Breaking News
Home / ਪੰਜਾਬ / ਬੁੱਤਾਂ ਦੇ ਵਿਰੋਧ ‘ਚ ਡਟੇ ਅਮਰੀਕਾ ਦੇ 106 ਗੁਰਦੁਆਰੇ

ਬੁੱਤਾਂ ਦੇ ਵਿਰੋਧ ‘ਚ ਡਟੇ ਅਮਰੀਕਾ ਦੇ 106 ਗੁਰਦੁਆਰੇ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ਵਿਚ ਸਥਾਪਿਤ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਦੀ ਗੂੰਜ ਅਮਰੀਕਾ ਵਿਚ ਵੀ ਸੁਣਾਈ ਦੇਣ ਲੱਗੀ ਹੈ। ਇਸ ਸੰਦਰਭ ਵਿਚ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਿਚਕਾਰ ਇਕ ਟੈਲੀ ਕਾਨਫਰੰਸ ਹੋਈ। ਇਸ ਦੌਰਾਨ ਅਮਰੀਕਾ ਵਿਚ ਸਥਿਤ 106 ਗੁਰਦੁਆਰਾ ਸਾਹਿਬ ਦੇ ਪ੍ਰਤੀਨਿਧੀਆਂ ਨੇ ਕਈ ਪੰਥਕ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਟੈਲੀ ਕਾਨਫਰੰਸ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ਵਿਚ ਸਥਾਪਿਤ ਕੀਤੇ ਗਏ ਬੁੱਤਾਂ, ਨਾਗਰਿਕਤਾ ਸੋਧ ਕਾਨੂੰਨ, ਨਿੱਜੀ ਚੈਨਲ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਿਤ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ‘ਤੇ ਆਪਣਾ ਹੱਕ ਜਤਾਉਣ ਅਤੇ ਅਮਰੀਕਾ ਵਿਚ ਜਨਗਣਨਾ ਦੌਰਾਨ ਸਿੱਖਾਂ ਦੀ ਗਿਣਤੀ ਨੂੰ ਵੱਖ ਕਰਨ ਦੇ ਮੁੱਦਿਆਂ ‘ਤੇ ਸਾਰੇ ਪ੍ਰਤੀਨਿਧੀਆਂ ਨੇ ਆਪਣੇ ਵਿਚਾਰ ਰੱਖੇ। ਸਿੱਖ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਇਕ ਸੁਰ ਵਿਚ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਰਸਤੇ ਵਿਚ ਬੁੱਤਾਂ ਨੂੰ ਸਥਾਪਿਤ ਕਰਨਾ ਬਹੁਤ ਵੱਡੀ ਗਲਤੀ ਸੀ। ਜਿਨ੍ਹਾਂ ਸਿੱਖ ਨੌਜਵਾਨਾਂ ਨੇ ਇਨ੍ਹਾਂ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੇ ਇਸ ਗਲਤੀ ਨੂੰ ਸੁਧਾਰਨ ਦਾ ਯਤਨ ਕੀਤਾ ਹੈ। ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਨਹੀਂ ਸੀ ਕੀਤਾ ਜਾਣਾ ਚਾਹੀਦਾ। ਇਸ ਦੌਰਾਨ ਪੰਜਾਬ ਸਰਕਾਰ ਦੇ ਰਵੱਈਏ ‘ਤੇ ਚਿੰਤਾ ਪ੍ਰਗਟਾਈ ਗਈ। ਇਸ ਦੌਰਾਨ ਕੋਆਰਡੀਨੇਟਰ ਹਿੰਮਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਹੁਣ ਤੱਕ ਬੇਅਦਬੀ ਦੇ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਵਿਚ ਅਸਫਲ ਰਹੀ ਹੈ, ਜਦਕਿ ਇਨ੍ਹਾਂ ਨੌਜਵਾਨਾਂ ‘ਤੇ ਤੁਰੰਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੰਜਾਬੀ ਤੇ ਸਿੱਖ ਸਭਿਆਚਾਰ ‘ਚ ਬਹੁਤ ਅੰਤਰ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਪੰਜਾਬੀ ਵੀ ਹਾਂ, ਸਿੱਖ ਵੀ ਹਾਂ। ਪੰਜਾਬੀ ਸਭਿਆਚਾਰ ਦਾ ਸਨਮਾਨ ਹੈ , ਪਰ ਸਿੱਖ ਸਭਿਆਚਾਰ ਅਤੇ ਪੰਜਾਬੀ ਸਭਿਆਚਾਰ ਵਿਚ ਬਹੁਤ ਵੱਡਾ ਅੰਤਰ ਹੈ। ਜਿਨ੍ਹਾਂ ਸਿੱਖ ਨੌਜਵਾਨਾਂ ‘ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀ ਹੈਰੀਟੇਜ ਸਟਰੀਟ ‘ਤੇ ਲੱਗੇ ਬੁੱਤਾਂ ਨੂੰ ਤੋੜਨ ਦੇ ਆਰੋਪ ਵਿਚ 307 ਦਾ ਪਰਚਾ ਦਰਜ ਕੀਤਾ ਗਿਆ ਹੈ, ਉਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

Check Also

ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਅਤੇ ਸੁਖਪਾਲ ਖਹਿਰਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਗਾਂਧੀ ਪਟਿਆਲਾ ਤੋਂ ਅਤੇ ਖਹਿਰਾ ਸੰਗਰੂਰ ਤੋਂ ਹਨ ਚੋਣ ਮੈਦਾਨ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ …