Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਕਿਸੇ ਦੀ ਨਿੱਜੀ ਮਲਕੀਅਤ ਨਹੀਂ

ਸ਼੍ਰੋਮਣੀ ਅਕਾਲੀ ਦਲ ਕਿਸੇ ਦੀ ਨਿੱਜੀ ਮਲਕੀਅਤ ਨਹੀਂ

ਪਰਮਿੰਦਰ ਢੀਂਡਸਾ ਨੇ ਕਿਹਾ – ਸ਼੍ਰੋਮਣੀ ਅਕਾਲੀ ਦਲ ‘ਚ ਚਾਪਲੂਸ ਹੋਏ ਹਾਵੀ
ਲਹਿਰਾਗਾਗਾ : ਸਾਬਕਾ ਵਿੱਤ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ, ਬਾਦਲ ਜਾਂ ਕਿਸੇ ਹੋਰ ਦੀ ਨਿੱਜੀ ਮਲਕੀਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ ਸੋਚ ਹੈ ਅਤੇ ਉਸ ਸੋਚ ‘ਤੇ ਪਹਿਰਾ ਦੇਣ ਵਾਲਿਆਂ ਨੂੰ ਹੀ ਅਕਾਲੀ ਮੰਨਿਆ ਜਾਂਦਾ ਹੈ, ਪਾਰਟੀ ‘ਚ ਰਹਿਣ ਵਾਲਾ ਹਰ ਇਕ ਅਕਾਲੀ ਨਹੀਂ ਕਹਾ ਸਕਦਾ। ਢੀਂਡਸਾ ਨੇ ਕਿਹਾ ਕਿ ਪਰਿਵਾਰ ਨੂੰ ਅਕਾਲੀ ਹੋਣ ‘ਤੇ ਮਾਣ ਹੈ ਤੇ ਪੂਰੇ ਮਸਲੇ ਬਾਰੇ ਸਾਰਿਆਂ ਨੂੰ ਜਾਣੂ ਕਰਵਾਉਣਗੇ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਇਕੋ ਜਿਹੀ ਸੋਚ ਵਾਲੇ ਸਮੁੱਚੇ ਅਕਾਲੀ ਆਗੂਆਂ ਨੂੰ ਇੱਕ ਮੰਚ ‘ਤੇ ਇਕੱਠੇ ਕੀਤਾ ਜਾਵੇਗਾ ਅਤੇ ਇਸ ਬਾਰੇ ਫ਼ੈਸਲਾ ਆਉਣ ਵਾਲੇ ਦਿਨਾਂ ‘ਚ ਲਿਆ ਜਾਵੇਗਾ। ਲਹਿਰਾਗਾਗਾ ਵਿਖੇ ਵੱਖ-ਵੱਖ ਸਮਾਜਿਕ ਸਮਾਰੋਹਾਂ ‘ਚ ਸ਼ਾਮਲ ਹੋਣ ਮਗਰੋਂ ਪਰਮਿੰਦਰ ਢੀਂਡਸਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ‘ਚ ਚਾਪਲੂਸ ਹਾਵੀ ਹੋ ਚੁੱਕੇ ਹਨ। ਪਾਰਟੀ ਨੂੰ ਮਜ਼ਬੂਤ ਕਰਨ ਦੀ ਬਜਾਏ ਆਪਣੇ ਫਾਇਦੇ ਲਈ ਚਾਪਲੂਸੀ ਕਰ ਰਹੇ ਹਨ।
ਢੀਂਡਸਾ ਪਿਓ-ਪੁੱਤਰ ਅਕਾਲੀ ਦਲ ‘ਚੋਂ ਬਰਖਾਸਤ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਚੱਲੇ ਆ ਰਹੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਤੇ ਲਹਿਰਾਗਾਗਾ ਤੋਂ ਪਾਰਟੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਤਹਿਤ ਅਕਾਲੀ ਦਲ ‘ਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ 8 ਘੰਟੇ ਦੇ ਕਰੀਬ ਚੱਲੀ ਕੋਰ ਕਮੇਟੀ ਦੀ ਮੀਟਿੰਗ ‘ਚ ਲਿਆ ਗਿਆ। ਪਾਰਟੀ ਵੱਲੋਂ ਢੀਂਡਸਾ ਜੋੜੀ ਨੂੰ ‘ਦੋਸ਼ ਪੱਤਰ’ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਦਾ ਜਵਾਬ ਦੋ ਹਫ਼ਤਿਆਂ ਦੇ ਅੰਦਰ-ਅੰਦਰ ਦੇਣ ਲਈ ਕਿਹਾ ਜਾ ਰਿਹਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ ਦੇ ਮੈਂਬਰਾਂ ਅਤੇ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਦੇ ਨਿਗਰਾਨ ਸਿਕੰਦਰ ਸਿੰਘ ਮਲੂਕਾ ਵੱਲੋਂ ਮੀਟਿੰਗ ਦੌਰਾਨ ਦੋਵਾਂ ਜ਼ਿਲ੍ਹਿਆਂ ਦੇ ਵਰਕਰਾਂ ਤੇ ਆਗੂਆਂ ਦੀਆਂ ਭਾਵਨਾਵਾਂ ਤੇ ਮੰਗ ਪ੍ਰਤੀ ਪਾਰਟੀ ਆਗੂਆਂ ਨੂੰ ਜਾਣੂ ਕਰਾਇਆ ਗਿਆ ਸੀ ਜਿਸ ਦੇ ਅਧਾਰ ‘ਤੇ ਕੋਰ ਕਮੇਟੀ ਨੇ ਇਹ ਫ਼ੈਸਲਾ ਲਿਆ। ਸੂਤਰਾਂ ਦਾ ਦੱਸਣਾ ਹੈ ਕਿ ਪਾਰਟੀ ਦੇ ਕੁੱਝ ਆਗੂਆਂ ਜਿਨ੍ਹਾਂ ਵਿੱਚ ਬਿਕਰਮ ਸਿੰਘ ਮਜੀਠੀਆ, ਜਥੇਦਾਰ ਤੋਤਾ ਸਿੰਘ ਅਤੇ ਗੁਲਜ਼ਾਰ ਸਿੰਘ ਰਣੀਕੇ ਆਦਿ ਸ਼ਾਮਲ ਸਨ, ਨੇ ਮੀਟਿੰਗ ਦੌਰਾਨ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਖਿਲਾਫ ਕਾਰਵਾਈ ਕਰਨ ਦੀ ਥਾਂ ਨੋਟਿਸ ਦੇ ਦਿੱਤਾ ਜਾਵੇ ਤਾਂ ਪਾਰਟੀ ਦੇ ਵੀ ਹਿੱਤ ‘ਚ ਹੋਵੇਗਾ। ਦੂਜੇ ਪਾਸੇ ਪਾਰਟੀ ਦੇ ਚਾਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਅਤੇ ਸਿਕੰਦਰ ਸਿੰਘ ਮਲੂਕਾ ਨੇ ਜ਼ੋਰ ਦਿੱਤਾ ਕਿ ਪਿਓ-ਪੁੱਤਰ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿੱਜੀ ਤੌਰ ‘ਤੇ ਇਸ ਮਾਮਲੇ ‘ਤੇ ਕੁੱਝ ਨਹੀਂ ਕਿਹਾ ਤੇ ਆਗੂਆਂ ਦੇ ਬੋਲਾਂ ‘ਤੇ ਹੀ ਫੁੱਲ ਚੜ੍ਹਾਏ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪਾਰਟੀ ਵੱਲੋਂ ਢੀਂਡਸਾ ਜੋੜੀ ਦੇ ਖਿਲਾਫ਼ ਕਾਰਵਾਈ ਦੇ ਮਾਮਲੇ ਵਿੱਚ ਭਾਵੇਂ ਇੰਤਜ਼ਾਰ ਕੀਤਾ ਜਾ ਸਕਦਾ ਸੀ ਪਰ 18 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਮਨਜੀਤ ਸਿੰਘ ਜੀ.ਕੇ. ਨਾਲ ਕੀਤੀ ਜਾਣ ਵਾਲੀ ਮੀਟਿੰਗ ਦੇ ਮੱਦੇਨਜ਼ਰ ਪਾਰਟੀ ਆਗੂਆਂ ਦੇ ਦਬਾਅ ਅਧੀਨ ਇਹ ਫ਼ੈਸਲਾ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਨਮੋਸ਼ੀ ਭਰੀ ਹਾਰ ਝੱਲਣ ਤੋਂ ਬਾਅਦ ਪਾਰਟੀ ਅੰਦਰ ਲਗਾਤਾਰ ਬਗਾਵਤੀ ਸੁਰਾਂ ਉੱਠ ਰਹੀਆਂ ਹਨ। ਇਸ ਫ਼ੈਸਲੇ ਨਾਲ ਬਾਦਲ ਪਰਿਵਾਰ ਤੇ ਢੀਂਡਸਾ ਪਰਿਵਾਰ ਦਰਮਿਆਨ ਲਕੀਰ ਪੱਕੇ ਤੌਰ ‘ਤੇ ਖਿੱਚੀ ਗਈ ਹੈ।
ਅਕਾਲੀ ਦਲ ਵੱਲੋਂ ਲਾਏ ਗਏ ਹਰ ਦੋਸ਼ ਦਾ ਠੋਕਵਾਂ ਜਵਾਬ ਦੇਵਾਂਗੇ: ਢੀਂਡਸਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵੱਲੋਂ ਕੀਤੀ ਕਾਰਵਾਈ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਫੈਸਲਾ ਲਿਆ ਗਿਆ ਹੈ, ਉਸ ਦੀ ਹੀ ਉਮੀਦ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਾਨੂੰ (ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ) ‘ਦੋਸ਼ ਪੱਤਰ’ ਦੇਣ ਦਾ ਫੈਸਲਾ ਕੀਤਾ ਹੈ। ਇਸ ਲਈ ਨੋਟਿਸ ਮਿਲਣ ਤੋਂ ਬਾਅਦ ਹਰ ਦੋਸ਼ ਦਾ ਠੋਕਵਾਂ ਜਵਾਬ ਦੇਵਾਂਗੇ। ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫਾ ਦੇਣ ਤੋਂ ਬਾਅਦ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸੇਧਣਾ ਸ਼ੁਰੂ ਕਰ ਦਿੱਤਾ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਬੇਅਦਬੀ ਕਾਂਡ ਨੂੰ ਲੈ ਕੇ ਬਿਆਨਬਾਜ਼ੀ ਸ਼ੁਰੂ ਕੀਤੀ ਹੈ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …