ਕੈਪਟਨ ਅਮਰਿੰਦਰ ਨੇ ਪਾਣੀਆਂ ਦੇ ਮੁੱਦੇ ‘ਤੇ 23 ਜਨਵਰੀ ਨੂੰ ਸੱਦੀ ਸਰਬ ਪਾਰਟੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਇਜਲਾਸ ਦਾ ਅੱਜ ਆਖਰੀ ਦਿਨ ਸੀ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਸਦਨ ‘ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ‘ਚ ਪਾਸ ਵੀ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇਰਲ ਵਿਧਾਨ ਸਭਾ ‘ਚ ਵੀ ਨਾਗਰਿਕਤਾ ਕਾਨੂੰਨ ਨੂੰ ਰੱਦ ਕਰਨ ਲਈ ਸਦਨ ਵਲੋਂ ਮਤਾ ਪਾਸ ਕੀਤਾ ਗਿਆ ਸੀ। ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ ਕਰਨ ਵਾਲਾ ਪੰਜਾਬ ਦੂਜਾ ਸੂਬਾ ਬਣ ਗਿਆ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਅਤੇ ਕਾਂਗਰਸ ਪਾਰਟੀ ਘੱਟ ਗਿਣਤੀਆਂ ਨੂੰ ਨਾਗਰਿਕਤਾ ਦੇਣ ਦੇ ਵਿਰੁੱਧ ਨਹੀਂ ਹਨ, ਪਰ ਸੀ.ਏ.ਏ. ਵਿਚ ਮੁਸਲਮਾਨਾਂ ਸਮੇਤ ਕੁਝ ਹੋਰ ਧਾਰਮਿਕ ਫਿਰਕਿਆਂ ਨਾਲ ਵਿਤਕਰੇ ਦਾ ਉਨ੍ਹਾਂ ਨੇ ਵਿਰੋਧ ਕੀਤਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਣੀਆਂ ਦੇ ਮੁੱਦੇ ‘ਤੇ 23 ਜਨਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਚਿੰਤਤ ਹੈ ਅਤੇ ਸਰਬ ਪਾਰਟੀ ਮੀਟਿੰਗ ਵਿਚ ਐੱਸ.ਵਾਈ.ਐੱਲ, ਨਹਿਰੀ ਪਾਣੀ ਅਤੇ ਧਰਤੀ ਹੇਠਲੇ ਪਾਣੀ ਉਤੇ ਵਿਚਾਰ-ਵਟਾਂਦਰਾ ਹੋਵੇਗਾ।
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਫਿਰ ਕਿਸਾਨ ਖ਼ੁਦਕੁਸ਼ੀਆਂ ਤੇ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ‘ਆਪ’ ਵਰਕਰ ਭਗਵੰਤ ਮਾਨ ਦੀ ਅਗਵਾਈ ‘ਚ ਸੂਬਾ ਸਰਕਾਰ ਦਾ ਅਰਥੀਨੁਮਾ ਪੁਤਲਾ ਲੈ ਕੇ ਪਹੁੰਚ ਗਏ ਅਤੇ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਪੁਤਲਾ ਲੈ ਕੇ ਅੰਦਰ ਨਹੀਂ ਜਾਣ ਦਿੱਤਾ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਵੀ ਮੌਜੂਦ ਸਨ। ਇਸੇ ਦੌਰਾਨ ਅਕਾਲੀ ਦਲ ਦੇ ਵਿਧਾਇਕਾਂ ਨੇ ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਸਦਨ ਵਿਚੋਂ ਵਾਕ ਆਊਟ ਕੀਤਾ। ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾਵਾਂ ਨੇ ਵੀ ਪਾਣੀਆਂ ਦੇ ਮੁੱਦੇ ‘ਤੇ ਸਰਕਾਰ ਦਾ ਜੰਮ ਕੇ ਵਿਰੋਧ ਕੀਤਾ।
Check Also
ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਹੋਈ ਸਮਾਪਤੀ
ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …