ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ/ਬਿਊਰੋ ਨਿਊਜ਼
ਟਿਕ ਟਾਕ ਅਤੇ ਹੋਰ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਨੇ ਲੋਕਾਂ ਦੇ ਦਿਮਾਗਾਂ ਨੂੰ ਇਸ ਹੱਦ ਤੱਕ ਖਰਾਬ ਕਰ ਦਿੱਤਾ ਹੈ ਕਿ ਉਹ ਊਲ ਜਲੂਲ ਹਰਕਤਾਂ ਕਰਨ ਲੱਗਿਆਂ ਕਿਸੇ ਥਾਂ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਵੀ ਧਿਆਨ ਨਹੀਂ ਕਰਦੇ। ਇਕ ਵਾਰ ਫਿਰ ਰੂਹਾਨੀਅਨਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਟਿੱਕ ਟਾਕ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਖੇ ਤਿੰਨ ਕੁੜੀਆਂ ਵਲੋਂ ਪੰਜਾਬੀ ਗਾਣੇ ‘ਤੇ ਬਣਾਈ ਵੀਡੀਓ ਵਾਇਰਲ ਹੋ ਰਹੀ ਹੈ। ਧਿਆਨ ਰਹੇ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ, ਇਸ ਤੋਂ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ।