ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਾਂ ਅਗਲੇ ਮਹੀਨੇ 8 ਫਰਵਰੀ ਨੂੰ ਪੈਣਗੀਆਂ ਅਤੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਦਿੱਲੀ ‘ਚ ਇਕੋ ਗੇੜ ‘ਚ ਸਾਰੇ ਹਲਕਿਆਂ ‘ਚ ਵੋਟਾਂ ਪੈਣਗੀਆਂ। ਚੋਣਾਂ ਦੇ ਐਲਾਨ ਨਾਲ ਦਿੱਲੀ ‘ਚ ਚੋਣ ਜ਼ਾਬਤਾ ਲੱਗ ਗਿਆ ਹੈ। ਦਿੱਲੀ ਵਿੱਚ 2,689 ਥਾਵਾਂ ਉਪਰ 13,750 ਬੂਥ ਬਣਾਏ ਗਏ ਹਨ। 2015 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਕੁੱਲ 70 ਵਿੱਚੋਂ 67 ਸੀਟਾਂ ਜਿੱਤੀਆਂ ਸਨ। ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ ਸਨ ਪਰ ਕਾਂਗਰਸ ਦਾ ਮੁਕੰਮਲ ਸਫਾਇਆ ਹੋ ਗਿਆ ਸੀ। ਬਾਅਦ ਵਿੱਚ ਰਾਜੌਰੀ ਗਾਰਡਨ ‘ਚ ਹੋਈ ਜ਼ਿਮਨੀ ਚੋਣ ‘ਚ ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ) ਨੇ ਜਿੱਤ ਹਾਸਲ ਕੀਤੀ ਸੀ। ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਦਾ ਨੋਟੀਫਿਕੇਸ਼ਨ 14 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ 21 ਜਨਵਰੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 22 ਜਨਵਰੀ ਨੂੰ ਹੋਵੇਗੀ ਅਤੇ 24 ਜਨਵਰੀ ਤੱਕ ਨਾਮ ਵਾਪਸ ਲਏ ਜਾ ਸਕਣਗੇ। ਚੋਣਾਂ ਲਈ ਲਗਭਗ 90 ਹਜ਼ਾਰ ਪੋਲ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਦਿੱਲੀ ਵਿਚ ਤਕਰੀਬਨ 1.46 ਕਰੋੜ ਵੋਟਰ ਹਨ। ਮੌਜੂਦਾ ਦਿੱਲੀ ਅਸੈਂਬਲੀ ਦਾ ਕਾਰਜਕਾਲ 22 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਨਵੇਂ ਸਦਨ ਦਾ ਗਠਨ ਕੀਤਾ ਜਾਣਾ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …