ਅਜੇ ਤਾਂ ਮੈਂ ਜਵਾਨ ਹਾਂ : ਅਮਰਿੰਦਰ
3 ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤ ਵਿੱਚ ਬਣੇ ਰਹਿਣ ਅਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਆਪਣੀ ਸਰਕਾਰ ਦੇ ਗਠਨ ਦੀ ਤੀਜੀ ਵਰ੍ਹੇਗੰਢ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, ”ਮੈਂ ਅਜੇ ਵੀ ਪੂਰਾ ਜਵਾਨ ਹਾਂ। ਕੀ ਤੁਸੀਂ ਸੋਚਦੇ ਹੋ ਕਿ ਚੋਣਾਂ ਲੜਨ ਲਈ ਮੈਂ ਬੁੱਢਾ ਹੋ ਗਿਆਂ?” ਕ੍ਰਿਕਟ ਦੇ ਮੈਦਾਨ ‘ਚੋਂ ਸਿਆਸਤ ‘ਚ ਆਏ ਨਵਜੋਤ ਸਿੰਘ ਸਿੱਧੂ ਦੀ ਮੌਜੂਦਾ ਭੂਮਿਕਾ ਤੇ ਰੁਤਬੇ ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੰਤਰੀ ਕਾਂਗਰਸ ਪਾਰਟੀ ਅਤੇ ਟੀਮ ਦਾ ਹਿੱਸਾ ਹਨ ਅਤੇ ਕਿਸੇ ਵੀ ਫੈਸਲੇ ‘ਤੇ ਅਸੀਂ ਉਸ ਦੀਆਂ ਇਛਾਵਾਂ ‘ਤੇ ਵਿਚਾਰ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਿੱਧੂ ਨਾਲ ਕੋਈ ਜ਼ਾਤੀ ਮਸਲਾ ਨਹੀਂ ਹੈ। ਮੁੱਖ ਮੰਤਰੀ ਨੇ ਸਰਕਾਰ ਦੀਆਂ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦਾਅਵਾ ਕੀਤਾ ਕਿ ਬਰਗਾੜੀ ‘ਚ ਵਾਪਰੀ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ‘ਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖਣਨ, ਸ਼ਰਾਬ, ਨਸ਼ਾ ਤੇ ਟਰਾਂਸਪੋਰਟ ਮਾਫੀਆ ਜਾਂ ਗੁੰਡਿਆਂ, ਗੈਂਗਸਟਰਾਂ ਤੇ ਅੱਤਵਾਦੀਆਂ ਨੂੰ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ‘ਚੋਂ ਵੱਡੇ ਗੈਂਗਸਟਰਾਂ ਨੂੰ ਤਬਦੀਲ ਕਰਨ ਲਈ ਉਹ ਖੁਦ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲ ਕਰਨਗੇ। ਉਨ੍ਹਾਂ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ ਇਕ ਲੱਖ ਸਰਕਾਰੀ ਅਸਾਮੀਆਂ ਭਰੀਆਂ ਜਾਣਗੀਆਂ, ਜਿਨ੍ਹਾਂ ਦੀ ਚੋਣ ਦਾ ਕੰਮ ਪਾਰਦਰਸ਼ਤਾ ਅਤੇ ਮੈਰਿਟ ਆਧਾਰ ‘ਤੇ ਹੋਵੇਗਾ। ਉਨ੍ਹਾਂ ਕਿਹਾ ਕਿ 2022 ਤੱਕ ਕੁੱਲ 20 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ ਪੂਰਾ ਕੀਤਾ ਜਾਵੇਗਾ। ਟਰਾਂਸਪੋਰਟ ਮਾਫੀਆ ਖਿਲਾਫ ਕਾਰਵਾਈ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਹੂਬਹੂ ਲਾਗੂ ਕਰੇਗੀ, ਜਿਸ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਰੇ ਗੈਰਕਾਨੂੰਨੀ ਪਰਮਿਟ ਰੱਦ ਕੀਤੇ ਜਾਣਗੇ। ਉਨ੍ਹਾਂ ਆਮ ਬੱਸਾਂ ਉਤੇ ਰੋਡ ਟੈਕਸ ‘ਤੇ ਲੱਗਣ ਵਾਲਾ ਸੈੱਸ 3.08 ਰੁਪਏ ਤੋਂ ਘਟਾ ਕੇ 2.96 ਰੁਪਏ ਕਰਨ ਦਾ ਐਲਾਨ ਕੀਤਾ ਅਤੇ ਨਾਲ ਹੀ ਟਰਾਂਸਪੋਰਟਰਾਂ ਵੱਲੋਂ ਸਰਕਾਰੀ ਬਕਾਏ ਦੀ ਅਦਾਇਗੀ ‘ਤੇ ਜੁਰਮਾਨੇ ਦੇ ਵਿਆਜ ਦਾ ਨਿਪਟਾਰਾ ਕਰਨ ਲਈ ਵਿਸ਼ੇਸ਼ ਯਕਮੁਸ਼ਤ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …