ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸਿਆ ਫੇਲ੍ਹ ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਮਿਲ ਰਹੀ ਮੁਫਤ ਬਿਜਲੀ ਦੀ ਸਹੂਲਤ ਵਾਪਸ ਨਹੀਂ ਲਈ ਜਾਵੇਗੀ। ਕੈਪਟਨ ਨੇ ਕਿਹਾ ਅਜਿਹਾ ਪ੍ਰਚਾਰ ਵਿਰੋਧੀਆਂ ਵਲੋਂ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਿਆ ਜਾਵੇਗਾ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਫੇਲ ਮੁੱਖ ਮੰਤਰੀ ਦੱਸਿਆ। ਸੁਖਬੀਰ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਮੌਕੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਤੇ ਹਰ ਪਾਸੇ ਨਸ਼ੇ ਨੇ ਆਪਣੇ ਪੈਰ ਪਸਾਰ ਰੱਖੇ ਹਨ।

