Breaking News
Home / ਪੰਜਾਬ / ਪ੍ਰਕਾਸ਼ ਪੁਰਬ ਮੌਕੇ ਗੁ. ਕਰਤਾਰਪੁਰ ਸਾਹਿਬ ‘ਚ ਪਾਕਿ ਦੇ ਗ਼ੈਰ ਸਿੱਖਾਂ ਦੇ ਦਾਖ਼ਲੇ ‘ਤੇ ਰੋਕ

ਪ੍ਰਕਾਸ਼ ਪੁਰਬ ਮੌਕੇ ਗੁ. ਕਰਤਾਰਪੁਰ ਸਾਹਿਬ ‘ਚ ਪਾਕਿ ਦੇ ਗ਼ੈਰ ਸਿੱਖਾਂ ਦੇ ਦਾਖ਼ਲੇ ‘ਤੇ ਰੋਕ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ‘ਚ ਪਾਕਿ ਦੇ ਗੈਰ ਸਿੱਖਾਂ ਦੇ ਦਾਖਲੇ ‘ਤੇ ਲਗਾਈ ਰੋਕ
5 ਜਨਵਰੀ ਨੂੰ ਮਨਾਇਆ ਜਾ ਰਿਹਾ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ : ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ 3 ਤੋਂ 5 ਜਨਵਰੀ ਤੱਕ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਚ ਸ਼ਿਰਕਤ ਕਰਨ ‘ਤੇ ਪਾਕਿਸਤਾਨੀ ਮੁਸਲਿਮ ਭਾਈਚਾਰੇ ‘ਤੇ ਤਿੰਨ ਦਿਨ ਲਈ ਰੋਕ ਲਗਾ ਦਿੱਤੀ ਗਈ ਹੈ। ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਨੇ ਦੱਸਿਆ ਕਿ ਇਹ ਰੋਕ ਸੁਰੱਖਿਆ ਕਾਰਨਾਂ ਕਰਕੇ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਤਿਹਾਸ ‘ਚ ਪਹਿਲੀ ਵਾਰ ਪੰਜਾਬੀ ਸਿੱਖ ਸੰਗਤ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉੱਦਮਾਂ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਾਨਕਸ਼ਾਹੀ ਕੈਲੰਡਰ ਮੁਤਾਬਿਕ 3 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 5 ਜਨਵਰੀ ਨੂੰ ਭੋਗ ਉਪਰੰਤ ਗੁਰਦੁਆਰਾ ਸਾਹਿਬ ‘ਚ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਡਾ. ਅਹਿਮਦ ਅਨੁਸਾਰ ਪ੍ਰਕਾਸ਼ ਪੁਰਬ ਸਮਾਰੋਹ ਦੇ ਚਲਦਿਆਂ 3 ਤੋਂ 5 ਜਨਵਰੀ ਤੱਕ ਪਾਕਿਸਤਾਨੀ ਗੈਰ ਸਿੱਖਾਂ ਨੂੰ ਗੁਰਦੁਆਰਾ ਸਾਹਿਬ ‘ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ, ਜਦਕਿ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ‘ਚ ਰਹਿੰਦੇ ਲਗਪਗ 2000 ਸਿੱਖ ਪ੍ਰਕਾਸ਼ ਪੁਰਬ ਸਮਾਰੋਹ ‘ਚ ਸ਼ਾਮਿਲ ਹੋਣਗੇ। ਈ. ਟੀ. ਪੀ. ਬੀ. ਦੇ ਸਕੱਤਰ ਤਾਰਿਕ ਵਜ਼ੀਰ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਪਾਕਿ ਸਿੱਖ ਭਾਈਚਾਰੇ ਵਲੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਪੀ. ਐਸ. ਜੀ. ਪੀ. ਸੀ. ਦੇ ਪ੍ਰਧਾਨ ਸਤਵੰਤ ਸਿੰਘ ਤੇ ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਸਮੇਤ ਹੋਰਨਾਂ ਭਵਨਾਂ ਨੂੰ ਰੰਗ-ਬਰੰਗੀਆਂ ਲਾਈਟਾਂ ਤੇ ਮਹਿਕਦੇ ਫੁੱਲਾਂ ਨਾਲ ਸਜਾਇਆ ਜਾਵੇਗਾ।
