਲ ਵਿਰੋਧੀਆਂ ਨੇ ਮਨਾਇਆ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ੲ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਬਾਦਲਾਂ ਕੋਲੋਂ ਆਜ਼ਾਦ ਕਰਵਾਉਣ ਦਾ ਹੋਕਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਬਾਦਲਾਂ ਤੋਂ ਨਾਰਾਜ਼ ਅਕਾਲੀ ਦਲਾਂ ਦੇ ਆਗੂਆਂ ਨੇ ਇਥੇ ਇਕ ਮੰਚ ‘ਤੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ। ਇਨ੍ਹਾਂ ਆਗੂਆਂ ਨੇ ਸੱਦਾ ਦਿੱਤਾ ਕਿ ਇਕਜੁੱਟ ਹੋ ਕੇ ਇਕ ਹੋਰ ਗੁਰਦੁਆਰਾ ਸੁਧਾਰ ਲਹਿਰ ਚਲਾਈ ਜਾਵੇ ਜਿਸ ਤਹਿਤ ਬਾਦਲ ਪਰਿਵਾਰ ਕੋਲੋਂ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਆਜ਼ਾਦ ਕਰਵਾਇਆ ਜਾਵੇ।
ਇਥੇ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਦੇ ਵਿਹੜੇ ਵਿਚ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੋਂ ਨਿਰਾਸ਼ ਆਗੂ ਮੰਚ ‘ਤੇ ਪੁੱਜੇ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁਖੀ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਬੀਰ ਦਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ 1920 ਦੇ ਮੁਖੀ ਰਵੀਇੰਦਰ ਸਿੰਘ, ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ, ਜਾਗੋ ਪਾਰਟੀ ਦੇ ਮੁਖੀ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਬਲਵੰਤ ਸਿੰਘ ਨੰਦਗੜ੍ਹ, ਸਾਬਕਾ ਅਕਾਲੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਫੈਡਰੇਸ਼ਨ ਦੇ ਸਾਬਕਾ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਬਾਦਲ ਪਰਿਵਾਰ ਨਾਲ ਸਬੰਧਤ ਹਰਸੁਖਇੰਦਰ ਸਿੰਘ ਬੱਬੀ ਬਾਦਲ, ਚੀਫ ਖਾਲਸਾ ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਭਾਗ ਸਿੰਘ ਅਣਖੀ ਅਤੇ ਹੋਰ ਫੈਡਰੇਸ਼ਨਾਂ ਤੇ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ।
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪਾਰਟੀ ਵਿਚ ਪਰਿਵਾਰਵਾਦ ਨੂੰ ਉਤਸ਼ਾਹਤ ਕੀਤਾ ਹੈ ਜਿਸ ਨਾਲ ਪਾਰਟੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬਚਾਉਣ ਲਈ ਪਾਰਟੀ ਨੂੰ ਬਾਦਲਾਂ ਤੋਂ ਮੁਕਤ ਕਰਨ ਦੀ ਲੋੜ ਹੈ। ਆਪਣੇ ਆਪ ਨੂੰ ਅਕਾਲੀ ਆਗੂ ਆਖਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਉਹ ਪੁਰਾਤਨ ਪਾਰਟੀ ਨਹੀਂ ਰਹੀ, ਇਸ ਵਿਚ ਸੁਧਾਰ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੋਵਾਂ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਾਉਣ ਦੀ ਲੋੜ ਹੈ। ਇਸ ਵੇਲੇ ਸਿੱਖ ਸੰਸਥਾਵਾਂ ਦੀ ਮਾਣ ਮਰਿਆਦਾ ਨੂੰ ਮੁੜ ਬਹਾਲ ਕਰਨ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਉਹ ਭਵਿੱਖ ਵਿਚ ਕੋਈ ਚੋਣ ਨਹੀਂ ਲੜਨਗੇ ਅਤੇ ਆਪਣਾ ਸਮੁੱਚਾ ਸਮਾਂ ਪਾਰਟੀ ਦੀ ਮੁੜ ਸੁਰਜੀਤੀ ਤੇ ਮਜ਼ਬੂਤੀ ਨੂੰ ਸਮਰਪਿਤ ਕਰਨਗੇ। ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਮੂਹ ਧੜਿਆਂ ਨੂੰ ਇਕਜੁੱਟ ਹੋਣ ਅਤੇ ਗੁਰਦੁਆਰਿਆਂ ਨੂੰ ਬਾਦਲਾਂ ਦੇ ਕਬਜ਼ੇ ਵਿਚੋਂ ਛੁਡਾਉਣ ਦਾ ਹੋਕਾ ਦਿੱਤਾ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਆਖਿਆ ਕਿ ਦਿੱਲੀ ਦੇ ਲੋਕ ਬਾਦਲਾਂ ਤੋਂ ਤੰਗ ਹਨ। ਪਿਛਲੀਆਂ ਚੋਣਾਂ ਵਿਚ ਉਨ੍ਹਾਂ ਨੂੰ ਪ੍ਰਚਾਰ ਵੇਲੇ ਬਾਦਲ ਦੀ ਫੋਟੋ ਤਕ ਹਟਾਉਣੀ ਪਈ ਸੀ। ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਦੋਸ਼ ਲਾਇਆ ਕਿ ਇਸ ਵੇਲੇ ਸਿੱਖ ਸੰਸਥਾਵਾਂ ਅਤੇ ਇਨ੍ਹਾਂ ਦੇ ਟਰਸਟ ਬਾਦਲ ਦੇ ਕਬਜ਼ੇ ਹੇਠ ਹਨ ਜਿਨ੍ਹਾਂ ਦੀ ਨਿੱਜੀ ਹਿਤਾਂ ਲਈ ਦੁਰਵਰਤੋਂ ਹੋ ਰਹੀ ਹੈ। ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਸਮੂਹ ਧੜਿਆਂ ਅਤੇ ਅਕਾਲੀ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਇਕ ਮੰਚ ‘ਤੇ ਇਕੱਠੇ ਹੋਣ ਤਾਂ ਜੋ ਬਾਦਲਾਂ ਨੂੰ ਭਾਂਜ ਦਿੱਤੀ ਜਾ ਸਕੇ।
ਬਾਦਲ ਵਿਰੋਧੀ ਹੁਣ ਬਣਾਉਣਗੇ ਤਾਲਮੇਲ ਕਮੇਟੀ
ਅੰਮ੍ਰਿਤਸਰ : ਬਾਦਲ ਵਿਰੋਧੀ ਅਕਾਲੀ ਧੜਿਆਂ ਅਤੇ ਆਗੂਆਂ ਵਲੋਂ ਇੱਕ ਮੰਚ ‘ਤੇ ਆਉਣ ਲਈ ਕੀਤੇ ਸਥਾਪਨਾ ਦਿਵਸ ਸਮਾਗਮ ਦੀ ਸਫ਼ਲਤਾ ਤੋਂ ਬਾਅਦ ਹੁਣ ਇਨ੍ਹਾਂ ਧੜਿਆਂ ਵਲੋਂ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਵਿੱਚ ਮੁੱਢਲੇ ਤੌਰ ‘ਤੇ ਤਾਲਮੇਲ ਕਮੇਟੀ ਬਣਾਉਣ ਦੀ ਯੋਜਨਾ ਹੈ। ਬਾਦਲ ਵਿਰੋਧੀ ਅਕਾਲੀ ਆਗੂਆਂ ਨੇ ਸਥਾਪਨਾ ਦਿਵਸ ਸਮਾਗਮ ਵਿੱਚ ਸ਼ਮੂਲੀਅਤ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਤਮਸਤਕ ਹੋ ਕੇ ਇਹ ਪ੍ਰਣ ਲਿਆ, ‘ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਖਾਲਸਾ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਸਾਂਝੇ ਤੌਰ ‘ਤੇ ਜੋ ਸਿਧਾਂਤਕ ਫੈਸਲੇ ਕੀਤੇ ਗਏ ਹਨ, ਉਹ ਉਨ੍ਹਾਂ ‘ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਗੇ।’ ਇਸ ਸਬੰਧ ਵਿਚ ਇਨ੍ਹਾਂ ਸਾਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਵੀ ਕੀਤੀ ਹੈ।
ਪੰਜਾਬ ਦੇ ਹਿਤ ਲਈ ਲੜਾਈ ਜਾਰੀ ਰਹੇਗੀ : ਸੁਖਦੇਵ ਢੀਂਡਸਾ
ਡੇਰਾ ਮੁਖੀ ਨੂੰ ਮੁਆਫ਼ੀ ਦੇ ਮਾਮਲੇ ਕਰਕੇ ਅਕਾਲੀ ਲੀਡਰਸ਼ਿਪ ਤੋਂ ਖ਼ਫ਼ਾ ਚਲੇ ਆ ਰਹੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਦੇ ਹਿਤ ਲਈ ਸਾਂਝੇ ਤੌਰ ‘ਤੇ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਪਹਿਲਾਂ ਵੀ ਕਈ ਬਦਲ ਬਣੇ ਪਰ ਕਾਮਯਾਬ ਨਹੀਂ ਹੋਏ ਤੇ ਲੋਕਾਂ ਦੇ ਵਿਸ਼ਵਾਸ ਨੂੰ ਢਾਹ ਲੱਗੀ। ਉਨ੍ਹਾਂ ਕਿਹਾ ਕਿ ਅਗਲੇ ਸਾਲ ਸ਼੍ਰੋਮਣੀ ਅਕਾਲੀ ਦਲ ਦੀ ਪਹਿਲੀ ਸ਼ਤਾਬਦੀ ਹੈ, ਜਿਸ ਨੂੰ ਮਨਾਉਣ ਲਈ ਹੁਣ ਤੋਂ ਯਤਨ ਕੀਤੇ ਜਾਣਗੇ ਤੇ ਲੋਕਾਂ ‘ਚ ਤੀਸਰੇ ਬਦਲ ਨੂੰ ਲੈ ਕੇ ਟੁੱਟਾ ਵਿਸ਼ਵਾਸ ਬਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਲੜਾਈ ਜਾਰੀ ਰਹੇਗੀ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …