ਕਰੋਨਾ ਵਾਇਰਸ ਦਾ ਪ੍ਰਕੋਪ ਘਟਣ ਤੋਂ ਬਾਅਦ ਰੱਖੀ ਜਾਵੇਗੀ ਨਵੀਂ ਤਰੀਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਸਬੰਧੀ ਜਨਰਲ ਇਜਲਾਸ ਤਿੰਨ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਕੋਰੋਨਾਵਾਇਰਸ ਕਾਰਨ ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਅੰਮ੍ਰਿਤਸਰ ਵਿੱਚ ਅੱਜ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਹੈ। ਇਹ ਬਜਟ ਇਜਲਾਸ 28 ਮਾਰਚ ਨੂੰ ਹੋਣਾ ਸੀ, ਇਸ ਨੂੰ ਤਿੰਨ ਮਹੀਨੇ ਲਈ ਮੁਲਤਵੀ ਕਰਕੇ ਨੱਬੇ ਦਿਨਾਂ ਦੇ ਖਰਚਿਆਂ ਦੀ ਪ੍ਰਵਾਨਗੀ ਦੇ ਦਿੱਤੀ ਗਈ। ਅੰਮ੍ਰਿਤਸਰ ਦੇ ਗੁਰੂ ਰਾਮਦਾਸ ਮੈਡੀਕਲ ਕਾਲਜ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਮੈਂਬਰਾਂ ਨਾਲ ਮੀਟਿੰਗ ਉਪਰੰਤ ਇਹ ਫੈਸਲਾ ਲਿਆ ਕਿ ਐਸਜੀਪੀਸੀ ਦੇ ਬਜਟ ਇਜਲਾਸ ਲਈ ਨਵੀਂ ਤਰੀਕ ਕਰੋਨਾ ਵਾਇਰਸ ਦਾ ਪ੍ਰਕੋਪ ਘਟਣ ਤੋਂ ਬਾਅਦ ਰੱਖੀ ਜਾਏਗੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਰੋਨਾਵਾਇਰਸ ਦੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹੈ ਅਤੇ ਸ਼੍ਰੋਮਣੀ ਕਮੇਟੀ ਦੀਆਂ ਸਾਰੀਆਂ ਸੇਵਾਵਾਂ ਨੂੰ ਇਸਤੇਮਾਲ ਕੀਤਾ ਜਾ ਸਕਦਾ ਹੈ।