ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਪ੍ਰਗਟਾਈ ਚਿੰਤਾ
ਚੰਡੀਗੜ੍ਹ/ਬਿਊਰੋ ਨਿਊਜ਼
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਤੋਂ ਹਿਜਰਤ ਕਰ ਰਹੇ ਪਰਵਾਸੀ ਮਜ਼ਦੂਰਾਂ ਬਾਰੇ ਚਿੱਠੀ ਲਿਖ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਮੈਂ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਦੀ ਉਨ੍ਹਾਂ ਦੇ ਘਰਾਂ ਨੂੰ ਹਿਜਰਤ ਕਰਨ ਬਾਰੇ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਨ੍ਹਾਂ ਮਜ਼ਦੂਰਾਂ ਦੇ ਵੱਡੇ ਪੱਧਰ ‘ਤੇ ਪੰਜਾਬ ਤੋਂ ਬਾਹਰ ਪਰਵਾਸ ਕਾਰਨ ਸੂਬੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਵੇਗਾ। ਇਹ ਮਜ਼ਦੂਰ ਪੰਜਾਬੀ ਅਰਥਚਾਰੇ ਦੀ ਰੀੜ ਦੀ ਹੱਡੀ ਹਨ, ਜਿਨ੍ਹਾਂ ਤੋਂ ਬਿਨਾ ਸਾਡੇ ਉਦਯੋਗਿਕ ਅਤੇ ਖੇਤੀਬਾੜੀ ਖੇਤਰ ਦੇ ਕੰਮ ਨਹੀਂ ਚੱਲ ਸਕਦੇ। ਮੈਨੂੰ ਵਿਸ਼ਵਾਸ ਹੈ ਕਿ ਇਹ ਪਰਵਾਸ ਲੌਕਡਾਊਨ ਤੋਂ ਬਾਅਦ ਸਾਡੇ ਸੂਬੇ ਦੀ ਆਰਥਿਕ ਪੁਨਰ ਸੁਰਜੀਤੀ ਨੂੰ ਪ੍ਰਭਾਵਤ ਕਰੇਗਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੇਰੀ ਬੇਨਤੀ ਹੈ ਕਿ ਸੂਬਾ ਸਰਕਾਰ ਇਨ੍ਹਾਂ ਮਜ਼ਦੂਰਾਂ ਦੇ ਘਰਾਂ ਵਜੋਂ ਰਹਿਣ ਲਈ ਤੁਰੰਤ ਸਾਰੇ ਸਰਕਾਰੀ ਸਕੂਲ, ਕਾਲਜ, ਆਈਟੀਆਈ, ਬੰਦ ਦਫ਼ਤਰਾਂ ਆਦਿ ਖੋਲ੍ਹਣ ਅਤੇ ਲੌਕਡਾਊਨ ਖਤਮ ਹੋਣ ਤੱਕ ਇਨ੍ਹਾਂ ਮਜ਼ਦੂਰਾਂ ਨੂੰ ਘੱਟੋ ਘੱਟ ਤਨਖਾਹ ਦਾ ਭੁਗਤਾਨ ਕਰੇ ਤਾਂ ਜੋ ਪਰਵਾਸੀ ਮਜ਼ਦੂਰਾਂ ਦੀ ਵਿੱਤੀ ਹਾਲਤ ਨੂੰ ਬਿਹਤਰ ਬਣਾਇਆ ਜਾ ਸਕੇ।