Breaking News
Home / ਪੰਜਾਬ / ਕਰੋਨਾ ਵਾਇਰਸ ਤੋਂ ਬਚਣ ਲਈ ਸਾਦਾ ਭੋਜਨ ਖਾਧਾ ਜਾਵੇ : ਜਥੇਦਾਰ ਗਿਆਨ ਹਰਪ੍ਰੀਤ ਸਿੰਘ

ਕਰੋਨਾ ਵਾਇਰਸ ਤੋਂ ਬਚਣ ਲਈ ਸਾਦਾ ਭੋਜਨ ਖਾਧਾ ਜਾਵੇ : ਜਥੇਦਾਰ ਗਿਆਨ ਹਰਪ੍ਰੀਤ ਸਿੰਘ

ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਲੋਕਾਈ ਨੂੰ ਅਪੀਲ ਕੀਤੀ ਹੈ ਕਿ ਕਰੋਨਾਵਾਇਰਸ ਨਾਲ ਲੜਨ ਵਾਸਤੇ ਸਰੀਰ ਦੀ ਅੰਦਰੂਨੀ ਸਮਰੱਥਾ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਇਸ ਵਾਸਤੇ ਦੇਸੀ ਭੋਜਨ ਪਰੰਪਰਾ ਨੂੰ ਅਪਣਾਇਆ ਜਾਵੇ। ਉਹ ਸੋਮਵਾਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਬਾਣੀ ਦੀ ਕਥਾ ਕਰਨ ਆਏ ਸਨ।
ਕਥਾ ਮਗਰੋਂ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਨੇ ਸਿੱਖ ਸੰਗਤ ਨੂੰ ਆਖਿਆ ਕਿ ਸਿਰਫ਼ ਤਾਲਾਬੰਦੀ ਸਮੱਸਿਆ ਦਾ ਹੱਲ ਨਹੀਂ ਹੈ। ਤਾਲਾਬੰਦੀ ਨਾਲ ਜੇ ਕੁਝ ਜਾਨਾਂ ਬਚਣਗੀਆਂ ਤਾਂ ਭੁੱਖਮਰੀ ਨਾਲ ਕਈ ਜਾਨਾਂ ਜਾਣਗੀਆਂ। ਇਸ ਲਈ ਜ਼ਰੂਰੀ ਹੈ ਕਿ ਬਾਹਰ ਦਾ ਭੋਜਨ ਤੇ ਜੰਕ ਫੂਡ ਤਿਆਗਿਆ ਜਾਵੇ। ਇਸ ਦੀ ਥਾਂ ਪੁਰਾਤਨ ਤੇ ਦੇਸੀ ਭੋਜਨ ਅਪਣਾਇਆ ਜਾਵੇ। ਉਨ੍ਹਾਂ ਆਖਿਆ ਕਿ ਵਾਇਰਸ ਤੋਂ ਬਚਣ ਲਈ ਸਰੀਰ ਦੀ ਅੰਦਰੂਨੀ ਸਮਰੱਥਾ ਮਜ਼ਬੂਤ ਕਰਨੀ ਜ਼ਰੂਰੀ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਇਲਾਜ ਵਿਚ ਹੋਈ ਲਾਪ੍ਰਵਾਹੀ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ ਸਬੰਧੀ ਉਨ੍ਹਾਂ ਆਖਿਆ ਕਿ ਪਰਿਵਾਰ ਸਮੇਤ ਸਿੱਖ ਜਗਤ ਦੇ ਮਨ ਵਿਚ ਇਸ ਸਬੰਧੀ ਕਈ ਤਰ੍ਹਾਂ ਦੇ ਸ਼ੰਕੇ ਹਨ, ਜਿਨ੍ਹਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਦੂਰ ਕੀਤਾ ਜਾਣਾ ਚਾਹੀਦਾ ਹੈ ਤੇ ਪਰਿਵਾਰ ਦੀ ਤਸੱਲੀ ਹੋਣੀ ਚਾਹੀਦੀ ਹੈ। ਖੰਨਾ ਵਿਚ ਅੰਮ੍ਰਿਤਧਾਰੀ ਵਿਅਕਤੀਆਂ ਨੂੰ ਪੁਲੀਸ ਵੱਲੋਂ ਜ਼ਲੀਲ ਕਰਨ ਅਤੇ ਉਨ੍ਹਾਂ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮਾਮਲੇ ਦੀ ਨਿੰਦਾ ਕਰਦਿਆਂ ਉਨ੍ਹਾਂ ਆਖਿਆ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਜਥੇਦਾਰ ਹਰਪ੍ਰੀਤ ਸਿੰਘ ਨੇ ਆਖਿਆ ਕਿ ਤਾਲਾਬੰਦੀ ਕਾਰਨ ਵੱਖ ਵੱਖ ਸੂਬਿਆਂ ਵਿਚ ਫਸੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਪਹੁੰਚਾਉਣ ਵਾਸਤੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਰੁਕੀ ਸਿੱਖ ਸੰਗਤ ਨੂੰ ਵਾਪਸ ਘਰਾਂ ਵਿਚ ਪਹੁੰਚਾਉਣ ਲਈ ਤੁਰੰਤ ਲੋੜੀਂਦੀ ਕਾਰਵਾਈ ਵਾਸਤੇ ਆਖਿਆ ਹੈ।ਉਨ੍ਹਾਂ ਆਖਿਆ ਕਿ ਵੱਖ ਵੱਖ ਸੂਬਿਆਂ ਵਿਚ ਫਸੇ ਲੋਕਾਂ ਨੂੰ ਘਰਾਂ ਤਕ ਪਹੁੰਚਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …