ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਪਾਰਟੀ ਦੀ ਸਕੱਤਰ ਆਸ਼ਾ ਕੁਮਾਰੀ ਨੂੰ ਆਗਾਮੀ ਚੋਣਾਂ ਵਾਲੇ ਸੂਬੇ ਪੰਜਾਬ ਵਿੱਚ ਪਾਰਟੀ ਮਾਮਲਿਆ ਦੀ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਕਮਲ ਨਾਥ ਦੀ ਥਾਂ ਹੋਈ। ਵਿਰੋਧੀ ਧਿਰ ਵੱਲੋਂ ਕੀਤੇ ਹੰਗਾਮੇ ਕਾਰਨ ਕਮਲ ਨਾਥ ਨੂੰ ਅਸਤੀਫ਼ਾ ਦੇਣਾ ਪਿਆ ਸੀ ਪਰ ਨਵੀਂ ਨਿਯੁਕਤੀ ਉਤੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ ਕਿਉਂਕਿ ਆਸ਼ਾ ਕੁਮਾਰੀ ਨੂੰ ਜ਼ਮੀਨ ਘੁਟਾਲੇ ਦੇ ਕੇਸ ਵਿੱਚ ਸਜ਼ਾ ਹੋ ਚੁੱਕੀ ਹੈ।
ਹਿਮਾਚਲ ਪ੍ਰਦੇਸ਼ ਵਿੱਚ ਡਲਹੌਜ਼ੀ ਤੋਂ ਵਿਧਾਇਕ ਆਸ਼ਾ ਕੁਮਾਰੀ ਨੂੰ ਚੰਬਾ ਦੀ ਇਕ ਅਦਾਲਤ ਨੇ ਇਸ ਸਾਲ ਫਰਵਰੀ ਵਿੱਚ ਇਕ ਸਾਲ ਦੀ ਸਜ਼ਾ ਸੁਣਾਈ ਸੀ ਪਰ ਉਹ ਇਸ ਸਮੇਂ ਜ਼ਮਾਨਤ ਉਤੇ ਹੈ। ਜ਼ਿਕਰਯੋਗ ਹੈ ਕਿ ਕਮਲ ਨਾਥ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾਏ ਜਾਣ ਤੋਂ ਤਿੰਨ ਦਿਨ ਬਾਅਦ ਹੀ ਅਸਤੀਫ਼ਾ ਦੇਣਾ ਪਿਆ ਕਿਉਂਕਿ ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀ 1984 ਦੇ ਸਿੱਖ ਕਤਲੇਆਮ ਵਿੱਚ ਕਥਿਤ ਭੂਮਿਕਾ ਕਾਰਨ ਕਾਫੀ ਹੰਗਾਮਾ ਕੀਤਾ ਸੀ। ਆਸ਼ਾ ਕੁਮਾਰੀ ਨੂੰ 26 ਫਰਵਰੀ ਨੂੰ ਚੰਬਾ ਦੀ ਇਕ ਅਦਾਲਤ ਨੇ ਜ਼ਮੀਨ ਘੁਟਾਲੇ ਦੇ ਕੇਸ ਵਿੱਚ ਦੋਸ਼ੀ ਠਹਿਰਾਇਆ ਸੀ ਅਤੇ ਉਨ੍ਹਾਂ ਨੂੰ ਇਕ ਸਾਲ ਦੀ ਸਜ਼ਾ ਤੋਂ ਇਲਾਵਾ ਅੱਠ ਹਜ਼ਾਰ ਰੁਪਏ ਜੁਰਮਾਨਾ ਕੀਤਾ ਸੀ। ਅਦਾਲਤ ਨੇ ਉਨ੍ਹਾਂ ਨੂੰ ਫੌਜਦਾਰੀ ਸਾਜ਼ਿਸ਼ ਦਾ ਦੋਸ਼ੀ ਪਾਇਆ। 19 ਮਾਰਚ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਇਸ ਸਜ਼ਾ ਨੂੰ ਮੁਲਤਵੀ ਕਰ ਦਿੱਤਾ। ਏਆਈਸੀਸੀ ਦੀ ਸਕੱਤਰ ਤੇ ਚਾਰ ਵਾਰ ਤੋਂ ਲਗਾਤਾਰ ਵਿਧਾਇਕ ਆਸ਼ਾ ਕੁਮਾਰੀ ਤੇ ਛੇ ਹੋਰ ਵਿਅਕਤੀ ਇਕ ਦਹਾਕੇ ਤੋਂ ਇਸ ਕੇਸ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਭਾਜਪਾ ਦੇ ਆਗੂ ਵਿਨੀਤ ਜੋਸ਼ੀ ਨੇ ਕਿਹਾ ਕਿ ਇਹ ਨਿਯੁਕਤੀ ਮੰਦਭਾਗੀ ਹੈ। ਪਹਿਲਾ ਕਮਲ ਨਾਥ ਤੇ ਹੁਣ ਆਸ਼ਾ ਕੁਮਾਰੀ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾਇਆ ਗਿਆ, ਜਿਨ੍ਹਾਂ ਨੂੰ ਹਾਲ ਹੀ ਵਿੱਚ ਅਦਾਲਤ ਨੇ ਸਜ਼ਾ ਸੁਣਾਈ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਚੰਗੇ ਆਗੂ ਹੀ ਨਹੀਂ ਹਨ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …