ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਦਿਹਾੜੀਦਾਰਾਂ ਤੇ ਕਿਸਾਨਾਂ ਨੂੰ ਮਿਲੇਗੀ ਛੋਟ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ, ਇਸ ਤੋਂ ਦੁਨੀਆ ਭਰ ਦੇ ਦੇਸ਼ ਤੇ ਮਾਹਿਰ ਬਹੁਤ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸੇ ਲਈ ਭਾਰਤ ‘ਚ ਹੁਣ ਲੌਕਡਾਊਨ ਨੂੰ 3 ਮਈ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 20 ਅਪ੍ਰੈਲ ਤੋਂ ਬਾਅਦ ਦੇਸ਼ ਦੇ ਜਿਹੜੇ ਇਲਾਕਿਆਂ ਵਿੱਚ ਕੋਰੋਨਾ ਦੇ ਮਾਮਲੇ ਘੱਟ ਹਨ, ਉੱਥੇ ਕੁਝ ਸੀਮਤ ਛੋਟਾਂ ਦਿੱਤੀਆਂ ਜਾਣਗੀਆਂ। ਮੋਦੀ ਨੇ ਕਿਹਾ ਕਿ ਦਿਹਾੜੀਦਾਰ ਮਜ਼ਦੂਰਾਂ ਤੇ ਹੋਰ ਕਾਮਿਆਂ ਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਛੋਟਾਂ ਦਿੱਤੀਆਂ ਜਾਣਗੀਆਂ ਪਰ ਜੇ ਕਿਸੇ ਨੇ ਇਨ੍ਹਾਂ ਛੋਟਾਂ ਦੀ ਉਲੰਘਣਾ ਕੀਤੀ, ਤਾਂ ਸਾਰੀਆਂ ਛੋਟਾਂ ਵਾਪਸ ਲੈ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਮਿਆਂ ਤੇ ਕਿਸਾਨਾਂ ਨੂੰ ਖ਼ਾਸ ਛੋਟ ਦਿੱਤੀ ਜਾਵੇਗੀ। ਮੋਦੀ ਨੇ ਕਿਹਾ ਕਿ ਕਿਸਾਨਾਂ ਲਈ ઠਹੁਣ ਫ਼ਸਲਾਂ ਦੀ ਵਾਢੀ ਦਾ ਵੇਲਾ ਹੈ ਤੇ ਸਰਕਾਰ ਉਨ੍ਹਾਂ ਦੀਆਂ ਔਕੜਾਂ ਨੂੰ ਘਟਾਉਣ ਦੇ ਯਤਨ ਕਰ ਰਹੀ ਹੈ।