ਦਿੱਲੀ ਹਾਈਕੋਰਟ ਹੁਣ 12 ਮਾਰਚ ਨੂੰ ਕਰੇਗੀ ਅਗਲੀ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਿੰਸਾ ਅਤੇ ਇਸ ਲਈ ਜ਼ਿੰਮੇਵਾਰ ਦੱਸੇ ਜਾ ਰਹੇ ਭਾਜਪਾ ਆਗੂਆਂ ਦੇ ਭੜਕਾਊ ਬਿਆਨਾਂ ਦੇ ਮਾਮਲੇ ‘ਤੇ ਅੱਜ ਦਿੱਲੀ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਨੂੰ 12 ਮਾਰਚ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ ਅਤੇ ਫਿਰ ਇਸ ‘ਤੇ ਸੁਣਵਾਈ ਹੋਵੇਗੀ। ਅਦਾਲਤ ਨੇ ਹਿੰਸਾ ਦੇ ਮਾਮਲੇ ਵਿਚ ਗ੍ਰਿਫਤਾਰ ਵਿਅਕਤੀਆਂ ਦੇ ਨਾਮ ਸਾਹਮਣੇ ਲਿਆਉਣ ਵਾਲੀ ਮੰਗ ‘ਤੇ ਦਿੱਲੀ ਸਰਕਾਰ ਅਤੇ ਪੁਲਿਸ ਨੂੰ ਨੋਟਿਸ ਵੀ ਦਿੱਤਾ। ਜ਼ਿਕਰਯੋਗ ਹੈ ਨਾਗਕਿਰਤਾ ਸੋਧ ਕਾਨੂੰਨ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ ਵਿਚ ਵਿਰੋਧ ਪ੍ਰਦਰਸ਼ਨ ਹੋਏ ਅਤੇ ਇਨ੍ਹਾਂ ਪ੍ਰਦਰਸ਼ਨਾਂ ਨੇ ਦਿੱਲੀ ਦੇ ਇਕ ਹਿੱਸੇ ਵਿਚ ਹਿੰਸਕ ਰੂਪ ਅਖਤਿਆਰ ਕਰ ਲਿਆ ਸੀ। ਜਿਸ ਕਾਰਨ 53 ਵਿਅਕਤੀਆਂ ਦੀ ਜਾਨ ਚਲੀ ਗਈ ਸੀ, ਕਈ ਵਿਅਕਤੀ ਜ਼ਖ਼ਮੀ ਵੀ ਹੋਏ ਸਨ ਅਤੇ ਨਿੱਜੀ ਤੇ ਸਰਕਾਰੀ ਜਾਇਦਾਦਾਂ ਦਾ ਵੀ ਵੱਡਾ ਨੁਕਸਾਨ ਹੋਇਆ ਸੀ। ਜ਼ਿਕਰਯੋਗ ਹੈ ਕਿ ਦਿੱਲੀ ਚੋਣਾਂ ਤੋਂ ਪਹਿਲਾਂ ਭਾਜਪਾ ਆਗੂ ਅਨੁਰਾਗ ਠਾਕਰ, ਪਰਵੇਸ਼ ਵਰਮਾ ਅਤੇ ਕਪਿਲ ਮਿਸ਼ਰਾ ਨੇ ਭੜਕਾਊ ਨਾਅਰੇ ਲਗਾਏ ਸਨ ਅਤੇ ਉਨ੍ਹਾਂ ਨੂੰ ਦਿੱਲੀ ਹਿੰਸਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …