ਫਰਿਜ਼ਨੋ, ਜਲੰਧਰ : ਅਮਰੀਕਾ ਨੇ ਗੈਰਕਾਨੂੰਨੀ ਤੌਰ ‘ਤੇ ਆਉਣ ਵਾਲਿਆਂ ਵਿਰੁੱਧ ਸਿਕੰਜ਼ਾ ਕੱਸ ਦਿੱਤਾ ਹੈ। ਲੰਘੇ ਸੱਤ ਮਹੀਨਿਆਂ ਵਿੱਚ 929 ਭਾਰਤੀਆਂ ਨੂੰ ਵਾਪਸ ਭੇਜਿਆ ਜਾ ਚੁੱਕਾ ਹੈ ਜਿਨ੍ਹਾਂ ਵਿੱਚ 42 ਮਹਿਲਾਵਾਂ ਵੀ ਸ਼ਾਮਲ ਹਨ। ਇਹ ਕਾਰਵਾਈ ਅਮਰੀਕਾ ਦੇ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰਨ ਕਰਕੇ ਕੀਤੀ ਗਈ ਹੈ।
ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ (ਆਈ.ਸੀ.ਈ.) ਵਿਭਾਗ ਵੱਲੋਂ ਸੂਚਨਾ ਦੀ ਆਜ਼ਾਦੀ ਐਕਟ (ਐਫ.ਓ.ਆਈ.ਏ) ਤਹਿਤ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਅਮਰੀਕਾ ਦੇ ਵਿੱਤੀ ਸਾਲ 2014 ਤੋਂ ਹੁਣ ਤਕ ਸੰਯੁਕਤ ਰਾਜ ਅਮਰੀਕਾ ਵੱਲੋਂ ਦੇਸ਼ ਤੋਂ ਬਾਹਰ ਕੱਢੇ ਜਾਣ ਵਾਲੇ ਭਾਰਤੀਆਂ ਦੀ ਇਹ ਸਭ ਤੋਂ ਵੱਡੀ ਗਿਣਤੀ ਸੀ ਜਿਸ ਵਿੱਚ 6 ਮਹਿਲਾਵਾਂ ਸਮੇਤ ਸਿਰਫ 87 ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ।
ਇਸੇ ਤਰ੍ਹਾਂ ਵਿੱਤੀ ਸਾਲ 2015 ਵਿਚ ਸਿਰਫ 202 ਮਰਦ ਅਤੇ ਭਾਰਤੀ ਮੂਲ ਦੀਆਂ 22 ਮਹਿਲਾਵਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਵਿੱਤੀ ਸਾਲ 2016 ਵਿਚ ਸਿਰਫ 102 ਪੁਰਸ਼ ਅਤੇ ਇਕ ਮਹਿਲਾ, ਵਿੱਤੀ ਸਾਲ 2017 ਵਿਚ 343 ਮਰਦ ਅਤੇ 15 ਮਹਿਲਾਵਾਂ ਅਤੇ ਵਿੱਤੀ ਸਾਲ 2018 ਵਿਚ 323 ਮਰਦ ਅਤੇ 18 ਮਹਿਲਾਵਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਇਨ੍ਹਾਂ ਕੱਢੇ ਗਏ ਭਾਰਤੀਆਂ ਵਿੱਚ ਪੰਜਾਬੀ ਕਿੰਨੇ ਸਨ ਇਸ ਦੀ ਕੋਈ ਪੁਖਤਾ ਜਾਣਕਾਰੀ ਨਹੀਂ ਮਿਲ ਸਕੀ। ਜਾਣਕਾਰੀ ਅਨੁਸਾਰ ਅਮਰੀਕਾ ਨੇ 1990 ਤੋਂ ਅਣਅਧਿਕਾਰਤ ਪਰਵਾਸੀਆਂ ਨੂੰ ਵਾਪਸ ਭੇਜਣ ਦੇ ਮਾਮਲੇ ‘ਚ ਤੇਜ਼ੀ ਲਿਆਂਦੀ ਹੈ। ਯੂਐਸ-ਮੈਕਸਿਕੋ ਸਰਹੱਦ ‘ਤੇ ਕੀਤੀਆਂ ਗਈਆਂ ਗ੍ਰਿਫਤਾਰੀਆਂ ਦਾ ਅੰਕੜਾ ਵਿੱਤੀ ਸਾਲ 2019 ਦੌਰਾਨ ਕੁੱਲ 10 ਲੱਖ ਦੇ ਅੰਕੜਿਆਂ ਤੱਕ ਪਹੁੰਚਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਬਹੁਤ ਸਾਰੇ ਭਾਰਤੀ ਮੂਲ ਦੇ ਗੈਰਕਾਨੂੰਨੀ ਪਰਵਾਸੀ ਲਾਤੀਨੀ ਅਮਰੀਕਾ ਵਿਚੋਂ ਲੰਘਦੇ ਸਨ, ਜੋ ਕਿ ਬਹੁਤ ਖਤਰਨਾਕ ਰਸਤੇ ਹਨ ਜਿੱਥੇ ਅਕਸਰ ਹੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਂਦੀਆਂ ਹਨ। ਰਾਸ਼ਟਰਪਤੀ ਟਰੰਪ ਦੇ ਪ੍ਰਸ਼ਾਸਨ ਦੌਰਾਨ ਦੇਸ਼ ਨਿਕਾਲੇ ਦੀ ਦਰ ਓਬਾਮਾ ਪ੍ਰਸ਼ਾਸਨ ਨਾਲੋਂ ਘੱਟ ਦੱਸੀ ਜਾ ਰਹੀ ਹੈ। ਹਾਲਾਂਕਿ ਰਾਸ਼ਟਰਪਤੀ ਟਰੰਪ ਨੇ ਸਾਲ 2016 ਵਿੱਚ ਚੋਣ ਜਿੱਤਣ ਤੋਂ ਬਾਅਦ ਹੀ ਗੈਰਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਆਏ ਲੋਕਾਂ ਨੂੰ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਨੇ ਇਮੀਗ੍ਰੇਸ਼ਨ ‘ਤੇ ਰੋਕ ਲਗਾਈ ਹੋਈ ਹੈ ਪਰ ਉਨ੍ਹਾਂ ਦਾ ਪ੍ਰਸ਼ਾਸਨ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਦੇਸ਼ ਨਿਕਾਲੇ ਦੀ ਰਫਤਾਰ ਤੋਂ ਕਿਤੇ ਪਿੱਛੇ ਹੈ।
Check Also
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …