Breaking News
Home / ਪੰਜਾਬ / ਕੇਂਦਰੀ ਸਿੱਖ ਅਜਾਇਬ ਘਰ ਵਿਚ ਲੱਗੇਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ਵਿਚ ਲੱਗੇਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ

Amiteshwar Singh, son of late Bhai Nirmal Singh, former Hazoori Raagi of Golden Temple being presented turban as mark of respect during Akhand Path bhog ceremony held at Gurdwara Bibeksar Sahib in Amritsar on Sunday photo The Tribune

ਅੰਮ੍ਰਿਤਸਰ/ਬਿਊਰੋ ਨਿਊਜ਼
ਕਰੋਨਾ ਕਾਰਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਯਾਦਗਾਰ ਬਣਾਉਣ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਸ੍ਰੀ ਅਕਾਲ ਤਖਤ ਵੱਲੋਂ ਵੀ ਉਨ੍ਹਾਂ ਨੂੰ ਮਾਣ ਸਨਮਾਨ ਦੇਣ ਬਾਰੇ ਵਿਚਾਰ ਕੀਤਾ ਜਾਵੇਗਾ।
ਐਤਵਾਰ ਨੂੰ ਭਾਈ ਖਾਲਸਾ ਨਮਿਤ ਅਖੰਡ ਪਾਠ ਦੇ ਭੋਗ ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਪਾਏ ਗਏ ਹਨ, ਜਿੱਥੇ ਉਨ੍ਹਾਂ ਨਮਿਤ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ, ਜਦਕਿ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ।
ਇਸ ਮੌਕੇ ਭਾਈ ਨਿਰਮਲ ਸਿੰਘ ਦੇ ਬੇਟੇ ਅਮਿਤੇਸ਼ਵਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਉਨ੍ਹਾਂ ਦੀ ਘਾਟ ਹਮੇਸ਼ਾਂ ਰੜਕਦੀ ਰਹੇਗੀ। ਉਨ੍ਹਾਂ ਆਖਿਆ ਕਿ ਹਾਲਾਤ ਠੀਕ ਹੋਣ ਮਗਰੋਂ ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦਗਾਰ ਬਣਾਉਣ ਬਾਰੇ ਵੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ ਗਿਆ ਸ਼ੋਕ ਸੁਨੇਹਾ ਐੱਸਡੀਐੱਮ ਨੇ ਪਰਿਵਾਰ ਨੂੰ ਸੌਂਪਿਆ, ਜਿਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੋਹੀਆਂ ਵਿੱਚ ਬਣ ਰਹੀ ਆਈਟੀਆਈ ਦਾ ਨਾਂ ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਸੇ ਤਰ੍ਹਾਂ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਆਪਣੇ ਸ਼ੋਕ ਸੁਨੇਹੇ ਵਿਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸਮਾਗਮ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਵਲੋਂ ਵੀ ਪਰਿਵਾਰ ਨੂੰ ਦਸਤਾਰਾਂ ਭੇਜੀਆਂ ਗਈਆਂ ਹਨ।
ਸਿੱਖ ਪੰਥ ਹਮੇਸ਼ਾਂ ਭਾਈ ਨਿਰਮਲ ਸਿੰਘ ਖਾਲਸਾ ਦਾ ਸਤਿਕਾਰ ਕਰੇਗਾ : ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਗੁਰਮਤਿ ਸੰਗੀਤ ਦੇ ਚਮਕਦੇ ਸਿਤਾਰੇ ਸਨ। ਸਿੱਖ ਪੰਥ ਉਨ੍ਹਾਂ ਦਾ ਹਮੇਸ਼ਾਂ ਸਤਿਕਾਰ ਕਰਦਾ ਰਹੇਗਾ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖਤ ਵੱਲੋਂ ਭਾਈ ਖਾਲਸਾ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਇਕੱਤਰਤਾ ਦੌਰਾਨ ਵਿਚਾਰ ਕੀਤਾ ਜਾਵੇਗਾ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …