ਭਗਵੰਤ ਮਾਨ ਤੇ ਹਰਪਾਲ ਚੀਮਾ ਨੇ ਸਿੰਗਲਾ ਦਾ ਪਾਰਟੀ ‘ਚ ਕੀਤਾ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਸੱਤਾਧਾਰੀ ਕਾਂਗਰਸ ਨੂੰ ਝਟਕਾ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਨਾਭਾ ਤੋਂ ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਵਿਚ ਰਮੇਸ਼ ਸਿੰਗਲਾ ਨੇ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਕੋਰ ਕਮੇਟੀ ਮੈਂਬਰ ਮਨਜੀਤ ਸਿੰਘ ਸਿੱਧੂ ਮੌਜੂਦ ਸਨ।
ਰਮੇਸ਼ ਸਿੰਗਲਾ ਦਾ ਸਵਾਗਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ‘ਚ ਕਈ ਦਹਾਕੇ ਤੋਂ ਉੱਚ ਅਹੁਦਿਆਂ ‘ਤੇ ਰਹਿੰਦੇ ਹੋਏ ਵੀ ਰਮੇਸ਼ ਸਿੰਗਲਾ ਨੇ ਆਪਣੇ ਦਾਮਨ ‘ਤੇ ਇੱਕ ਵੀ ਦਾਗ਼ ਨਹੀਂ ਲੱਗਣ ਦਿੱਤਾ ਅਤੇ ਸਾਫ਼-ਸੁਥਰੀ ਸਿਆਸਤ ਦੇ ਨਾਲ-ਨਾਲ ਸਮਾਜ ਸੇਵੀ ਵਜੋਂ ਆਪਣੀ ਵਿਲੱਖਣ ਪਹਿਚਾਣ ਬਣਾਈ। ਮਾਨ ਨੇ ਕਾਂਗਰਸ ਪਾਰਟੀ ‘ਤੇ ਤੰਨਜ ਕੱਸਦੇ ਹੋਏ ਕਿਹਾ ਕਿ ਕਾਂਗਰਸ ਵਰਗੀ ਭ੍ਰਿਸ਼ਟਾਚਾਰ ਪਾਰਟੀ ‘ਚ ਰਹਿ ਕੇ ਵੀ ਬੇਦਾਗ਼ ਰਹਿਣਾ ਬਹੁਤ ਵੱਡੀ ਗੱਲ ਹੈ। ਇਸ ਮੌਕੇ ਰਮੇਸ਼ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਬਹੁਤ ਨਿਰਾਸ਼ ਕੀਤਾ ਹੈ। ਸਿੰਗਲਾ ਨੇ ਕਿਹਾ ਕਿ ਉਹ ਕੇਜਰੀਵਾਲ ਸਰਕਾਰ ਅਤੇ ਭਗਵੰਤ ਮਾਨ ਦੀ ਸੰਸਦ ‘ਚ ਕਾਰਗੁਜ਼ਾਰੀ ਤੋਂ ਬੇਹੱਦ ਪ੍ਰਭਾਵਿਤ ਹੋਏ ਹਨ। ਇਹੋ ਕਾਰਨ ਹੈ ਕਿ ਉਨ੍ਹਾਂ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।
Check Also
ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਬੀਬੀਐੱਮਬੀ ਹਰਿਆਣਾ ਨੂੰ ਪਾਣੀ ਛੱਡਣ ’ਚ ਨਾਕਾਮ
ਪਾਣੀ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੀਜੀ ਵਾਰ ਪਹੁੰਚੇ ਨੰਗਲ ਡੈਮ ਨੰਗਲ/ਬਿਊਰੋ ਨਿਊਜ਼ : …