Breaking News
Home / ਪੰਜਾਬ / ਨਾਗਰਿਕਤਾ ਕਾਨੂੰਨ ਖਿਲਾਫ ਸੜਕਾਂ ‘ਤੇ ਉਤਰੀ ਕਾਂਗਰਸ

ਨਾਗਰਿਕਤਾ ਕਾਨੂੰਨ ਖਿਲਾਫ ਸੜਕਾਂ ‘ਤੇ ਉਤਰੀ ਕਾਂਗਰਸ

CM Captain Amarinder Singh along with Congress leaders and a Muslim leader during the dharna against CAA in Ludhiana
Photo ; Himanshu mahajan. to go with Harshraj’s story

ਪੰਜਾਬ ਵਿੱਚ ਲਾਗੂ ਨਹੀਂ ਕਰਾਂਗੇ ਨਾਗਕਿਰਤਾ ਕਾਨੂੰਨ : ਕੈਪਟਨ ਅਮਰਿੰਦਰ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀ ਕਾਂਗਰਸ ਸਰਕਾਰ ਨੇ ਲੁਧਿਆਣਾ ਦੀਆਂ ਸੜਕਾਂ ‘ਤੇ ਨਾਗਰਿਕਤਾ ਸੋਧ ਐਕਟ (ਸੀਏਏ) ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਮਾਤਾ ਰਾਣੀ ਚੌਕ ਵਿੱਚ ਭਾਜਪਾ ਦਫ਼ਤਰ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਭਾਜਪਾ ਦੀਆਂ ਵੰਡ-ਪਾਊ ਕੋਸ਼ਿਸ਼ਾਂ ਖਿਲਾਫ ਖਿਲਾਫ ਭਾਰਤ ਵਾਸੀਆਂ ਨੂੰ ਇਕਜੁਟ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਇਸ ਐਕਟ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਕਾਂਗਰਸ ਪਾਰਟੀ ਇਸ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ। ਇਸ ਰੋਸ ਮੁਜ਼ਾਹਰੇ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਪ੍ਰਨੀਤ ਕੌਰ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਮੇਤ 16 ਸੂਬਿਆਂ ਵਿੱਚ ਇਸ ਐਕਟ ਖ਼ਿਲਾਫ਼ ਰੋਸ ਪ੍ਰਦਰਸ਼ਨ ਹੋ ਰਹੇ ਹਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਆਪਣੀਆਂ ਕੋਝੀਆਂ ਚਾਲਾਂ ਵਿੱਚ ਕਾਮਯਾਬ ਨਹੀਂ ਹੋ ਸਕਦੀ। ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਭਾਰਤ ਦੀ ਨੀਂਹ ਦਾ ਮੂਲ ਆਧਾਰ ਹੈ, ਜਿਸ ਨਾਲ ਕੋਈ ਵੀ ਛੇੜਛਾੜ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਸੰਵਿਧਾਨ ਦੀਆਂ ਧਾਰਾਵਾਂ ਵਿੱਚ ਸੋਧ ਸਿਰਫ਼ ਭਾਰਤ ਵਿੱਚ ਹੀ ਨਹੀਂ ਕੀਤੀ ਜਾਂਦੀ ਸਗੋਂ ਅਜਿਹਾ ਵਰਤਾਰਾ ਦੁਨੀਆਂ ਭਰ ਵਿੱਚ ਵਾਪਰਦਾ ਹੈ ਪਰ ਸੰਵਿਧਾਨ ਦੇ ਬੁਨਿਆਦੀ ਢਾਂਚੇ ਨੂੰ ਵਿਗਾੜਨਾ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਸੰਯੁਕਤ ਰਾਸ਼ਟਰ ਨੇ ਵੀ ਸੀਏਏ ਨੂੰ ਪੱਖਪਾਤੀ ਕਦਮ ਕਰਾਰ ਦਿੱਤਾ ਹੈ।
ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਦੁਰਵਿਹਾਰ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਉੱਥੋਂ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਇਜਾਜ਼ਤ ਤੋਂ ਬਿਨਾਂ ਪੁਲਿਸ ਅਜਿਹੀ ਕਾਰਵਾਈ ਨਹੀਂ ਕਰ ਸਕਦੀ। ਉਨ੍ਹਾਂ ਯੋਗੀ ਆਦਿਤਿਆਨਾਥ ਨੂੰ ਸਵਾਲ ਕੀਤਾ, ”ਤੁਹਾਨੂੰ ਅਜਿਹੀ ਕਾਰਵਾਈ ਕਰਦਿਆਂ ਸ਼ਰਮ ਨਹੀਂ ਆਈ?” ਇਸ ਮੌਕੇ ਕੈਬਨਿਟ ਮੰਤਰੀ ਓ.ਪੀ. ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁੰਦਰ ਸ਼ਾਮ ਅਰੋੜਾ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਰਾਕੇਸ਼ ਪਾਂਡੇ, ਅਮਰੀਕ ਸਿੰਘ ਢਿੱਲੋਂ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਰਿੰਦਰ ਡਾਵਰ, ਪ੍ਰਗਟ ਸਿੰਘ, ਕੁਲਬੀਰ ਸਿੰਘ ਜ਼ੀਰਾ, ਲਖਬੀਰ ਸਿੰਘ ਲੱਖਾ, ਗੁਰਕੀਰਤ ਸਿੰਘ ਕੋਟਲੀ, ਕੁਲਦੀਪ ਸਿੰਘ ਵੈਦ, ਗੁਰਪ੍ਰੀਤ ਸਿੰਘ ਜੀ.ਪੀ., ਹਰਦੇਵ ਸਿੰਘ ਲਾਡੀ, ਰਾਜ ਕੁਮਾਰ ਵੇਰਕਾ, ਅਮਰਜੀਤ ਸਿੰਘ ਟਿੱਕਾ, ਪਵਨ ਦੀਵਾਨ, ਕੇ.ਕੇ. ਸ਼ਰਮਾ ਅਤੇ ਗੁਰਸਿਮਰਨ ਸਿੰਘ ਮੰਡ ਆਦਿ ਮੌਜੂਦ ਸਨ।
ਰਾਜਾਂ ਨੂੰ ਲਾਗੂ ਕਰਨਾ ਪਵੇਗਾ ਨਾਗਰਿਕਤਾ ਕਾਨੂੰਨ : ਮੇਘਵਾਲ
ਨਵੀਂ ਦਿੱਲੀ : ਗ਼ੈਰ-ਭਾਜਪਾ ਸ਼ਾਸਿਤ ਸੂਬਿਆਂ ‘ਚ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਕੇਂਦਰ ਨੇ ਕਿਹਾ ਹੈ ਕਿ ਸਾਰੇ ਸੂਬਿਆਂ ਨੂੰ ਸੰਸਦ ਵੱਲੋਂ ਪਾਸ ਕੀਤਾ ਗਿਆ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਨਾ ਪਵੇਗਾ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਸੰਵਿਧਾਨ ਤਹਿਤ ਸੂਬਿਆਂ ਨੂੰ ਸੋਧਿਆ ਹੋਇਆ ਨਾਗਰਿਕਤਾ ਕਾਨੂੰਨ ਲਾਗੂ ਕਰਨਾ ਪਵੇਗਾ। ਉਨ੍ਹਾਂ ਕਾਨੂੰਨ ਬਾਰੇ ਕੇਂਦਰ ਸਰਕਾਰ ਅਤੇ ਭਾਜਪਾ ਦੇ ਵਿਚਾਰਾਂ ਨੂੰ ਵੀ ਸਾਂਝਾ ਕੀਤਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …