ਇਕ ਮੌਤ – ਕਈ ਸਵਾਰੀਆਂ ਦੇ ਹੱਥ ਤੇ ਪੈਰ ਹੋਏ ਕੱਟ
ਗੁਰਦਾਸਪੁਰ/ਬਿਊਰੋ ਨਿਊਜ਼
ਅੱਜ ਸਵੇਰੇ ਗੁਰਦਾਸਪੁਰ ਨੇੜੇ ਪੈਂਦੇ ਕਸਬਾ ਧਾਰੀਵਾਲ ਕੋਲ ਇਕ ਟੂਰਿਸਟ ਬੱਸ ਪੁਲ ਤੋਂ ਹੇਠਾਂ ਡਿੱਗ ਕੇ ਪਲਟ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 47 ਸਵਾਰੀਆਂ ਜ਼ਖ਼ਮੀ ਹੋਈਆਂ, ਜਿਨ੍ਹਾਂ ਵਿਚੋਂ ਕਈ ਸਵਾਰੀਆਂ ਦੇ ਹੱਥ ਤੇ ਪੈਰ ਕੱਟ ਹੋ ਗਏ। ਇਹ ਬੱਸ ਜੰਮੂ ਤੋਂ ਅੰਮ੍ਰਿਤਸਰ ਜਾ ਰਹੀ ਸੀ ਅਤੇ ਤੇਜ਼ ਰਫਤਾਰ ਹੋਣ ਕਰਕੇ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਕੇ ਪੁਲ ਤੋਂ ਹੇਠਾਂ ਡਿੱਗ ਕੇ ਪਲਟ ਗਈ। ਪੁਲਿਸ ਅਤੇ ਇਲਾਕੇ ਦੇ ਲੋਕਾਂ ਨੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀਆਂ ਨੂੰ ਹਸਪਤਾਲਾਂ ਵਿਚ ਪਹੁੰਚਾਇਆ। ਬੱਸ ਦਾ ਡਰਾਈਵਰ ਅਤੇ ਕੰਡਕਟਰ ਦੋਵੇਂ ਹੀ ਫਰਾਰ ਦੱਸੇ ਜਾ ਰਹੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬੱਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।