Breaking News
Home / ਪੰਜਾਬ / ਸੁਖਜਿੰਦਰ ਰੰਧਾਵਾ ਦੀ ਵਾਇਰਲ ਵੀਡੀਓ ਨੇ ਮਘਾਇਆ ਸਿਆਸੀ ਮਾਹੌਲ

ਸੁਖਜਿੰਦਰ ਰੰਧਾਵਾ ਦੀ ਵਾਇਰਲ ਵੀਡੀਓ ਨੇ ਮਘਾਇਆ ਸਿਆਸੀ ਮਾਹੌਲ

ਰੰਧਾਵਾ ਨੇ ਟੀਵੀ ਚੈਨਲਾਂ ਖਿਲਾਫ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ
ਬਟਾਲਾ/ਬਿਊਰੋ ਨਿਊਜ਼ : ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਨੇ ਪੰਜਾਬ ਦਾ ਸਿਆਸੀ ਮਾਹੌਲ ਭਖਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੁਖਜਿੰਦਰ ਰੰਧਾਵਾ ਵੱਲੋਂ ਗੁਰੂ ਨਾਨਕ ਦੇਵ ਜੀ ਪ੍ਰਤੀ ਕੀਤੀਆਂ ਟਿੱਪਣੀਆਂ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ ਜਿਸ ਵਿੱਚ ਉਨ੍ਹਾਂ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਮਜ਼ਾਕ ਉਡਾਇਆ ਗਿਆ ਹੈ। ਕੈਬਨਿਟ ਮੰਤਰੀ ਰੰਧਾਵਾ ਨੇ ਇਸ ਵੀਡੀਓ ਨੂੰ ਕੁਝ ਟੀਵੀ ਚੈਨਲਾਂ ਵੱਲੋਂ ਚਲਾਉਣ ਸਬੰਧੀ ਕਾਰਵਾਈ ਲਈ ਬਟਾਲਾ ਪੁਲਿਸ ਤੱਕ ਪਹੁੰਚ ਕੀਤੀ। ਐਤਵਾਰ ਨੂੰ ਕੈਬਨਿਟ ਮੰਤਰੀ ਰੰਧਾਵਾ ਆਪਣੇ ਵਕੀਲ ਨਾਲ ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮਿਲੇ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਰੰਧਾਵਾ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਉਨ੍ਹਾਂ ਨੂੰ ਕਿਸੇ ਨੇ ਫੋਨ ‘ਤੇ ਦੱਸਿਆ ਕਿ ਕੁਝ ਟੀਵੀ ਚੈਨਲਾਂ ਉੱਪਰ ਉਨ੍ਹਾਂ ਦੀ ਇੱਕ ਵੀਡੀਓ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੈਨਲਾਂ ਨੇ ਸਬੰਧਤ ਵੀਡੀਓ ਛੇੜਛਾੜ ਕਰਕੇ ਗਲਤ ਤਰੀਕੇ ਨਾਲ ਪੇਸ਼ ਕੀਤੀ ਹੈ ਅਤੇ ਉਨ੍ਹਾਂ ਦੇ ਸਿਆਸੀ ਕਰੀਅਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਅਜਿਹਾ ਕਰਨ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਐੱਸਐੱਸਪੀ ਬਟਾਲਾ ਨੂੰ ਇੱਕ ਚੈਨਲ ਦੇ ਤਿੰਨ ਵਿਅਕਤੀਆਂ ਅਤੇ ਕੁਝ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਸ਼ਿਕਾਇਤ ਕਰਕੇ ਵੀਡੀਓ ਦੀ ਜਾਂਚ ਕਰਨ ਦੀ ਮੰਗ ਕੀਤੀ। ਰੰਧਾਵਾ ਨੇ ਕਿਹਾ ਕਿ ਵੀਡੀਓ ਚਲਾਉਣ ਵਾਲੇ ਚੈਨਲਾਂ ਤੇ ਪ੍ਰਬੰਧਕਾਂ ਖਿਲਾਫ਼ ਉਹ 100 ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਵੀ ਕਰਨਗੇ। ਇਸ ਸਬੰਧੀ ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਨੇ ਕਿਹਾ ਇਹ ਸ਼ਿਕਾਇਤ ਸਟੇਟ ਸਾਈਬਰ ਕਰਾਈਮ ਸੈੱਲ ਨੂੰ ਭੇਜੀ ਜਾਵੇਗੀ। ਸੈੱਲ ਦੀ ਰਿਪੋਰਟ ਮਗਰੋਂ ਹੀ ਕਾਰਵਾਈ ਕੀਤੀ ਜਾਵੇਗੀ।
ਅਕਾਲੀ ਦਲ ਨੇ ਰੰਧਾਵਾ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ : ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ‘ਤੇ ਕੈਬਨਿਟ ਵਿੱਚੋਂ ਬਰਖ਼ਾਸਤ ਕਰਨਾ ਚਾਹੀਦਾ ਹੈ। ਲੁਧਿਆਣਾ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰੰਧਾਵਾ ਵੱਲੋਂ ਗੁਰੂ ਨਾਨਕ ਦੇਵ ਜੀ ਪ੍ਰਤੀ ਕੀਤੀਆਂ ਟਿੱਪਣੀਆਂ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ ਜਿਸ ਵਿੱਚ ਉਨ੍ਹਾਂ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਮਜ਼ਾਕ ਉਡਾਇਆ ਗਿਆ ਹੈ।
ਕੀ ਹੈ ਮਾਮਲਾ : ਪਿਛਲੇ ਦਿਨੀਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਦਾ ਇਕ ਵੀਡੀਓ ਵਾਇਰਲ ਹੋਇਆ ਸੀ। ਇਹ ਵੀਡੀਓ 24 ਸੈਕਿੰਡ ਦਾ ਹੈ, ਜਿਸ ‘ਚ ਇਕ ਵਿਅਕਤੀ ਕੈਬਨਿਟ ਮੰਤਰੀ ਕੋਲ ਗੁਰੂ ਨਾਨਕ ਦੇਵ ਜੀ ਦੀ ਪੇਂਟਿੰਗ ਲੈ ਕੇ ਆਉਂਦਾ ਹੈ, ਵੀਡੀਓ ‘ਚ ਪੇਂਟਿੰਗ ਨੂੰ ਵੇਖਦਿਆਂ ਰੰਧਾਵਾ ਕਹਿੰਦੇ ਹਨ ਕਿ ‘ਹੁਣ ਆਹ ਦੇਖੋ ਨਾ ਗੁਰੂ ਨਾਨਕ ਸਾਹਿਬ ਨੇ, ਆ ਕੀ ਬਣਾ ਦਿੱਤਾ, ਦੂਰੋਂ ਵੇਖੋ ਤਾਂ ਕੈਪਟਨ ਸਾਹਬ ਨੀ ਲਗਦੇ।’ ਇਸ ਮਗਰੋਂ ਉਨ੍ਹਾਂ ਨਾਲ ਖਲੋਤੇ ਹੋਰ ਵਿਅਕਤੀ ਉੱਚੀ-ਉੱਚੀ ਹੱਸ ਪੈਂਦੇ ਹਨ।
ਸ਼੍ਰੋਮਣੀ ਕਮੇਟੀ ਰੰਧਾਵਾ ਵਿਰੁੱਧ ਦਰਜ ਕਰਾਏਗੀ ਕੇਸ
ਲਹਿਰਾਗਾਗਾ : ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਾਇਰਲ ਹੋਈ ਵੀਡੀਓ ਦਾ ਮਾਮਲਾ ਭਖਦਾ ਜਾ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਰੰਧਾਵਾ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਉਨ੍ਹਾਂ ਕੈਪਟਨ ਅਮਰਿੰਦਰ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰ ਦਿੱਤੀ। ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਐਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਰੰਧਾਵਾ ਖਿਲਾਫ ਕੇਸ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਬੇਨਤੀ ਕਰਨਗੇ ਕਿ ਰੰਧਾਵਾ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾਵੇ। ਲੌਂਗੋਵਾਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਹਨ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਤਾਂ ਜੋ ਕੋਈ ਵਿਅਕਤੀ ਅੱਗੇ ਤੋਂ ਅਜਿਹੀ ਗ਼ਲਤੀ ਨਾ ਕਰੇ।

ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਰੰਧਾਵਾ ਖਿਲਾਫ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤਾਂ ਦੇਣ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਸ ਸਬੰਧੀ ਪੱਤਰ ਦੇ ਕੇ ਰੰਧਾਵਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਵੀ ਪੱਤਰ ਭੇਜਿਆ ਗਿਆ ਹੈ, ਜਿਸ ਰਾਹੀਂ ਕੈਬਨਿਟ ਮੰਤਰੀ ਖਿਲਾਫ ਆਈਪੀਸੀ ਦੀ ਧਾਰਾ 295 ਏ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਅਕਾਲ ਤਖ਼ਤ ਸਾਹਿਬ ‘ਤੇ ਇਹ ਪੱਤਰ ਦੇਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਮਗਵਿੰਦਰ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਤੇ ਗੁਰਪ੍ਰੀਤ ਸਿੰਘ ਝੱਬਰ ਸ਼ਾਮਲ ਸਨ। ਉਨ੍ਹਾਂ ਨੇ ਇਹ ਪੱਤਰ ਜਥੇਦਾਰ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਸੌਂਪਿਆ। ਇਸ ਮੌਕੇ ਭਾਈ ਮਹਿਤਾ ਨੇ ਆਖਿਆ ਕਿ ਕੈਬਨਿਟ ਮੰਤਰੀ ਨੇ ਹਕੂਮਤ ਦੇ ਨਸ਼ੇ ਵਿਚ ਗੁਰੂ ਸਾਹਿਬ ਬਾਰੇ ਇਤਰਾਜ਼ਯੋਗ ਸ਼ਬਦ ਬੋਲੇ ਹਨ। ਗੁਰੂ ਸਾਹਿਬ ਦੀ ਵਿਅਕਤੀ ਵਿਸ਼ੇਸ਼ ਨਾਲ ਤੁਲਨਾ ਕਰ ਕੇ ਨਿਰਾਦਰ ਕੀਤਾ ਗਿਆ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਨੂੰ ਕਿਸੇ ਵੀ ਅਹੁਦੇ ‘ਤੇ ਬਣੇ ਰਹਿਣ ਦਾ ਨੈਤਿਕ ਹੱਕ ਨਹੀਂ ਹੈ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਕੈਬਨਿਟ ਮੰਤਰੀ ਖਿਲਾਫ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਕਮਿਸ਼ਨਰ ਨੂੰ ਵੀ ਸ਼ਿਕਾਇਤ ਭੇਜੀ ਗਈ ਹੈ। ਇਸ ਲਿਖਤੀ ਸ਼ਿਕਾਇਤ ਵਿਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਉਸ ਖਿਲਾਫ ਆਈਪੀਸੀ ਦੀ ਧਾਰਾ 295 ਏ ਤਹਿਤ ਕੇਸ ਦਰਜ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਸ ਸਬੰਧੀ ਪੱਤਰ ਸੌਂਪ ਕੇ ਰੰਧਾਵਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ। ਦਮਦਮੀ ਟਕਸਾਲ ਨੇ ਕੈਬਨਿਟ ਮੰਤਰੀ ਨੂੰ ਖਿਮਾ ਯਾਚਨਾ ਕਰਨ ਦਾ ਸੁਝਾਅ ਦਿੱਤਾ ਸੀ। ਭਾਜਪਾ ਵੱਲੋਂ ਵੀ ਇਸ ਸਬੰਧੀ ਸੂਬੇ ਦੇ ਰਾਜਪਾਲ ਨੂੰ ਪੱਤਰ ਸੌਂਪਿਆ ਜਾ ਚੁੱਕਾ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …