Breaking News
Home / ਭਾਰਤ / ਐਨਸੀਆਰ ਦੀ ਕੋਈ ਲੋੜ ਨਹੀਂ : ਨਿਤੀਸ਼ ਕੁਮਾਰ

ਐਨਸੀਆਰ ਦੀ ਕੋਈ ਲੋੜ ਨਹੀਂ : ਨਿਤੀਸ਼ ਕੁਮਾਰ

ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਹੈ ਕਿ ਮੁਲਕ ਭਰ ‘ਚ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਲਾਗੂ ਕੀਤਾ ਜਾਣਾ ‘ਬੇਲੋੜਾ’ ਹੈ ਅਤੇ ਇਸ ਦੀ ਕੋਈ ‘ਤੁਕ’ ਨਹੀਂ ਹੈ। ਵਿਧਾਨ ਸਭਾ ‘ਚ ਬੋਲਦਿਆਂ ਨਿਤੀਸ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੌਮੀ ਆਬਾਦੀ ਰਜਿਸਟਰ (ਐੱਨਪੀਆਰ) ਲਈ ਸਿਧਾਂਤਕ ਤੌਰ ‘ਤੇ ਸਹਿਮਤ ਹੈ ਕਿਉਂਕਿ 10 ਸਾਲ ਪਹਿਲਾਂ ਵੀ ਇਹ ਅਭਿਆਸ ਹੋਇਆ ਸੀ। ਉਂਜ ਉਨ੍ਹਾਂ ਜ਼ੋਰ ਦਿੱਤਾ ਕਿ ਮਰਦਮਸ਼ੁਮਾਰੀ ਜਾਤ ਆਧਾਰਿਤ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਦਨ ‘ਚ ਇਸ ਬਾਬਤ ਬਹਿਸ ਕਰਨ ਲਈ ਤਿਆਰ ਹਨ। ਉਨ੍ਹਾਂ ਇਹ ਬਿਆਨ ਉਸ ਸਮੇਂ ਦਿੱਤਾ ਜਦੋਂ ਸੰਸਦ ਵੱਲੋਂ ਐੱਸਸੀ ਅਤੇ ਐੱਸਟੀ ਨੂੰ ਰਾਖਵਾਂਕਰਨ 10 ਸਾਲ ਹੋਰ ਵਧਾਉਣ ਲਈ ਸੰਵਿਧਾਨਕ ਸੋਧ ਪਾਸ ਕੀਤੇ ਜਾਣ ਲਈ ਧੰਨਵਾਦ ਕਰਨ ਵਾਸਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ।
ਨੌਜਵਾਨਾਂ ਦਾ ਸਾਹਮਣਾ ਕਰਨ ਦੀ ਹਿੰਮਤ ਦਿਖਾਉਣ ਮੋਦੀ : ਰਾਹੁਲ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦਾ ਸਾਹਮਣਾ ਕਰਨ ਦੀ ਹਿੰਮਤ ਹੋਣੀ ਚਾਹੀਦੀ ਹੈ ਤੇ ਕਾਰਨ ਦੱਸਣਾ ਚਾਹੀਦਾ ਹੈ ਕਿ ਕਿਉਂ ਦੇਸ਼ ਦੀ ਆਰਥਿਕਤਾ ਲਗਾਤਾਰ ਨਿੱਘਰ ਰਹੀ ਹੈ। ਰਾਹੁਲ ਨੇ ਕਿਹਾ ਕਿ ਨਰਿੰਦਰ ਮੋਦੀ ਕੋਲ ਇਸ ਲਈ ‘ਹਿੰਮਤ ਹੈ ਹੀ ਨਹੀਂ।’ ਰਾਹੁਲ ਨੇ ਕਿਹਾ ਕਿ ਦੇਸ਼ ਨੂੰ ਵੰਡ ਕੇ ਅਤੇ ਲੋਕਾਂ ਦਾ ਧਿਆਨ ਭਟਕਾ ਕੇ ਮੋਦੀ ਦੇਸ਼ ਦਾ ਸਭ ਤੋਂ ਵੱਡਾ ਨੁਕਸਾਨ ਕਰ ਰਹੇ ਹਨ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਦੇਸ਼ ‘ਚ ਬੇਰੁਜ਼ਗਾਰੀ ਦਰ 50 ਸਾਲਾਂ ਵਿਚ ਸਭ ਤੋਂ ਵੱਧ ਹੈ।
ਮੁੰਬਈ ‘ਚ ਕ੍ਰਿਕਟ ਮੈਚ ਦੌਰਾਨ ਐਨ.ਆਰ.ਸੀ. ਅਤੇ ਐਨ.ਪੀ.ਆਰ. ਖਿਲਾਫ ਪ੍ਰਦਰਸ਼ਨ
ਮੁੰਬਈ : ਭਾਰਤ ਅਤੇ ਆਸਟਰੇਲੀਆ ਵਿਚਕਾਰ ਮੰਗਲਵਾਰ ਨੂੰ ਮੁੰਬਈ ਵਿਚ ਕ੍ਰਿਕਟ ਦਾ ਇਕ ਰੋਜ਼ਾ ਮੈਚ ਖੇਡਿਆ ਗਿਆ। ਮੈਚ ਦੇ ਦੌਰਾਨ ਕੁਝ ਨੌਜਵਾਨਾਂ ਨੇ ਐਨ.ਆਰ.ਸੀ. ਅਤੇ ਐਨ.ਪੀ.ਆਰ. ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਨੌਜਵਾਨਾਂ ਨੇ ‘ਨੋ ਐਨ.ਆਰ.ਸੀ.’ ਅਤੇ ‘ਨੋ ਐਨ.ਪੀ.ਆਰ.’ ਲਿਖੀਆਂ ਟੀ ਸ਼ਰਟਾਂ ਪਹਿਨੀਆਂ ਹੋਈਆਂ ਸਨ। ਮੈਚ ਦੌਰਾਨ ਇਨ੍ਹਾਂ ਨੌਜਵਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ। ਮੌਕੇ ‘ਤੇ ਪਹੁੰਚੇ ਸੁਰੱਖਿਆ ਕਰਮਚਾਰੀਆਂ ਨੇ ਇਨ੍ਹਾਂ ਨੌਜਵਾਨਾਂ ਨੂੰ ਰੋਕਿਆ। ਜ਼ਿਆਦਾਤਰ ਪ੍ਰਦਰਸ਼ਨਕਾਰੀ ਆਈ.ਆਈ.ਟੀ. ਬੰਬੇ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕ੍ਰਿਕਟ ਮੈਚ ਸ਼ੁਰੂ ਹੋਣ ਤੋਂ ਬਾਅਦ ਵਿਦਿਆਰਥੀ ਇਕ ਲਾਈਨ ਵਿਚ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰਨ ਲੱਗ ਪਏ ਸਨ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …