ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਸ਼ਾ ਕੁਮਾਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਨਿਯੁਕਤੀ ਲਈ ਪੂਰੀ ਜ਼ਿੰਮੇਵਾਰੀ ਨਾਲ ਸਹਿਮਤੀ ਦਿੱਤੀ ਸੀ। ਵਿਰੋਧੀ ਪਾਰਟੀਆਂ ਵੱਲੋਂ ਆਸ਼ਾ ਕੁਮਾਰੀ ਦੀ ਨਿਯੁਕਤੀ ਦਾ ਵਿਰੋਧ ਕਰਨ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ‘ਤੇ ਉਂਗਲ ਉਠਾਉਣ ਤੋਂ ਪਹਿਲਾਂ ਇਨ੍ਹਾਂ ਪਾਰਟੀਆਂ ਨੂੰ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ।
ਉਨ੍ਹਾਂ ਨੇ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ‘ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੋਹਰੇ ਮਾਪਦੰਡ ਅਪਨਾਉਣ ਵਿੱਚ ਮਾਹਿਰ ਹਨ। ਉਨ੍ਹਾਂ ਨੇ ਵਿਰੋਧੀ ਆਗੂਆਂ ਨੂੰ ਕਿਹਾ ਕਿ ਬੇਹਤਰ ਹੋਵੇਗਾ ਜੇ ਉਹ ਆਪਣੇ ਕੰਮ ਨਾਲ ਮਤਲਬ ਰੱਖਣ ਅਤੇ ਕਾਂਗਰਸ ਵਿੱਚ ਝਾਤੀ ਮਾਰਨ ਦੀ ਬਜਾਏ ਆਪਣਾ ਘਰ ਸੰਭਾਲਣ।
‘ਆਪ’ ਨੂੰ ਅਦਾਲਤ ‘ਤੇ ਵਿਸ਼ਵਾਸ ਕਿਉਂ ਨਹੀਂ : ਕੈਪਟਨ
‘ਆਪ’ ਵਿਧਾਇਕ ਖ਼ਿਲਾਫ਼ ਛੇੜਛਾੜ ਦੇ ਗੰਭੀਰ ਦੋਸ਼ ਲੱਗਣ ਉਤੇ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ ਬਾਹਰ ਧਰਨਾ ਮਾਰਨ ਉਪਰ ਸਵਾਲ ਖੜ੍ਹਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤਾਂ ‘ਤੇ ਭਰੋਸਾ ਕਿਉਂ ਨਹੀਂ ਹੈ? ਉਨ੍ਹਾਂ ਪਾਰਟੀ ਦੀਆਂ ਅੰਦੋਲਨ ਅਤੇ ਬਲੈਕਮੇਲ ਕਰਨ ਸਬੰਧੀ ਹਰਕਤਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਕ ਔਰਤ ਨਾਲ ਕਥਿਤ ਛੇੜਛਾੜ ਤੇ ਇਕ ਬਜ਼ੁਰਗ ਨੂੰ ਚਪੇੜ ਮਾਰਨ ਦੇ ਮਾਮਲੇ ਵਿੱਚ ਆਪਣੇ ਇਕ ਵਿਧਾਇਕ ਦੀ ਗ੍ਰਿਫ਼ਤਾਰੀ ਉਪਰ ਇਸ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ ਦੋਹਰੇ ਮਾਪਦੰਡਾਂ ਤੇ ਸਿਆਸੀ ਬਲੈਕਮੇਲ ਦੀ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਨੂੰ ਭੇਜੇ ਨੋਟਿਸ ਦਾ ਸਮਰਥਨ ਕੀਤਾ ਸੀ, ਹੁਣ ਉਹ ਆਪਣੇ ਮਾਮਲੇ ਨੂੰ ਸਿਆਸੀ ਦੁਸ਼ਮਣੀ ਦੱਸਦੀ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …