-19.4 C
Toronto
Friday, January 30, 2026
spot_img
Homeਪੰਜਾਬਦਿੱਲੀ ਗੁਰਦੁਆਰਾ ਕਮੇਟੀ ਦਾ ਮੈਂਬਰ ਪਰਮਜੀਤ ਸਿੰਘ ਚੰਡੋਕ ਤਨਖਾਹੀਆ ਕਰਾਰ

ਦਿੱਲੀ ਗੁਰਦੁਆਰਾ ਕਮੇਟੀ ਦਾ ਮੈਂਬਰ ਪਰਮਜੀਤ ਸਿੰਘ ਚੰਡੋਕ ਤਨਖਾਹੀਆ ਕਰਾਰ

ਸ਼ਰਾਬ ਖਰੀਦਣ ਦੇ ਦੋਸ਼ਾਂ ਤਹਿਤ ਚੰਡੋਕ ਨੂੰ ਲਗਾਈ ਤਨਖ਼ਾਹ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਨੂੰ ਠੇਕੇ ਤੋਂ ਸ਼ਰਾਬ ਖਰੀਦਣ ਦੇ ਮਾਮਲੇ ‘ਤੇ ਤਨਖਾਹ ਲਾਈ ਹੈ ਜਿਸ ਤਹਿਤ ਉਨ੍ਹਾਂ ਨੂੰ ਦਿੱਲੀ ਵਿਚ ਤਿੰਨ ਦਿਨ ਗੁਰਦੁਆਰਾ ਬੰਗਲਾ ਸਾਹਿਬ ਤੇ ਤਿੰਨ ਦਿਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਰੋਜ਼ਾਨਾ ਸੰਗਤਾਂ ਦੇ ਜੋੜੇ ਝਾੜਨ, ਬਰਤਨ ਮਾਂਜਣ ਅਤੇ ਗੁਰਬਾਣੀ ਦਾ ਕੀਰਤਨ ਸਰਵਣ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਦਰਪੇਸ਼ ਸੰਕਟਾਂ ਨਾਲ ਨਜਿੱਠਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ।
ਚੰਡੋਕ ਸ੍ਰੀ ਅਕਾਲ ਤਖਤ ਵਿਖੇ ਵਿਖੇ ਇਸ ਘਟਨਾ ਸਬੰਧੀ ਆਪਣਾ ਸਪਸ਼ਟੀਕਰਨ ਦੇਣ ਆਏ ਸਨ। ਆਪਣੀ ਗਲਤੀ ਨੂੰ ਸਵੀਕਾਰ ਕਰਨ ਮਗਰੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਤਨਖਾਹ ਲਾਈ ਗਈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਨੇ ਚੰਡੋਕ ਤੋਂ ਜਵਾਬ ਮੰਗਿਆ।
ਚੰਡੋਕ ਨੇ ਆਖਿਆ ਕਿ ਉਸ ਨੇ ਸ਼ਰਾਬ ਨਹੀਂ ਪੀਤੀ ਪਰ ਠੇਕੇ ਤੋਂ ਕਿਸੇ ਲਈ ਸ਼ਰਾਬ ਜ਼ਰੂਰ ਖਰੀਦੀ ਸੀ। ਇਸ ਤੋਂ ਬਾਅਦ ਚੰਡੋਕ ਨੂੰ ਸਜ਼ਾ ਲਾਈ ਗਈ। ਜਥੇਦਾਰਾਂ ਨੇ ਹੁਕਮ ਦਿੱਤਾ ਕਿ ਤਨਖਾਹ ਪੂਰੀ ਹੋਣ ਮਗਰੋਂ ਉਹ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਕਰਵਾਏਗਾ। ਇਸ ਦੌਰਾਨ ਉਹ ਕਿਸੇ ਵੀ ਤਰ੍ਹਾਂ ਦੀਆਂ ਧਾਰਮਿਕ, ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਵਿਚ ਸ਼ਮੂਲੀਅਤ ਨਹੀਂ ਕਰੇਗਾ ਅਤੇ ਨਾ ਹੀ ਕੋਈ ਸਨਮਾਨ ਪ੍ਰਾਪਤ ਕਰੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਨੇ ਦੱਸਿਆ ਕਿ ਪਰਮਜੀਤ ਸਿੰਘ ਚੰਡੋਕ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ‘ਤੇ ਸ਼ਿਕਾਇਤਾਂ ਵੀ ਆਈਆਂ ਸਨ ਅਤੇ ਇਸ ਸਬੰਧੀ ਵੀਡੀਓ ਵੀ ਵਾਇਰਲ ਹੋਈ ਸੀ।

RELATED ARTICLES
POPULAR POSTS