ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਮਹਿਲਾ ਨੇਤਾ ਆਸ਼ਾ ਕੁਮਾਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ਦੀ ਨਿਖੇਧੀ ਕੀਤੀ ਹੈ।
ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਭਾਵੇਂ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਭ੍ਰਿਸ਼ਟ ਤੇ ਦਾਗੀ ਨੇਤਾਵਾਂ ਨੂੰ ਉੱਚੇ ਅਹੁਦਿਆਂ ‘ਤੇ ਬਿਠਾਉਣ ਨਾਲ ਕਾਂਗਰਸ ਦੀ ਭ੍ਰਿਸ਼ਟਾਚਾਰ ਪ੍ਰਤੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਕਾਂਗਰਸ ਕੋਲ ਹੁਣ ਚੰਗੇ ਅਤੇ ਸਾਫ਼ ਦਿੱਖ ਵਾਲੇ ਨੇਤਾਵਾਂ ਦੀ ਅਣਹੋਂਦ ਹੈ। ਕਾਂਗਰਸ ਕਦੀ ਸਿੱਖਾਂ ਦੇ ਕਤਲੇਆਮ ਵਿੱਚ ਸ਼ਾਮਲ ਨੇਤਾ ਅਤੇ ਕਦੇ ਕਥਿਤ ਜ਼ਮੀਨ ਦੱਬਣ ਕਰ ਕੇ ਦੋਸ਼ੀ ਐਲਾਨੇ ਲੀਡਰਾਂ ਨੂੰ ਪੰਜਾਬ ਭੇਜ ਰਹੀ ਹੈ। ‘ਆਪ’ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਦੋਸ਼ ਲਾਇਆ ਕਿ ਮੰਤਰੀ ਰਹਿੰਦੇ ਹੋਏ ਆਸ਼ਾ ਕੁਮਾਰੀ ਉਪਰ ਜੰਗਲਾਤ ਵਿਭਾਗ ਨਾਲ ਸਬੰਧਤ ਜ਼ਮੀਨ ਦੱਬਣ ਦਾ ਮਾਮਲਾ ਸਾਹਮਣੇ ਆਇਆ ਸੀ।
ਉਨ੍ਹਾਂ ਦੋਸ਼ ਲਾਇਆ ਕਿ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਲੁਧਿਆਣਾ ਸਿਟੀ ਸੈਂਟਰ ਘੁਟਾਲਾ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਜ਼ਮੀਨ ਘੁਟਾਲੇ ਸਮੇਤ ਕਈ ਦੋਸ਼ਾਂ ਵਿੱਚ ਘਿਰੇ ਹੋਏ ਹਨ। ਇਸ ਤੋਂ ਪਤਾ ਚਲਦਾ ਹੈ ਕਿ ਭ੍ਰਿਸ਼ਟਾਚਾਰ ਹੁਣ ਕਾਂਗਰਸ ਲਈ ਕੋਈ ਵੱਡਾ ਮੁੱਦਾ ਨਹੀਂ ਰਿਹਾ ਕਿਉਂਕਿ ਕੈਪਟਨ ਦੀ ਪਤਨੀ ਅਤੇ ਵਿਧਾਇਕਾ ਪ੍ਰਨੀਤ ਕੌਰ ਅਤੇ ਪੁੱਤਰ ਰਣਇੰਦਰ ਸਿੰਘ ਨੂੰ ਵੀ ਸਵਿੱਸ ਬੈਂਕਾਂ ਵਿੱਚ ਕਾਲੇ ਧਨ ਕਾਰਨ ਈਡੀ ਤੇ ਆਈਟੀ ਵਿਭਾਗ ਵੱਲੋਂ ਸੰਮਨ ਕੀਤੇ ਜਾ ਚੁੱਕੇ ਹਨ।
ਸੋਨੀਆ ਨੂੰ ਮੇਰੇ ‘ਤੇ ਪੂਰਾ ਭਰੋਸਾ: ਆਸ਼ਾ ਕੁਮਾਰੀ
ਨਵੀਂ ਦਿੱਲੀ: ਕਾਂਗਰਸ ਦੀ ਪੰਜਾਬ ਮਾਮਲਿਆਂ ਬਾਰੇ ਨਵ ਨਿਯੁਕਤ ਇੰਚਾਰਜ ਆਸ਼ਾ ਕੁਮਾਰੀ ਨੇ ਅਸਤੀਫ਼ਾ ਦੇਣ ਦੀ ਮੰਗ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਾਰਟੀ ਮੁਖੀ ਸੋਨੀਆ ਗਾਂਧੀ ਨੇ ਉਨ੍ਹਾਂ ‘ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਸਜ਼ਾ ਹੋਣ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੀ ਆਸ਼ਾ ਕੁਮਾਰੀ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਆਸ਼ਾ ਕੁਮਾਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਨੇ ਮੈਨੂੰ ਜਿਹੜੀ ਜ਼ਿੰਮੇਵਾਰੀ ਦਿੱਤੀ ਹੈ ਮੈਂ ਉਸ ਨੂੰ ਤਨਦੇਹੀ ਅਤੇ ਪੂਰੀ ਲਗਨ ਨਾਲ ਪੂਰੀ ਕਰਾਂਗੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …