ਕੈਪਟਨ ਅਮਰਿੰਦਰ ਨੇ ਪ੍ਰਸ਼ਾਸਨ ਨੂੰ ਕਿਹਾ ਸੀ ਇਹ ਬੁੱਤ ਇਥੋਂ ਹਟਾ ਕੇ ਕਿਸੇ ਹੋਰ ਜਗ੍ਹਾ ਲਗਾਓ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿਚੋਂ ਵੀਰਵਾਰ ਨੂੰ ਗਿੱਧੇ-ਭੰਗੜੇ ਤੇ ਹੋਰ ਸਭਿਆਚਾਰਕ ਬੁੱਤ ਹਟਾ ਦਿੱਤੇ ਗਏ। ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਤਾਂ ਨੂੰ ਹਟਾਉਣ ਦਾ ਕੰਮ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੁਝ ਨੌਜਵਾਨਾਂ ਨੇ ਇਨ੍ਹਾਂ ਬੁੱਤਾਂ ਦੀ ਭੰਨਤੋੜ ਕੀਤੀ ਸੀ ਅਤੇ ਇਨ੍ਹਾਂ ਬੁੱਤਾਂ ਨੂੰ ਵਿਰਾਸਤੀ ਮਾਰਗ ਤੋਂ ਹਟਾਉਣ ਦੀ ਮੰਗ ਵੀ ਕੀਤੀ ਸੀ। ਇਨ੍ਹਾਂ ਬੁੱਤਾਂ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਪਿਛਲੇ ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਸਨ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਪ੍ਰਸ਼ਾਸਨ ਨੂੰ ਕਿਹਾ ਸੀ ਕਿ ਇਨ੍ਹਾਂ ਬੁੱਤਾਂ ਨੂੰ ਵਿਰਾਸਤੀ ਮਾਰਗ ਤੋਂ ਹਟਾ ਕੇ ਕਿਸੇ ਹੋਰ ਥਾਂ ਲਗਾ ਦਿੱਤਾ ਜਾਵੇ। ਹੁਣ ਇਨ੍ਹਾਂ ਬੁੱਤਾਂ ਨੂੰ ਕਿਸ ਥਾਂ ‘ਤੇ ਲਗਾਇਆ ਜਾਵੇਗਾ, ਅਜੇ ਤੱਕ ਇਹ ਜਾਣਕਾਰੀ ਨਹੀਂ ਮਿਲ ਸਕੀ।
ਇਸ ਤੋਂ ਪਹਿਲਾਂ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਸੀ।
ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਆਖਿਆ ਹੈ ਕਿ ਬੁੱਤ ਤੋੜਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਖਿਲਾਫ ਕੇਸਾਂ ਬਾਰੇ ਮੁੜ ਵਿਚਾਰ ਕੀਤਾ ਜਾਵੇ ਅਤੇ ਉਨ੍ਹਾਂ ਖਿਲਾਫ ਲਾਈ ਗਈ ਸਖ਼ਤ ਧਾਰਾ ਹਟਾਈ ਜਾਵੇ। ਜ਼ਿਕਰਯੋਗ ਹੈ ਕਿ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਸਬੰਧੀ ਸਿੱਖ ਜਥੇਬੰਦੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਧਰਨਾ ਦਿੱਤਾ ਹੋਇਆ ਹੈ। ਇਸ ਧਰਨੇ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਵੀ ਦਿੱਤਾ ਸੀ।
ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਨੂੰ ਬੁੱਤ ਹਟਾਉਣ ਲਈ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਆਖਿਆ ਗਿਆ ਸੀ। ਇਹ ਕਮੇਟੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਮਿਲੀ ਸੀ, ਜਿਨ੍ਹਾਂ ਨੇ ਬੁੱਤ ਹਟਾਉਣ ਲਈ ਸਰਕਾਰ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਸੀ। ਇਨ੍ਹਾਂ ਵਿਵਾਦਿਤ ਬੁੱਤਾਂ ਨੂੰ ਹਟਾਉਣ ਦੇ ਮਾਮਲੇ ਵਿਚ ਪੁਲਿਸ ਨੇ ਨੌਂ ਸਿੱਖ ਅੰਮ੍ਰਿਤਧਾਰੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਖਿਲਾਫ ਹੋਰ ਧਾਰਾਵਾਂ ਤੋਂ ਇਲਾਵਾ ਧਾਰਾ 307 ਵੀ ਦਰਜ ਕੀਤੀ ਗਈ ਸੀ। ਸਿੱਖ ਜਥੇਬੰਦੀਆਂ ਮੰਗ ਕਰ ਰਹੀਆਂ ਸਨ ਕਿ ਇਹ ਸੰਗੀਨ ਜੁਰਮ ਵਾਲੀ ਧਾਰਾ ਰੱਦ ਕੀਤੀ ਜਾਵੇ ਅਤੇ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ।
ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਸਵਾਗਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਰਾਸਤੀ ਮਾਰਗ ‘ਤੇ ਲੱਗੇ ਵਿਵਾਦਤ ਬੁੱਤਾਂ ਦੇ ਸਬੰਧ ਵਿਚ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫੋਨ ‘ਤੇ ਗੱਲਬਾਤ ਹੋਈ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੇ ਪੰਜਾਬ ਸਰਕਾਰ ਦੇ ਫੈਸਲੇ ਦਾ ਉਹ ਸਵਾਗਤ ਕਰਦੇ ਹਨ ਅਤੇ ਹੁਣ ਵਿਰਾਸਤੀ ਮਾਰਗ ‘ਤੇ ਜੋ ਵੀ ਲੱਗੇ ਉਹ ਸਿੱਖ ਧਰਮ ਨਾਲ ਸਬੰਧਤ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਬੁੱਤਾਂ ਦੀ ਭੰਨ ਤੋੜ ਕਰਨ ਵਾਲੇ ਨੌਜਵਾਨਾਂ ਖਿਲਾਫ਼ ਦਰਜ ਕੀਤੇ ਗਏ ਸਾਰੇ ਕੇਸਾਂ ਨੂੰ ਵੀ ਰੱਦ ਕੀਤਾ ਜਾਣਾ ਚਾਹੀਦਾ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …