ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਨੇਡਾ, ਅਮਰੀਕਾ ਅਤੇ ਭਾਰਤ ਦੇ ਅੰਦਰ ਅਤੇ ਬਾਹਰ ਹੋਰ ਥਾਵਾਂ ‘ਤੇ ਫਸੇ ਪੰਜਾਬੀ ਵਿਦਿਆਰਥੀਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਅਪੀਲਾਂ ਮਿਲ ਰਹੀਆਂ ਹਨ ਪਰ ਜਦੋਂ ਤੱਕ ਯਾਤਰਾ ਦੀਆਂ ਪਾਬੰਦੀਆਂ ਖਤਮ ਨਹੀਂ ਹੋ ਜਾਂਦੀਆਂ ਉਦੋਂ ਤੱਕ ਕੁਝ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਇੱਥੋਂ ਤਕ ਕਿ ਸੁਪਰੀਮ ਕੋਰਟ ਨੇ ਵਿਦਿਆਰਥੀਆਂ ਨੂੰ ਜਿਥੇ ਉਹ ਹਨ ਉਥੇ ਹੀ ਰਹਿਣ ਦੀ ਸਲਾਹ ਦਿੱਤੀ ਹੈ। ਪਰ ਉਨ੍ਹਾਂ ਕਿਹਾ ਕਿ ਉਹ ਖਾਸ ਕਰਕੇ ਪੰਜਾਬੀ ਵਿਦਿਆਰਥੀਆਂ ਬਾਰੇ ਚਿੰਤਤ ਹਨ ਅਤੇ ਇਸ ਮੁੱਦੇ ਨੂੰ ਢੁੱਕਵੇਂ ਸਮੇਂ ‘ਤੇ ਕੇਂਦਰ ਕੋਲ ਉਠਾਉਣਗੇ। ਮੁੱਖ ਮੰਤਰੀ ਨੇ ਇਸ ਅਚਾਨਕ ਅਤੇ ਅਣਕਿਆਸੇ ਸੰਕਟ ਕਾਰਨ ਆਪਣੀ ਸਰਕਾਰ ਦੇ ਮੈਨੀਫੈਸਟੋ ਦੇ ਵਾਅਦਿਆਂ ਪ੍ਰਤੀ ਕਿਸੇ ਵੀ ਵਚਨਬੱਧਤਾ ਨੂੰ ਨਹੀਂ ਨਕਾਰਿਆ ਅਤੇ ਉਨ੍ਹਾਂ ਐਲਾਨ ਕੀਤਾ ਕਿ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।