ਕਰਤਾਰਪੁਰ ਸਾਹਿਬ ‘ਚ ਸਾਮਾਨ ਲਿਜਾਣ ਤੇ ਲਿਆਉਣ ‘ਤੇ ਪਾਬੰਦੀ
ਡੇਰਾ ਬਾਬਾ ਨਾਨਕ : ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਵੱਲੋਂ ਉੱਥੇ ਲੰਗਰ ਲਈ ਰਸਦ ਲੈ ਕੇ ਜਾਣ ਤੇ ਪਾਕਿਸਤਾਨ ਤੋਂ ਖ਼ਰੀਦਿਆ ਕੋਈ ਵੀ ਸਾਮਾਨ ਭਾਰਤ ਲਿਆਉਣ ‘ਤੇ ਭਾਰਤੀ ਇਮੀਗ੍ਰੇਸ਼ਨ ਤੇ ਕਸਟਮ ਅਧਿਕਾਰੀਆਂ ਨੇ ਪਾਬੰਦੀ ਲਗਾ ਦਿੱਤੀ ਹੈ। ਨਵੇਂ ਸਾਲ ਮੌਕੇ ਜੋ ਸੰਗਤਾਂ ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਈਆਂ, ਉਨ੍ਹਾਂ ਕੋਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲੰਗਰ ਲਈ ਦਾਲ, ਚਾਹ ਪੱਤੀ, ਖੰਡ, ਸਬਜ਼ੀਆਂ ਅਤੇ ਹੋਰ ਪਦਾਰਥ ਸਨ ਪਰ ਭਾਰਤੀ ਇੰਟੀਗ੍ਰੇਟਿਡ ਚੈੱਕ ਪੋਸਟ ‘ਤੇ ਕਸਟਮ ਵਿਭਾਗ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਇਹ ਸਾਮਾਨ ਪਾਕਿਸਤਾਨ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਕਾਰਨ ਸੰਗਤ ਨਿਰਾਸ਼ ਹੋ ਗਈ। ਜਦੋਂ ਇਹ ਸੰਗਤਾਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਲਾਂਘੇ ‘ਤੇ ਪੁੱਜੀਆਂ ਤਾਂ ਅਧਿਕਾਰੀਆਂ ਨੇ ਉਹ ਸਾਮਾਨ ਵੀ ਜ਼ਬਤ ਕਰ ਲਿਆ, ਜੋ ਸੰਗਤਾਂ ਕਰਤਾਰਪੁਰ ਸਾਹਿਬ ਨੇੜਿਓਂ ਖਰੀਦ ਕੇ ਲਿਆਈਆਂ ਸਨ। ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਆਏ ਗੁਰਬੀਰ ਸਿੰਘ ਤੇ ਹੋਰਨਾਂ ਸ਼ਰਧਾਲੂਆਂ ਨੇ ਦੱਸਿਆ ਕਿ ਸਿਰਫ਼ ਭਾਰਤ ਵਾਲੇ ਪਾਸੇ ਹੀ ਚੀਜ਼ਾਂ ਲਿਜਾਣ ਅਤੇ ਲਿਆਉਣ ‘ਤੇ ਪਾਬੰਦੀ ਲਗਾਈ ਗਈ ਹੈ ਜਦਕਿ ਪਾਕਿਸਤਾਨ ਨੇ ਕਿਸੇ ਗੱਲ ‘ਤੇ ਰੋਕ ਨਹੀਂ ਲਗਾਈ। ਉਨ੍ਹਾਂ ਦੱਸਿਆ ਕਿ ਭਾਰਤੀ ਇੰਟੀਗ੍ਰੇਟਿਡ ਚੈੱਕ ਪੋਸਟ ‘ਤੇ ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਤੋਂ ਸਿਰਫ਼ ਪਿੰਨੀ ਪ੍ਰਸ਼ਾਦ ਹੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਸੰਗਤਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭਾਵੇਂ ਪਾਕਿਸਤਾਨ ਤੋਂ ਸੰਗਤ ਵੱਲੋਂ ਕੁਝ ਵੀ ਖਰੀਦ ਕੇ ਲਿਆਉਣ ‘ਤੇ ਪਾਬੰਦੀ ਲਗਾ ਦਿੱਤੀ ਜਾਵੇ ਪਰ ਲੰਗਰ ਲਈ ਰਸਦ ਲਿਜਾਣ ਦੀ ਇਜਾਜ਼ਤ ਜ਼ਰੂਰ ਦਿੱਤੀ ਜਾਵੇ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …